
ਚੰਡੀਗੜ੍ਹ, 22 ਜਨਵਰੀ 2026: ਪੰਜਾਬ ਵਿੱਚ ਇਕ ਵਾਰ ਫਿਰ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਜਿੱਥੇ ਕੁਝ ਦਿਨ ਪਹਿਲਾਂ ਲੋਕ ਗਰਮੀ ਮਹਿਸੂਸ ਕਰ ਰਹੇ ਸਨ, ਉੱਥੇ ਹੁਣ ਮੌਸਮ ਠੰਡਾ ਹੋਣ ਲੱਗ ਪਿਆ ਹੈ। ਇਸ ਦਰਮਿਆਨ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਮੀਂਹ ਦੀ ਸ਼ੁਰੂਆਤ ਹੋ ਗਈ ਹੈ, ਜਿਸ ਨਾਲ ਤਾਪਮਾਨ ਵਿੱਚ ਫਿਰ ਤੋਂ ਕਮੀ ਆਉਣੀ ਸ਼ੁਰੂ ਹੋ ਗਈ ਹੈ।
ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਅੱਜ ਤੋਂ ਮੌਸਮ ਵਿੱਚ ਵੱਡੇ ਬਦਲਾਅ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਕਈ ਇਲਾਕਿਆਂ ਵਿੱਚ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਅਚਾਨਕ ਮੌਸਮ ਬਦਲਣ ਨਾਲ ਤਾਪਮਾਨ ਵਿੱਚ ਉਤਾਰ-ਚੜ੍ਹਾਅ ਵੇਖਣ ਨੂੰ ਮਿਲ ਸਕਦਾ ਹੈ। ਕਿਸਾਨਾਂ ਅਤੇ ਆਮ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ ਕਿਉਂਕਿ ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਨਾਲ ਫਸਲਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣ ਸਕਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਤਾਪਮਾਨ ਕਾਫ਼ੀ ਹੇਠਾਂ ਦਰਜ ਕੀਤਾ ਗਿਆ। ਕੱਲ੍ਹ ਆਦਮਪੁਰ 2.6 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਇਲਾਕਾ ਰਿਹਾ, ਜਦਕਿ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਠੰਢੇ ਦੌਰ ਤੋਂ ਬਾਅਦ ਹੁਣ ਮੌਸਮ ਵਿੱਚ ਨਮੀ ਵਧਣ ਅਤੇ ਤਬਦੀਲੀ ਆਉਣ ਦੀ ਸੰਭਾਵਨਾ ਹੈ।
ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ 23 ਜਨਵਰੀ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਵੀ ਮੌਸਮ ਬਦਲਣ ਦੇ ਆਸਾਰ ਹਨ। ਵਿਭਾਗ ਨੇ ਗਰਜ-ਤੂਫਾਨ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। 23 ਜਨਵਰੀ ਨੂੰ ਐਨਸੀਆਰ ਵਿੱਚ ਵੱਧ ਤੋਂ ਵੱਧ ਤਾਪਮਾਨ ਲਗਭਗ 20 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਕਰੀਬ 10 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਦਿਨ ਭਰ ਗਰਜ-ਤੂਫਾਨ ਅਤੇ ਬਿਜਲੀ ਚਮਕਣ ਦੇ ਆਸਾਰ ਹਨ, ਜਦਕਿ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਉੱਧਰ, ਕਸ਼ਮੀਰ ਘਾਟੀ ਵਿੱਚ ਲੰਬੇ ਸਮੇਂ ਤੋਂ ਚੱਲ ਰਿਹਾ ਖੁਸ਼ਕ ਦੌਰ ਹੁਣ ਆਪਣੇ ਅੰਤ ਵੱਲ ਵੱਧ ਰਿਹਾ ਹੈ। ਸ਼੍ਰੀਨਗਰ ਸਮੇਤ ਮੈਦਾਨੀ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਹੈ, ਜਿਸ ਕਾਰਨ ਜ਼ਮੀਨੀ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। 22 ਤੋਂ 23 ਜਨਵਰੀ ਦੌਰਾਨ ਕਸ਼ਮੀਰ ਘਾਟੀ ਵਿੱਚ ਭਾਰੀ ਬਰਫ਼ਬਾਰੀ ਹੋਣ ਦੇ ਆਸਾਰ ਜਤਾਏ ਗਏ ਹਨ।
