
ਚੰਡੀਗੜ੍ਹ/ਮੁਹਾਲੀ, 2 ਸਤੰਬਰ 2026: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਸੱਤ ਦਿਨਾਂ ਦਾ ਪੱਕਾ ਮੋਰਚਾ ਸ਼ੁਰੂ ਕੀਤੇ ਜਾਣ ਤੋਂ ਬਾਅਦ ਇਲਾਕੇ ਵਿੱਚ ਟ੍ਰੈਫਿਕ ਪ੍ਰਬੰਧ ਪ੍ਰਭਾਵਿਤ ਹੋਏ ਹਨ। ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚਣ ਅਤੇ ਸੜਕ ਦੇ ਇੱਕ ਪਾਸੇ ਵਾਹਨ ਖੜ੍ਹੇ ਕੀਤੇ ਜਾਣ ਕਾਰਨ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਆਮ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਟ੍ਰੈਫਿਕ ਪੁਲਿਸ ਮੁਤਾਬਕ ਮੋਰਚੇ ਦੇ ਮੱਦੇਨਜ਼ਰ ਕੁਝ ਰਸਤਿਆਂ ’ਤੇ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ, ਜਦਕਿ ਕਈ ਥਾਵਾਂ ’ਤੇ ਟ੍ਰੈਫਿਕ ਦੀ ਆਵਾਜਾਈ ਸੀਮਤ ਕਰ ਦਿੱਤੀ ਗਈ ਹੈ। ਪੁਲਿਸ ਨੇ ਵਾਹਨ ਚਾਲਕਾਂ ਨੂੰ ਪ੍ਰਭਾਵਿਤ ਰੂਟਾਂ ਤੋਂ ਬਚਣ ਅਤੇ ਸੰਭਵ ਹੋਵੇ ਤਾਂ ਬਦਲਵੇਂ ਮਾਰਗਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਕਈ ਰਸਤਿਆਂ ’ਤੇ ਪਾਬੰਦੀ
ਚੰਡੀਗੜ੍ਹ ਟ੍ਰੈਫਿਕ ਪੁਲਿਸ ਅਨੁਸਾਰ ਫੈਦਾਂ ਬੈਰੀਅਰ ਤੋਂ ਪੂਰਵ ਮਾਰਗ ਰਾਹੀਂ ਚੰਡੀਗੜ੍ਹ ਵੱਲ ਜਾਣ ਵਾਲੀ ਸੜਕ ਦੇ ਇੱਕ ਹਿੱਸੇ ’ਤੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਡਾਇਵਰਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਟੀ-ਪੁਆਇੰਟ, ਸੈਕਟਰ-48 ਲਾਈਟ ਪੁਆਇੰਟ (ਵਾਈਨ ਸ਼ਾਪ ਨੇੜੇ) ਤੋਂ ਸੈਕਟਰ-48 ਦੀ ਅੰਦਰੂਨੀ ਸੜਕ ਵੱਲ ਜਾਣ ਵਾਲੀ ਆਵਾਜਾਈ ਨੂੰ ਵੀ ਪੂਰੀ ਤਰ੍ਹਾਂ ਸੀਮਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਸੈਕਟਰ-48/49 ਅਤੇ ਸੈਕਟਰ-49/50 ਦੀਆਂ ਡਿਵਾਈਡਿੰਗ ਸੜਕਾਂ ਤੋਂ ਚੰਡੀਗੜ੍ਹ ਵੱਲ ਜਾਣ ਵਾਲੇ ਟ੍ਰੈਫਿਕ ’ਤੇ ਵੀ ਪਾਬੰਦੀ ਲਗਾਈ ਗਈ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਰਸਤਿਆਂ ਦੀ ਬਜਾਏ ਵਿਕਲਪਿਕ ਮਾਰਗਾਂ ਰਾਹੀਂ ਆਪਣੀ ਮੰਜ਼ਿਲ ਤੱਕ ਪਹੁੰਚਣ।
ਸੜਕ ਦਾ ਇੱਕ ਪਾਸਾ ਪੂਰੀ ਤਰ੍ਹਾਂ ਬੰਦ
ਕਿਸਾਨਾਂ ਵੱਲੋਂ ਮੁਹਾਲੀ ਦੇ ਫੇਜ਼-11 ਤੋਂ ਚੰਡੀਗੜ੍ਹ ਦੇ ਸੈਕਟਰ-48 ਤੱਕ ਸੜਕ ਦੇ ਇੱਕ ਪਾਸੇ ਸੈਂਕੜੇ ਟਰੈਕਟਰ-ਟਰਾਲੀਆਂ ਖੜ੍ਹੀਆਂ ਕਰਕੇ ਪੱਕੇ ਡੇਰੇ ਲਗਾਏ ਗਏ ਹਨ। ਇਸ ਕਾਰਨ ਮੁਹਾਲੀ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਸੜਕ ਦਾ ਇੱਕ ਪਾਸਾ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਹੈ, ਜਦਕਿ ਦੂਜੇ ਪਾਸੇ ਆਵਾਜਾਈ ਚਲਾਉਣ ਦੇ ਪ੍ਰਬੰਧ ਕੀਤੇ ਗਏ ਹਨ।
ਦੂਜੇ ਪਾਸੇ ਚੰਡੀਗੜ੍ਹ ਪੁਲਿਸ ਨੇ ਸੈਕਟਰ-48 ਦੀ ਸੜਕ ’ਤੇ ਕਿਸਾਨਾਂ ਦੀ ਸਟੇਜ ਅਤੇ ਪੰਡਾਲ ਦੇ ਪਿਛਲੇ ਪਾਸੇ ਕੰਡੇਦਾਰ ਤਾਰਾਂ ਦੀ ਤੀਹਰੀ ਬੈਰੀਕੇਡਿੰਗ ਕੀਤੀ ਹੈ। ਇਲਾਕੇ ਵਿੱਚ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਰੈਪਿਡ ਐਕਸ਼ਨ ਫੋਰਸ (RAF) ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।
ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਕੀਤੀ ਅਪੀਲ
ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਪ੍ਰਭਾਵਿਤ ਰਸਤਿਆਂ ’ਤੇ ਜਾਣ ਤੋਂ ਬਚਣ ਅਤੇ ਜ਼ਰੂਰਤ ਪੈਣ ’ਤੇ ਬਦਲਵੇਂ ਰੂਟਾਂ ਦੀ ਵਰਤੋਂ ਕਰਨ। ਪੁਲਿਸ ਨੇ ਲੋਕਾਂ ਨੂੰ ਆਪਣੇ ਸਫ਼ਰ ਦੀ ਯੋਜਨਾ ਪਹਿਲਾਂ ਬਣਾਉਣ ਅਤੇ ਟ੍ਰੈਫਿਕ ਨਾਲ ਸਬੰਧਤ ਤਾਜ਼ਾ ਜਾਣਕਾਰੀ ਲਈ ਪੁਲਿਸ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਜ਼ ’ਤੇ ਨਜ਼ਰ ਰੱਖਣ ਲਈ ਕਿਹਾ ਹੈ।
ਟ੍ਰੈਫਿਕ ਅਪਡੇਟ ਲਈ ਲੋਕ ਐਕਸ (@trafficchd), ਇੰਸਟਾਗ੍ਰਾਮ (@trafficchd) ਅਤੇ ਫੇਸਬੁੱਕ (@ChandigarhTrafficPolice) ’ਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਹਾਲਾਂਕਿ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਹੈ ਕਿ ਮੋਰਚੇ ਦੌਰਾਨ ਆਮ ਲੋਕਾਂ ਦੀ ਆਵਾਜਾਈ ਵਿੱਚ ਬੇਲੋੜਾ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕ ਦੇ ਦੂਜੇ ਪਾਸੇ ਟ੍ਰੈਫਿਕ ਚਾਲੂ ਰੱਖਣ ਲਈ ਉਹ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣਗੇ।
ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਸੱਤ ਦਿਨਾਂ ਦਾ ਪੱਕਾ ਕਿਸਾਨ ਮੋਰਚਾ
ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਅਤੇ ਪੰਜਾਬ ਨਾਲ ਸਬੰਧਤ ਅਹਿਮ ਮੰਗਾਂ ਨੂੰ ਲੈ ਕੇ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਸੱਤ ਦਿਨਾਂ ਦਾ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ ਹੈ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਇੱਥੇ ਪਹੁੰਚੇ ਹਨ।
ਕਿਸਾਨਾਂ ਵੱਲੋਂ ਮੋਰਚੇ ਵਾਲੇ ਸਥਾਨ ’ਤੇ ਕਰੀਬ ਦੋ ਕਿਲੋਮੀਟਰ ਤੋਂ ਵੱਧ ਲੰਮੇ ਖੇਤਰ ਵਿੱਚ ਰਹਿਣ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਮੋਰਚੇ ਵਿੱਚ ਕਿਸਾਨਾਂ ਦੇ ਨਾਲ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋ ਰਹੀਆਂ ਹਨ। ਇਸ ਦੌਰਾਨ ਏਅਰਪੋਰਟ ਰੋਡ ’ਤੇ ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ ਖੜ੍ਹੀਆਂ ਦਿਖਾਈ ਦੇ ਰਹੀਆਂ ਹਨ।
ਦਿੱਲੀ ਮੋਰਚੇ ਦੀ ਤਰਜ਼ ’ਤੇ ਰੋਜ਼ਾਨਾ ਚੱਲੇਗੀ ਸਟੇਜ
ਕਿਸਾਨ ਆਗੂਆਂ ਮੁਤਾਬਕ ਦਿੱਲੀ ਕਿਸਾਨ ਅੰਦੋਲਨ ਦੀ ਤਰਜ਼ ’ਤੇ ਮੋਰਚੇ ਵਾਲੀ ਥਾਂ ’ਤੇ ਹਰ ਰੋਜ਼ ਕਰੀਬ ਚਾਰ ਘੰਟੇ ਸਟੇਜ ਚਲਾਈ ਜਾਵੇਗੀ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵਾਰੀ-ਵਾਰੀ ਸਟੇਜ ਦੀ ਕਾਰਵਾਈ ਸੰਭਾਲਣਗੇ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਗਰਾਹਾਂ ਧੜੇ ਨੂੰ ਛੱਡ ਕੇ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਬਾਕੀ ਜਥੇਬੰਦੀਆਂ ਇਸ ਸੰਘਰਸ਼ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੀਆਂ ਹਨ।
ਕਿਸਾਨਾਂ ਦੀਆਂ ਮੁੱਖ ਮੰਗਾਂ
ਕਿਸਾਨ ਜਥੇਬੰਦੀਆਂ ਵੱਲੋਂ ਕਈ ਅਹਿਮ ਮੰਗਾਂ ਨੂੰ ਲੈ ਕੇ ਇਹ ਮੋਰਚਾ ਲਗਾਇਆ ਗਿਆ ਹੈ। ਇਨ੍ਹਾਂ ਵਿੱਚ ਮੁੱਖ ਤੌਰ ’ਤੇ:
- ਪੰਜਾਬ ਦੇ ਪਾਣੀਆਂ ਨਾਲ ਸਬੰਧਤ ਸਮਝੌਤੇ ਰੱਦ ਕੀਤੇ ਜਾਣ।
- ਸਾਰੀਆਂ ਫ਼ਸਲਾਂ ’ਤੇ MSP ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।
- ਮੁਕਤ ਵਪਾਰ ਸਮਝੌਤਾ (FTA) ਰੱਦ ਕੀਤਾ ਜਾਵੇ।
- BBMB ਵਿੱਚ ਪੰਜਾਬ ਦੀ ਸਥਾਈ ਮੈਂਬਰੀ ਬਹਾਲ ਕੀਤੀ ਜਾਵੇ।
ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਹੜਤਾਲ ਕਰ ਰਹੇ ਮੁਲਾਜ਼ਮਾਂ ਦੀਆਂ ਬਦਲੀਆਂ ਕਰਨ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਵੀ ਨਿਖੇਧੀ ਕੀਤੀ ਹੈ। ਕਿਸਾਨ ਆਗੂਆਂ ਨੇ ਹੜਤਾਲੀ ਮੁਲਾਜ਼ਮਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 7 ਸਤੰਬਰ ਤੋਂ ਬਾਅਦ ਮੋਰਚੇ ਨੂੰ ਅਣਮਿੱਥੇ ਸਮੇਂ ਲਈ ਵਧਾਇਆ ਜਾ ਸਕਦਾ ਹੈ।
ਮੋਰਚੇ ਵਿੱਚ ਲੰਗਰ ਤੋਂ ਲੈ ਕੇ ਮੈਡੀਕਲ ਕੈਂਪ ਤੱਕ ਪ੍ਰਬੰਧ
ਮੋਰਚੇ ਦੇ ਪਹਿਲੇ ਦਿਨ ਮੁਹਾਲੀ ਵਿੱਚ ਹਲਕੀ ਬਾਰਿਸ਼ ਵੀ ਹੋਈ। ਮੀਂਹ ਤੋਂ ਬਚਾਅ ਲਈ ਕਿਸਾਨਾਂ ਵੱਲੋਂ ਟਰੈਕਟਰ-ਟਰਾਲੀਆਂ ’ਤੇ ਤਿਰਪਾਲਾਂ ਪਾਈਆਂ ਗਈਆਂ ਹਨ। ਇਸ ਤੋਂ ਇਲਾਵਾ ਮੋਰਚੇ ਵਿੱਚ ਰਹਿਣ ਲਈ ਮੰਜਿਆਂ, ਕੁਰਸੀਆਂ ਅਤੇ ਹੋਰ ਜ਼ਰੂਰੀ ਸਾਮਾਨ ਦਾ ਪ੍ਰਬੰਧ ਕੀਤਾ ਗਿਆ ਹੈ।
ਧਰਨਾ ਸਥਾਨ ’ਤੇ ਚਾਹ ਅਤੇ ਪ੍ਰਸ਼ਾਦੇ ਦੇ ਲੰਗਰ ਲਗਾਤਾਰ ਚੱਲ ਰਹੇ ਹਨ। ਇਸ ਦੇ ਨਾਲ ਹੀ ਡਾਕਟਰ ਸਵੈਮਾਨ ਸਿੰਘ ਦੀ ਅਗਵਾਈ ਹੇਠ ਸਟੇਜ ਦੇ ਨੇੜੇ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ, ਜਿੱਥੇ ਮੋਰਚੇ ਵਿੱਚ ਸ਼ਾਮਲ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਮੁਹਾਲੀ ਪ੍ਰਸ਼ਾਸਨ ’ਤੇ ਸਹਿਯੋਗ ਨਾ ਦੇਣ ਦੇ ਦੋਸ਼
ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਪਰਮਿੰਦਰ ਸਿੰਘ ਚਲਾਕੀ, ਪਰਮਦੀਪ ਸਿੰਘ ਬੈਦਵਾਣ, ਕਿਰਪਾਲ ਸਿੰਘ ਸਿਆਊ ਅਤੇ ਲਖਵਿੰਦਰ ਸਿੰਘ ਕਰਾਲਾ ਨੇ ਮੁਹਾਲੀ ਪ੍ਰਸ਼ਾਸਨ ’ਤੇ ਮੋਰਚੇ ਵਿੱਚ ਸਹਿਯੋਗ ਨਾ ਦੇਣ ਦੇ ਦੋਸ਼ ਲਗਾਏ ਹਨ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਪਣੇ ਵਾਅਦੇ ਮੁਤਾਬਕ ਬਿਜਲੀ ਅਤੇ ਸਫ਼ਾਈ ਦੇ ਪ੍ਰਬੰਧ ਕੀਤੇ ਗਏ ਹਨ, ਪਰ ਮੁਹਾਲੀ ਪ੍ਰਸ਼ਾਸਨ ਵੱਲੋਂ ਅਜੇ ਤੱਕ ਬਿਜਲੀ, ਮੋਬਾਈਲ ਪਖਾਨੇ, ਸਫ਼ਾਈ ਅਤੇ ਫੌਗਿੰਗ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਗਈਆਂ।
ਕਿਸਾਨ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੋਰਚੇ ਵਿੱਚ ਸ਼ਾਮਲ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਪ੍ਰਬੰਧ ਤੁਰੰਤ ਕੀਤੇ ਜਾਣ।
