
ਚੰਡੀਗੜ੍ਹ, 5 ਅਕਤੂਬਰ 2026: ਪੰਜਾਬ ਸਰਕਾਰ ਨੇ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿੱਚ ਕਥਿਤ ਲੈਣ-ਦੇਣ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਜਾਣਕਾਰੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ CBI ਦੇ ਸਿੱਧੇ ਦਖ਼ਲ ’ਤੇ ਪਹਿਲਾਂ ਹੀ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਕਾਨੂੰਨੀ ਪੱਖ ਨੂੰ ਆਧਾਰ ਬਣਾਉਂਦਿਆਂ ਪੰਜਾਬ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਕਰੇਗੀ ਅਤੇ CBI ਜਾਂਚ ਦਾ ਵਿਰੋਧ ਕਰੇਗੀ।
ਹਾਈ ਕੋਰਟ ਨੇ CBI ਨੂੰ ਸੌਂਪੀ ਜਾਂਚ
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿੱਚ ਕਥਿਤ ਲੈਣ-ਦੇਣ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ CBI ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਲੋੜ ’ਤੇ ਜ਼ੋਰ ਦਿੰਦਿਆਂ ਇਹ ਫ਼ੈਸਲਾ ਸੁਣਾਇਆ।
ਇਹ ਮਾਮਲਾ ਪਟੀਸ਼ਨਕਰਤਾ ਨਿਖਿਲ ਸਰਾਫ਼ ਵੱਲੋਂ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਤੋਂ ਬਾਅਦ ਸਾਹਮਣੇ ਆਇਆ ਸੀ। ਪਟੀਸ਼ਨ ਵਿੱਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਕੁਝ ਵਿਅਕਤੀਆਂ ਅਤੇ ਉੱਚ ਅਧਿਕਾਰੀਆਂ ’ਤੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ। ਇਸ ਤੋਂ ਇਲਾਵਾ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਕੁਝ ਵਿਅਕਤੀਆਂ ਦੀ ਭੂਮਿਕਾ ’ਤੇ ਵੀ ਸਵਾਲ ਚੁੱਕੇ ਗਏ ਸਨ।
ED ਵੱਲੋਂ ਵੀ ਪੰਜਾਬ ਪੁਲਿਸ ਨੂੰ ਪੱਤਰ
ਮਾਮਲੇ ਨਾਲ ਜੁੜੇ ਵੇਰਵਿਆਂ ਮੁਤਾਬਕ, ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਵੀ ਇਸ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਨੂੰ ਤਿੰਨ ਪੱਤਰ ਭੇਜੇ ਗਏ ਸਨ। ਇਨ੍ਹਾਂ ਪੱਤਰਾਂ ਵਿੱਚ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਕਥਿਤ ਵਿੱਤੀ ਲੈਣ-ਦੇਣ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਜ਼ਿਕਰ ਕੀਤਾ ਗਿਆ ਸੀ।
ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਜਾਂਚ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੋਣੀ ਚਾਹੀਦੀ ਹੈ। ਬੈਂਚ ਨੇ ਪੰਜਾਬ ਪੁਲਿਸ ਵੱਲੋਂ ਹੁਣ ਤੱਕ ਕੀਤੀ ਕਾਰਵਾਈ ਨੂੰ ਸੰਤੋਸ਼ਜਨਕ ਨਾ ਮੰਨਦਿਆਂ ਜਾਂਚ ਕੇਂਦਰੀ ਏਜੰਸੀ ਨੂੰ ਸੌਂਪਣ ਦਾ ਫ਼ੈਸਲਾ ਕੀਤਾ।
CBI ਨੂੰ FIR ਦਰਜ ਕਰਕੇ ਜਾਂਚ ਦੇ ਹੁਕਮ
ਅਦਾਲਤ ਨੇ CBI ਨੂੰ ਮਾਮਲੇ ਵਿੱਚ FIR ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜਾਂਚ ਦੀ ਪ੍ਰਗਤੀ ਬਾਰੇ ਰਿਪੋਰਟ ਦੋ ਮਹੀਨਿਆਂ ਦੇ ਅੰਦਰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ।
ਹੁਣ ਪੰਜਾਬ ਸਰਕਾਰ ਵੱਲੋਂ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੇ ਐਲਾਨ ਤੋਂ ਬਾਅਦ ਮਾਮਲਾ ਅਗਲੇ ਕਾਨੂੰਨੀ ਪੜਾਅ ਵਿੱਚ ਦਾਖ਼ਲ ਹੋ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਉਹ CBI ਦੇ ਸਿੱਧੇ ਦਖ਼ਲ ਸਬੰਧੀ ਪੰਜਾਬ ਦੀ ਪਹਿਲਾਂ ਤੋਂ ਮੌਜੂਦ ਕਾਨੂੰਨੀ ਸਥਿਤੀ ਨੂੰ ਸੁਪਰੀਮ ਕੋਰਟ ਦੇ ਸਾਹਮਣੇ ਰੱਖੇਗੀ।
