Wednesday, July 29Punjabi People

ਵੋਟਰਾਂ ਦੀ ਸਹੂਲਤ ਲਈ 11-12 ਜੁਲਾਈ ਨੂੰ ਹਰ ਪੋਲਿੰਗ ਬੂਥ ‘ਤੇ ਵਿਸ਼ੇਸ਼ SIR ਕੈਂਪ: ਅਨਿੰਦਿਤਾ ਮਿੱਤਰਾ

ਚੰਡੀਗੜ੍ਹ, 9 ਜੁਲਾਈ 2026: ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਪੁਨਰ-ਸਮੀਖਿਆ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਸ ਮੁਹਿੰਮ ਅਧੀਨ ਬੂਥ ਲੈਵਲ ਅਫਸਰ (BLO) ਘਰ-ਘਰ ਜਾ ਕੇ ਯੋਗ ਵੋਟਰਾਂ ਦੇ ਗਿਣਤੀ ਫਾਰਮ ਭਰਵਾ ਰਹੇ ਹਨ। ਇਹ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ।

ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਿਣਤੀ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ) ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ‘ਤੇ ਦੋ ਰੋਜ਼ਾ ਵਿਸ਼ੇਸ਼ SIR ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਵੋਟਰ ਆਪਣੇ ਗਿਣਤੀ ਫਾਰਮ ਭਰ ਕੇ ਮੌਕੇ ‘ਤੇ ਹੀ ਜਮ੍ਹਾਂ ਕਰਵਾ ਸਕਣਗੇ ਅਤੇ ਲੋੜੀਂਦੀ ਜਾਣਕਾਰੀ ਜਾਂ ਸਹਾਇਤਾ ਵੀ ਪ੍ਰਾਪਤ ਕਰ ਸਕਣਗੇ।

ਪੰਜਾਬ ਦੀ ਮੁੱਖ ਚੋਣ ਅਧਿਕਾਰੀ (CEO) ਸ਼੍ਰੀਮਤੀ ਅਨਿੰਦਿਤਾ ਮਿੱਤਰਾ, IAS ਨੇ ਸੂਬੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣਾ ਗਿਣਤੀ ਫਾਰਮ ਨਹੀਂ ਭਰਿਆ, ਉਹ ਬਿਨਾਂ ਦੇਰੀ ਆਪਣੇ ਸੰਬੰਧਤ ਬੂਥ ਲੈਵਲ ਅਫਸਰ (BLO) ਨਾਲ ਸੰਪਰਕ ਕਰਨ ਜਾਂ 11 ਅਤੇ 12 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਫਾਰਮ ਭਰ ਕੇ ਜਮ੍ਹਾਂ ਕਰਵਾਉਣ।

ਸੀਈਓ ਨੇ ਕਿਹਾ ਕਿ ਵੋਟਰਾਂ ਦੀ ਸਰਗਰਮ ਭਾਗੀਦਾਰੀ ਇਸ ਪੂਰੀ ਪ੍ਰਕਿਰਿਆ ਦੀ ਸਫਲਤਾ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਯੋਗ ਨਾਗਰਿਕ ਦਾ ਨਾਮ 3 ਅਗਸਤ 2026 ਨੂੰ ਜਾਰੀ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਦੋਵੇਂ ਦਿਨ ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਬੂਥ ਲੈਵਲ ਅਫਸਰ (BLO) ਮੌਜੂਦ ਰਹਿਣਗੇ। ਉਹ ਵੋਟਰਾਂ ਨੂੰ ਗਿਣਤੀ ਫਾਰਮ ਭਰਨ, ਦਸਤਾਵੇਜ਼ਾਂ ਸਬੰਧੀ ਜਾਣਕਾਰੀ ਦੇਣ ਅਤੇ ਹੋਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਗੇ, ਤਾਂ ਜੋ ਪੂਰੀ ਪ੍ਰਕਿਰਿਆ ਆਸਾਨ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ।

Leave a Reply

Your email address will not be published. Required fields are marked *