Saturday, May 23Punjabi People

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਬੀਐਲਏ ਨਿਯੁਕਤ ਕਰਨ ਦੀ ਅਪੀਲ

ਚੰਡੀਗੜ੍ਹ, 15 ਮਈ 2026: ਪੰਜਾਬ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਨੂੰ ਲੈ ਕੇ ਮੁੱਖ ਚੋਣ ਅਫ਼ਸਰ ਪੰਜਾਬ Anindita Mitra ਨੇ ਅੱਜ ਸੂਬੇ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਬੂਥ ਲੈਵਲ ਏਜੰਟ (ਬੀਐਲਏ) ਦੀਆਂ ਨਿਯੁਕਤੀਆਂ ਜਲਦ ਪੂਰੀਆਂ ਕਰਨ ਦੀ ਅਪੀਲ ਕੀਤੀ।

ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਐਸ.ਆਈ.ਆਰ. ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਲਈ ਬੀਐਲਏਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਬੀਐਲਓਜ਼ ਵੱਲੋਂ ਹਰ ਪੜਾਅ ‘ਤੇ ਬੀਐਲਏਜ਼ ਨਾਲ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ ਤਾਂ ਜੋ ਚੋਣ ਪ੍ਰਕਿਰਿਆ ‘ਤੇ ਲੋਕਾਂ ਦਾ ਭਰੋਸਾ ਬਣਿਆ ਰਹੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਬੀਐਲਏ-1 ਦੀ ਨਿਯੁਕਤੀ ਸਬੰਧੀ ਕਾਰਵਾਈ ਵੀ ਜਲਦੀ ਪੂਰੀ ਕਰਨ ਲਈ ਕਿਹਾ।

ਸ੍ਰੀਮਤੀ ਮਿਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ 25 ਜੂਨ ਤੋਂ 24 ਜੁਲਾਈ 2026 ਤੱਕ ਬੀਐਲਓਜ਼ ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ। ਇਸ ਮੁਹਿੰਮ ਲਈ 24,453 ਬੀਐਲਓਜ਼, 2,476 ਸੁਪਰਵਾਈਜ਼ਰ, 117 ਈਆਰਓਜ਼ ਅਤੇ 234 ਏਈਆਰਓਜ਼ ਸਮੇਤ ਵੱਡਾ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 15 ਜੂਨ ਤੋਂ 24 ਜੂਨ ਤੱਕ ਬੀਐਲਓਜ਼ ਦੀ ਟ੍ਰੇਨਿੰਗ ਅਤੇ ਹੋਰ ਤਿਆਰੀਆਂ ਮੁਕੰਮਲ ਕੀਤੀਆਂ ਜਾਣਗੀਆਂ।

ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਜਾਂ ਦੋਹਰੀ ਵੋਟ ਵਾਲੇ ਵਿਅਕਤੀਆਂ ਨੂੰ ਸੂਚੀ ਤੋਂ ਬਾਹਰ ਕਰਨਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਦੋਹਰੀ ਵੋਟ ਰੱਖਣਾ ਕਾਨੂੰਨੀ ਅਪਰਾਧ ਹੈ, ਜਿਸ ਲਈ ਇੱਕ ਸਾਲ ਤੱਕ ਦੀ ਕੈਦ ਹੋ ਸਕਦੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਦਿਹਾਤੀ ਖੇਤਰਾਂ ਵਿੱਚ 89.58 ਫੀਸਦੀ ਅਤੇ ਸ਼ਹਿਰੀ ਖੇਤਰਾਂ ਵਿੱਚ 73 ਫੀਸਦੀ ਮੈਪਿੰਗ ਦਾ ਕੰਮ ਪੂਰਾ ਹੋ ਚੁੱਕਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ ਵਿੱਚ ਇਸ ਤੋਂ ਪਹਿਲਾਂ ਸਾਲ 2003 ਵਿੱਚ ਵੀ ਐਸ.ਆਈ.ਆਰ. ਕਰਵਾਈ ਗਈ ਸੀ ਅਤੇ ਮੌਜੂਦਾ ਪ੍ਰਕਿਰਿਆ ਉਸੇ ਆਧਾਰ ‘ਤੇ ਅੱਗੇ ਵਧਾਈ ਜਾ ਰਹੀ ਹੈ।

ਮੀਟਿੰਗ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਆਪਣੇ ਸ਼ੰਕੇ ਅਤੇ ਸੁਝਾਅ ਵੀ ਰੱਖੇ, ਜਿਨ੍ਹਾਂ ਦਾ ਮੁੱਖ ਚੋਣ ਅਫ਼ਸਰ ਵੱਲੋਂ ਵਿਸਥਾਰ ਨਾਲ ਜਵਾਬ ਦਿੱਤਾ ਗਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਸਮੂਹ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਬਹੁਜਨ ਸਮਾਜ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਕਈ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਰਹੇ।

Leave a Reply

Your email address will not be published. Required fields are marked *