Wednesday, October 21Punjabi People

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸੁਨਾਮ ਵਿਖੇ 4.43 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ, 11 ਅਕਤੂਬਰ, 20226: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ 4 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਤਹਿਤ ਹਸਪਤਾਲ ਦੀ ਚਾਰਦੀਵਾਰੀ ਦੀ ਉਸਾਰੀ, ਟਿਊਬਵੈੱਲ ਲਗਾਉਣ ਅਤੇ ਸੀਵਰੇਜ ਪ੍ਰਬੰਧਾਂ ਨਾਲ ਸਬੰਧਤ ਕੰਮ ਕੀਤੇ ਜਾਣਗੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਾਰਜਾਂ ਦੇ ਪੂਰਾ ਹੋਣ ਨਾਲ ਹਸਪਤਾਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ। ਇਸ ਨਾਲ ਇਲਾਜ ਲਈ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਹੋਰ ਲੋਕਾਂ ਨੂੰ ਵਧੇਰੇ ਸੁਵਿਧਾਜਨਕ ਮਾਹੌਲ ਮਿਲੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਮਿਆਰੀ ਇਲਾਜ ਦੇ ਨਾਲ-ਨਾਲ ਸਾਫ਼ ਪਾਣੀ, ਸੁਚੱਜੀ ਨਿਕਾਸੀ, ਸਫ਼ਾਈ ਅਤੇ ਸੁਰੱਖਿਆ ਦੇ ਪ੍ਰਬੰਧ ਵੀ ਬਹੁਤ ਮਹੱਤਵਪੂਰਨ ਹਨ।

ਅਮਨ ਅਰੋੜਾ ਨੇ ਦੱਸਿਆ ਕਿ ਹਸਪਤਾਲ ਦੀ ਚਾਰਦੀਵਾਰੀ ਬਣਨ ਨਾਲ ਇਸ ਦੇ ਅਹਾਤੇ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਬਿਹਤਰ ਹੋਵੇਗੀ। ਟਿਊਬਵੈੱਲ ਦੇ ਨਿਰਮਾਣ ਨਾਲ ਪਾਣੀ ਦੀ ਉਪਲਬਧਤਾ ਵਿੱਚ ਸੁਧਾਰ ਆਵੇਗਾ, ਜਦਕਿ ਸੀਵਰੇਜ ਦੇ ਕੰਮ ਮੁਕੰਮਲ ਹੋਣ ਨਾਲ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇਗੀ। ਇਸ ਨਾਲ ਹਸਪਤਾਲ ਦੇ ਆਲੇ-ਦੁਆਲੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ, ਕਿਉਂਕਿ ਇਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲਦਾ ਹੈ। ਇਸੇ ਮਕਸਦ ਨਾਲ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ, “ਹਲਕਾ ਸੁਨਾਮ ਦੇ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਮੈਂ ਲਗਾਤਾਰ ਯਤਨਸ਼ੀਲ ਹਾਂ। ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕਰਵਾਉਣਾ ਅਤੇ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਲਿਆਉਣਾ ਮੇਰੀ ਮੁੱਖ ਤਰਜੀਹ ਹੈ। ਸਿਵਲ ਹਸਪਤਾਲ ਵਿੱਚ ਸ਼ੁਰੂ ਕੀਤੇ ਗਏ ਇਹ ਕੰਮ ਵੀ ਇਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਹਨ।

ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਮਿਲੇਗਾ ਹੁਲਾਰਾ

ਸੁਨਾਮ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਘਰਾਂ ਤੋਂ ਕੂੜਾ ਇਕੱਠਾ ਕਰਨ ਅਤੇ ਉਸ ਦੀ ਢੋਆ-ਢੁਆਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 25 ਨਵੇਂ ਈ-ਰਿਕਸ਼ਾ ਅਤੇ ਕੂੜਾ ਚੁੱਕਣ ਵਾਲੇ 15 ਟੈਂਪੂ ਖ਼ਰੀਦਣ ਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਦੇ ਆਉਣ ਨਾਲ ਸ਼ਹਿਰ ਵਿੱਚ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਹੋਰ ਸੁਚਾਰੂ ਬਣੇਗੀ।

ਉਨ੍ਹਾਂ ਦੱਸਿਆ ਕਿ ਯੋਜਨਾ ਅਨੁਸਾਰ ਗਲੀਆਂ ਅਤੇ ਮੁੱਖ ਸੜਕਾਂ ਦੇ ਕਿਨਾਰਿਆਂ ’ਤੇ ਸਥਿਤ ਦੋ-ਤਿੰਨ ਆਰਜ਼ੀ ਕੂੜਾ ਇਕੱਠਾ ਕਰਨ ਵਾਲੇ ਡੰਪ ਹਟਾਏ ਜਾਣਗੇ। ਇਸ ਤੋਂ ਬਾਅਦ ਕੂੜਾ ਸਿੱਧਾ ਬਖਸ਼ੀਵਾਲਾ ਰੋਡ ’ਤੇ ਸਥਿਤ ਮੁੱਖ ਡੰਪਿੰਗ ਗਰਾਊਂਡ ਵਿੱਚ ਪਹੁੰਚਾਇਆ ਜਾਵੇਗਾ। ਇਸ ਕਦਮ ਨਾਲ ਵੱਖ-ਵੱਖ ਥਾਵਾਂ ’ਤੇ ਕੂੜੇ ਦੇ ਢੇਰ ਲੱਗਣ ਦੀ ਸਮੱਸਿਆ ਘਟੇਗੀ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਵਿੱਚ ਸੁਧਾਰ ਆਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਸਫ਼ਾਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਯੋਗ ਦੁਕਾਨਦਾਰਾਂ ਨੂੰ ਮਿਲ ਸਕਣਗੇ ਮਾਲਕੀ ਹੱਕ

ਦੁਕਾਨਦਾਰਾਂ ਦੇ ਮਾਲਕੀ ਹੱਕਾਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ 12 ਸਾਲ ਤੋਂ ਵੱਧ ਸਮੇਂ ਤੋਂ ਕਾਬਜ਼ ਯੋਗ ਦੁਕਾਨਦਾਰਾਂ ਦੇ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੁਨਾਮ ਦੇ ਨਵੇਂ ਬਾਜ਼ਾਰ ਵਿੱਚ ਸਥਿਤ ਲਗਭਗ 47 ਤੋਂ 48 ਦੁਕਾਨਾਂ ਨਾਲ ਸਬੰਧਤ ਮਾਮਲਿਆਂ ’ਤੇ ਪਿਛਲੇ ਡੇਢ ਤੋਂ ਦੋ ਸਾਲਾਂ ਤੋਂ ਕੰਮ ਚੱਲ ਰਿਹਾ ਸੀ ਅਤੇ ਹੁਣ ਇਨ੍ਹਾਂ ਦੀ ਸਬੰਧਤ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੀਤੀ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਦੁਕਾਨਦਾਰ ਲੋੜੀਂਦੇ ਦਸਤਾਵੇਜ਼ ਅਤੇ ਨਿਰਧਾਰਤ ਰਕਮ ਜਮ੍ਹਾਂ ਕਰਵਾ ਕੇ ਬਾਕੀ ਕਾਰਵਾਈ ਮੁਕੰਮਲ ਕਰਨ ਉਪਰੰਤ ਦੁਕਾਨਾਂ ਦੀ ਰਜਿਸਟਰੀ ਆਪਣੇ ਨਾਮ ਕਰਵਾ ਸਕਦੇ ਹਨ।

ਅਖੀਰ ਵਿੱਚ ਅਮਨ ਅਰੋੜਾ ਨੇ ਪਵਿੱਤਰ ਨਵਰਾਤਰਿਆਂ ਦੀਆਂ ਪੰਜਾਬ ਦੇ ਸਮੂਹ ਵਸਨੀਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਾਮਨਾ ਕੀਤੀ ਕਿ ਮਾਤਾ ਰਾਣੀ ਸਾਰਿਆਂ ਨੂੰ ਚੰਗੀ ਸਿਹਤ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਬਖ਼ਸ਼ਣ।

Leave a Reply

Your email address will not be published. Required fields are marked *