
ਸੰਗਰੂਰ / ਚੰਡੀਗੜ੍ਹ, 2 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਕਰੀਬ 11.70 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 30 ਬਿਸਤਰਿਆਂ ਵਾਲਾ ਆਧੁਨਿਕ ਹਸਪਤਾਲ ਖੇਤਰ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ ਹਜ਼ਾਰਾਂ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ 15 ਪਿੰਡਾਂ ਦੇ ਲਗਭਗ 50 ਹਜ਼ਾਰ ਲੋਕਾਂ ਨੂੰ ਫਾਇਦਾ ਹੋਵੇਗਾ, ਜਦਕਿ ਨੇੜਲੇ ਇਲਾਕਿਆਂ ਦੀ ਹੋਰ 35–40 ਹਜ਼ਾਰ ਆਬਾਦੀ ਨੂੰ ਵੀ ਕਿਫਾਇਤੀ ਇਲਾਜ ਮਿਲੇਗਾ।
ਦੌਰੇ ਦੌਰਾਨ ਮੁੱਖ ਮੰਤਰੀ ਨੇ ਹਸਪਤਾਲ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਨਾਲ ਮਿਲ ਕੇ ਉਨ੍ਹਾਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਸੰਗਰੂਰ, ਪਟਿਆਲਾ ਜਾਂ ਲੁਧਿਆਣਾ ਭੇਜਣਾ ਪੈਂਦਾ ਸੀ, ਪਰ ਹੁਣ ਉਹ ਸਥਾਨਕ ਪੱਧਰ ’ਤੇ ਹੀ ਆਧੁਨਿਕ ਮਸ਼ੀਨਾਂ ਅਤੇ ਐਮਰਜੈਂਸੀ ਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ਵਿੱਚ ਇਲਾਜ ਕਰਵਾ ਸਕਣਗੇ।
ਮੁੱਖ ਮੰਤਰੀ ਨੇ ਦੱਸਿਆ ਕਿ ਸੰਤ ਬਾਬਾ ਅਤਰ ਸਿੰਘ ਦੇ ਨਾਮ ’ਤੇ ਮੈਡੀਕਲ ਕਾਲਜ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਲਈ ਸਰਕਾਰ ਤਿਆਰੀਆਂ ਪੂਰੀ ਕਰ ਚੁੱਕੀ ਹੈ। ਇਸ ਦਾ ਮਕਸਦ ਖੇਤਰ ਵਿੱਚ ਡਾਕਟਰੀ ਸਿੱਖਿਆ ਨੂੰ ਵਧਾਵਾ ਦੇਣਾ ਅਤੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ ’ਤੇ ਬਣਿਆ ਇਹ ਕਮਿਊਨਿਟੀ ਹੈਲਥ ਸੈਂਟਰ ਉਨ੍ਹਾਂ ਦੀ ਸੇਵਾ ਭਾਵਨਾ ਨੂੰ ਸੱਚੀ ਸ਼ਰਧਾਂਜਲੀ ਹੈ। ਪਹਿਲਾਂ 1975 ਵਿੱਚ 10 ਬਿਸਤਰਿਆਂ ਨਾਲ ਸ਼ੁਰੂ ਹੋਇਆ ਇਹ ਕੇਂਦਰ ਬਾਅਦ ਵਿੱਚ 20 ਅਤੇ ਹੁਣ 30 ਬਿਸਤਰਿਆਂ ਤੱਕ ਵਧਾਇਆ ਗਿਆ ਹੈ। ਇਹ ਕੇਂਦਰ ਇਲਾਕੇ ਦੇ ਕਰੀਬ 50 ਹਜ਼ਾਰ ਲੋਕਾਂ ਲਈ ਐਮਰਜੈਂਸੀ ਅਤੇ ਵਿਸ਼ੇਸ਼ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ।
ਹਸਪਤਾਲ ਵਿੱਚ ਈ.ਐਨ.ਟੀ., ਦੰਦਾਂ ਅਤੇ ਬਾਲ ਰੋਗਾਂ ਦੇ ਮਾਹਿਰਾਂ ਦੀ ਸੇਵਾ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਮੁਫ਼ਤ ਜੱਚਾ-ਬੱਚਾ ਸੇਵਾਵਾਂ, ਐਕਸ-ਰੇਅ, ਖੂਨ ਦੀ ਜਾਂਚ ਅਤੇ ਨਸ਼ਾ ਛੁਡਾਉ ਇਲਾਜ ਦੀ ਸਹੂਲਤ ਵੀ ਮਿਲੇਗੀ।
ਨਸ਼ਿਆਂ ਦੇ ਮਸਲੇ ’ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਨੂੰ ਕਾਨੂੰਨੀ ਦਰਜਾ ਦੇਣਾ ਠੀਕ ਨਹੀਂ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾ ਕੇ ਹੀ ਇਸ ਸਮੱਸਿਆ ਦਾ ਹੱਲ ਕੀਤਾ ਜਾ ਸਕਦਾ ਹੈ। ਸਰਕਾਰ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਕਈ ਕਦਮ ਚੁੱਕ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਨਸ਼ਾ ਤਸਕਰੀ ’ਤੇ ਵੱਡਾ ਅਸਰ ਪਿਆ ਹੈ। ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ ਅਤੇ ਜਲਦ ਹੀ ਜਾਣਕਾਰੀ ਦੇਣ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ। ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ ਅਤੇ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।
