Wednesday, July 29Punjabi People

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਐੱਸਆਈਆਰ ਕੈਂਪ: ਸੀਈਓ ਅਨਿੰਦਿਤਾ ਮਿਤਰਾ

ਚੰਡੀਗੜ੍ਹ, 17 ਜੁਲਾਈ: ਪੰਜਾਬ ਵਿੱਚ ਵਿਸ਼ੇਸ਼ ਤੀਬਰ ਸੋਧ (Special Intensive Revision-SIR) ਤਹਿਤ ਵੋਟਰ ਸੂਚੀਆਂ ਦੇ ਅਪਡੇਟ ਲਈ ਘਰ-ਘਰ ਗਣਨਾ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਹ ਪ੍ਰਕਿਰਿਆ 3 ਅਗਸਤ 2026 ਤੱਕ ਚੱਲੇਗੀ। ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਵੱਧ ਤੋਂ ਵੱਧ ਯੋਗ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ 19 ਜੁਲਾਈ (ਐਤਵਾਰ) ਨੂੰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਵਿਸ਼ੇਸ਼ ਐੱਸਆਈਆਰ ਕੈਂਪ ਲਗਾਇਆ ਜਾਵੇਗਾ।

ਇਹ ਵਿਸ਼ੇਸ਼ ਕੈਂਪ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਚੱਲੇਗਾ। ਇਸ ਦੌਰਾਨ ਵੋਟਰ ਆਪਣੇ ਗਣਨਾ (Enumeration) ਫਾਰਮ ਭਰ ਸਕਣਗੇ, ਜਮ੍ਹਾਂ ਕਰਵਾ ਸਕਣਗੇ ਅਤੇ ਜੇਕਰ ਕਿਸੇ ਨੂੰ ਫਾਰਮ ਭਰਨ ਵਿੱਚ ਦਿੱਕਤ ਆ ਰਹੀ ਹੈ ਤਾਂ ਮੌਕੇ ‘ਤੇ ਹੀ ਸਹਾਇਤਾ ਵੀ ਪ੍ਰਾਪਤ ਕਰ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਸੂਬੇ ਦੇ ਸਮੂਹ ਯੋਗ ਵੋਟਰਾਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਵੋਟਰਾਂ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ, ਉਹ ਬਿਨਾਂ ਦੇਰੀ ਕੀਤੇ ਆਪਣੇ ਬੂਥ ਲੈਵਲ ਅਫ਼ਸਰ (BLO) ਨਾਲ ਸੰਪਰਕ ਕਰਨ ਜਾਂ 19 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਪੂਰੀ ਕਰਨ।

ਸੀਈਓ ਨੇ ਕਿਹਾ ਕਿ ਹਰ ਯੋਗ ਨਾਗਰਿਕ ਦਾ ਨਾਮ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ (Draft Electoral Roll) ਵਿੱਚ ਸ਼ਾਮਲ ਹੋਣਾ ਬਹੁਤ ਮਹੱਤਵਪੂਰਨ ਹੈ। ਇਸ ਲਈ ਹਰ ਵੋਟਰ ਦਾ ਸਮੇਂ ਸਿਰ ਆਪਣਾ ਗਣਨਾ ਫਾਰਮ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਬੂਥ ਲੈਵਲ ਅਫ਼ਸਰ (ਬੀਐਲਓ) ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ। ਉਹ ਵੋਟਰਾਂ ਨੂੰ ਫਾਰਮ ਭਰਨ, ਦਸਤਾਵੇਜ਼ਾਂ ਸਬੰਧੀ ਜਾਣਕਾਰੀ ਦੇਣ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ, ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ।

ਚੋਣ ਵਿਭਾਗ ਨੇ ਸੂਬੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਗਣਨਾ ਫਾਰਮ ਸਮੇਂ ਸਿਰ ਜਮ੍ਹਾਂ ਕਰਵਾਉਣ। ਇਸ ਨਾਲ ਵੋਟਰ ਸੂਚੀ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਵਿੱਚ ਮਦਦ ਮਿਲੇਗੀ।

Leave a Reply

Your email address will not be published. Required fields are marked *