Wednesday, July 29Punjabi People

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਦੀ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹਨ: ਹਰਪਾਲ ਸਿੰਘ ਚੀਮਾ

ਖੁਰਾਲਗੜ੍ਹ 6 ਫਰਬਰੀ 2026: ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਵਿਸਤ੍ਰਿਤ ਅਤੇ ਸੁਚੱਜੇ ਪ੍ਰਬੰਧਾਂ ਤੋਂ ਪ੍ਰਭਾਵਿਤ ਹੋ ਕੇ ਸੰਤ ਸਮਾਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਨੇਕ ਉਪਰਾਲੇ ਲਈ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ।

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੋੜ ਵਾਲਿਆਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪ੍ਰਦਾ ਸੁਸਾਇਟੀ ਵੱਲੋਂ ਇਸ ਸਮਾਗਮ ਲਈ ਕੀਤੇ ਗਏ ਵਿਸਤ੍ਰਿਤ ਪ੍ਰਬੰਧਾਂ ਲਈ ਪੰਜਾਬ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ ਜਾਂਦੀ ਹੈ। ਉਨ੍ਹਾਂ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਾਰੇ ਕਾਰਜਕ੍ਰਮਾਂ ਲਈ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਖੁਰਾਲਗੜ੍ਹ ਦੀ ਪਵਿੱਤਰ ਧਰਤੀ ’ਤੇ ਚਾਰ ਸਾਲ ਤੋਂ ਵੱਧ ਸਮਾਂ ਤਪੱਸਿਆ ਕਰਦੇ ਹੋਏ ਬਿਤਾਇਆ ਅਤੇ ਇਸ ਥਾਂ ਨੂੰ ਪਵਿੱਤਰ ਬਣਾਇਆ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਦੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਪਵਿੱਤਰ ਸਥਾਨ ’ਤੇ ਗੁਰੂ ਜੀ ਦਾ 649ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾ ਰਹੀ ਹੈ।

ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਸਮੁੱਚੇ ਮੰਤਰੀ ਮੰਡਲ ਅਤੇ ਸੰਸਦ ਮੈਂਬਰਾਂ ਸਮੇਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਖੁਰਾਲਗੜ੍ਹ ਪਹੁੰਚੇ ਹਨ। ਉਨ੍ਹਾਂ ਨੇ ਇਸ ਗੱਲ ’ਤੇ ਖ਼ੁਸ਼ੀ ਅਤੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਡੇਰਾ ਬੱਲਾਂ ਨੇੜੇ ਸ਼੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਲਈ 10 ਏਕੜ ਜ਼ਮੀਨ ਮੁਹੱਈਆ ਕਰਵਾਈ ਗਈ ਹੈ, ਜਿਸ ਲਈ ਉਨ੍ਹਾਂ ਨੇ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਸੰਭਾਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਜਨਮ ਦਿਹਾੜੇ ਨੂੰ ਧਾਰਮਿਕ ਉਤਸ਼ਾਹ ਅਤੇ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਕਾਰਜਕ੍ਰਮਾਂ ਦੀ ਰੂਪ-ਰੇਖਾ ਤਿਆਰ ਕੀਤੀ ਹੈ, ਜਿਸ ਦੀ ਸ਼ੁਰੂਆਤ ਅੱਜ ਤੋਂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਦੇਸ਼ ਹੀ ਨਹੀਂ, ਸਗੋਂ ਵਿਦੇਸ਼ਾਂ ਤੱਕ ਵੀ ਪ੍ਰਚਾਰਿਤ ਕੀਤਾ ਜਾਵੇਗਾ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਕਾਰਜਕ੍ਰਮਾਂ ਦੀ ਨਿਗਰਾਨੀ ਅਤੇ ਲਾਗੂ ਕਰਨ ਲਈ ਇੱਕ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਅਗਵਾਈ ਉਨ੍ਹਾਂ ਨੂੰ ਸੌਂਪੀ ਗਈ ਹੈ, ਅਤੇ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸਮਾਗਮ ਵਿੱਚ ਪਹੁੰਚੀ ਸੰਗਤ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨਦਾਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲ ਕੇ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਸ਼੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਜਨਮ ਦਿਹਾੜੇ ਦੀ ਯਾਦ ਵਿੱਚ ਸਾਲ ਭਰ ਚੱਲਣ ਵਾਲੇ ਕਾਰਜਕ੍ਰਮਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਪਵਿੱਤਰ ਸਥਾਨ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਗੜ੍ਹਸ਼ੰਕਰ ਵਿੱਚ ਸਥਿਤ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਕੈਬਨਿਟ ਨੇ ਸੰਗਤ ਦੇ ਨਾਲ ਮਿਲ ਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰਾਂਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰਾਂਤ ਮੁੱਖ ਮੰਤਰੀ ਅਤੇ ਕੈਬਨਿਟ ਮੈਂਬਰਾਂ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪੱਸਿਆ ਸਥਾਨ ’ਤੇ ਮੱਥਾ ਟੇਕ ਕੇ ਨਮਨ ਕੀਤਾ।

Leave a Reply

Your email address will not be published. Required fields are marked *