
ਸ੍ਰੀ ਮੁਕਤਸਰ ਸਾਹਿਬ, 28 ਮਾਰਚ 2026: ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਚੁੱਕਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਪਤਾਲ ਵਿੱਚ ਨਵੀਂ ਐਕਸ-ਰੇ ਮਸ਼ੀਨ ਵੀ ਸਥਾਪਿਤ ਕੀਤੀ ਗਈ ਹੈ, ਜਿਸ ਨਾਲ ਮਰੀਜ਼ਾਂ ਨੂੰ ਤੁਰੰਤ ਅਤੇ ਉੱਚ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਹ ਹਸਪਤਾਲ 25 ਬਿਸਤਰਿਆਂ ਦੀ ਸਮਰੱਥਾ ਵਾਲਾ ਹੈ ਅਤੇ ਇਲਾਕੇ ਦੇ ਲੋਕਾਂ ਨੂੰ ਵਧੀਆ ਇਲਾਜ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਹੋਰ ਖੇਤਰਾਂ ਵਿੱਚ ਵੀ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸੜਕਾਂ ਦੇ ਨਿਰਮਾਣ ਕੰਮ ਨੂੰ ਤੇਜ਼ ਕੀਤਾ ਗਿਆ ਹੈ ਅਤੇ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਵੀ ਕੀਤੀ ਗਈ ਹੈ।
ਸ. ਖੁੱਡੀਆਂ ਨੇ ਹੋਰ ਦੱਸਿਆ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਆਰਥਿਕ ਸਹਾਇਤਾ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਦੇਣ ਦਾ ਵਾਅਦਾ ਪੂਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਏ ਜਾ ਰਹੇ ਹਨ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਕੰਮ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਗਤੀ ਬਣੀ ਰਹੇਗੀ।
ਇਸ ਮੌਕੇ ਡਾ. ਸੁਨੀਲ ਬਾਂਸਲ (ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ), ਡਾ. ਸਿੰਪਲ ਕੁਮਾਰ (ਐਸ.ਐਮ.ਓ., ਆਲਮਵਾਲਾ), ਡਾ. ਅੰਮ੍ਰਿਤਪਾਲ ਕੌਰ (ਐਸ.ਐਮ.ਓ., ਸਰਾਵਾਂ ਬੋਦਲਾਂ), ਡਾ. ਰਾਜਿੰਦਰ ਕੁਮਾਰ (ਐਸ.ਐਮ.ਓ., ਮਲੋਟ) ਸਮੇਤ ਹੋਰ ਡਾਕਟਰ, ਸਥਾਨਕ ਪ੍ਰਤੀਨਿਧੀ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀ ਹਾਜ਼ਰ ਸਨ।
