
ਹੁਸੈਨੀਵਾਲਾ / ਫਿਰੋਜ਼ਪੁਰ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਹੁਸੈਨੀਵਾਲਾ ਵਿਖੇ ਆਯੋਜਿਤ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ‘ਤੇ ਸ਼ਰਧਾਂਜਲੀ ਅਰਪਿਤ ਕਰਦਿਆਂ ਸ਼ਹੀਦਾਂ ਦੇ ਸੁਪਨਿਆਂ ਅਨੁਸਾਰ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਤੇ 24.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਿਰਫ਼ ਸ਼ਹੀਦਾਂ ਨੂੰ ਯਾਦ ਕਰਨ ਲਈ ਹੀ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਵਾਲੀ ਸੋਚ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਵੀ ਮਹੱਤਵਪੂਰਨ ਹੈ। ਉਨ੍ਹਾਂ ਨੇ ਸ਼ਹੀਦਾਂ ਦੀ ਸੋਚ ਅਨੁਸਾਰ ਦੇਸ਼ ਅਤੇ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਦੁਹਰਾਇਆ ਅਤੇ ਇਹ ਵੀ ਸਵਾਲ ਉਠਾਇਆ ਕਿ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਨੂੰ ਅਜੇ ਤੱਕ ‘ਭਾਰਤ ਰਤਨ’ ਨਾਲ ਸਨਮਾਨਿਤ ਕਿਉਂ ਨਹੀਂ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਜੇਕਰ ਦੇਸ਼ ਦੀ ਅਗਵਾਈ ਸ਼ੁਰੂਆਤੀ ਸਮੇਂ ਵਿੱਚ ਅਜਿਹੇ ਨਿਡਰ ਨੌਜਵਾਨਾਂ ਦੇ ਹੱਥ ਹੁੰਦੀ, ਤਾਂ ਭਾਰਤ ਦੀ ਤਸਵੀਰ ਅੱਜ ਹੋਰ ਹੀ ਹੁੰਦੀ। ਉਨ੍ਹਾਂ ਨੇ ਤੰਜ ਕਰਦਿਆਂ ਕਿਹਾ ਕਿ ਕੁਝ ਸਵਾਰਥੀ ਆਗੂਆਂ ਨੇ ਆਪਣੇ ਜੀਵਨ ਦੌਰਾਨ ਹੀ ਆਪਣੇ ਨਾਵਾਂ ’ਤੇ ਸੰਸਥਾਵਾਂ ਅਤੇ ਸਟੇਡੀਅਮ ਬਣਵਾ ਲਏ, ਪਰ ਅਸਲੀ ਸ਼ਹੀਦਾਂ ਨੂੰ ਯੋਗ ਸਨਮਾਨ ਨਹੀਂ ਮਿਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕ੍ਰਾਂਤੀਕਾਰੀਆਂ ਨੇ ਨੌਜਵਾਨੀ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ, ਜਦਕਿ ਬਾਅਦ ਵਿੱਚ ਕਈ ਲੋਭੀ ਆਗੂਆਂ ਨੇ ਆਜ਼ਾਦੀ ਦਾ ਸਿਹਰਾ ਆਪਣੇ ਸਿਰ ਬੰਨ੍ਹ ਲਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਹੀਦਾਂ ਦੇ ਨਿਡਰ ਵਿਚਾਰਾਂ ਨੂੰ ਦਬਾਉਣ ਲਈ ਹੀ ਉਨ੍ਹਾਂ ਨੂੰ ਜਲਦੀ ਫਾਂਸੀ ਦਿੱਤੀ ਗਈ ਸੀ, ਕਿਉਂਕਿ ਲੋਕ ਉਨ੍ਹਾਂ ਦੇ ਪਿੱਛੇ ਇਕੱਠੇ ਹੋ ਰਹੇ ਸਨ।
ਆਜ਼ਾਦੀ ਦੀ ਕ਼ੀਮਤ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਵੰਡ ਦੌਰਾਨ ਲੱਖਾਂ ਲੋਕਾਂ ਨੇ ਜਾਨਾਂ ਗੁਆਈਆਂ ਅਤੇ ਬੇਘਰ ਹੋਏ। ਉਨ੍ਹਾਂ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਦੀਆਂ ਕੁਰਬਾਨੀਆਂ ਦੇ ਬਾਵਜੂਦ ਕੁਝ ਸੱਤਾਧਾਰੀ ਇਸ ਦਰਦ ਨੂੰ ਸਮਝਣ ਵਿੱਚ ਅਸਫਲ ਰਹੇ ਹਨ।
ਉਨ੍ਹਾਂ ਨੇ ਆਲੋਚਨਾ ਕਰਦਿਆਂ ਕਿਹਾ ਕਿ ਕੁਝ ਲੋਕ ਆਜ਼ਾਦੀ ਨੂੰ 2014 ਨਾਲ ਜੋੜਦੇ ਹਨ, ਜੋ ਕਿ ਸ਼ਹੀਦਾਂ ਦੀ ਕੁਰਬਾਨੀ ਦਾ ਅਪਮਾਨ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੁਝ ਲੋਕ ਭਗਤ ਸਿੰਘ ਨੂੰ ਸਿਰਫ਼ ਸਮਾਜ ਸੇਵਕ ਵਜੋਂ ਦਰਸਾਉਂਦੇ ਹਨ, ਜੋ ਗਲਤ ਹੈ।
ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਅਪੀਲ ਕੀਤੀ ਕਿ ਸ਼ਹੀਦਾਂ ਦੀ ਜ਼ਿੰਦਗੀ ਤੋਂ ਪ੍ਰੇਰਨਾ ਲਈ ਜਾਵੇ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇ ਅਸੀਂ ਉਨ੍ਹਾਂ ਦੇ ਰਸਤੇ ‘ਤੇ ਚੱਲੀਏ ਤਾਂ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਇਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਨੂੰ ਸਿਰਫ਼ ਖਾਸ ਦਿਨਾਂ ‘ਤੇ ਯਾਦ ਕਰਨਾ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਸੋਚ ਨੂੰ ਜੀਵਨ ਵਿੱਚ ਲਾਗੂ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਕੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਲਈ ਕਾਫ਼ੀ ਸੰਘਰਸ਼ ਕਰਨਾ ਪਿਆ, ਪਰ ਆਖ਼ਰਕਾਰ ਇਹ ਸੰਭਵ ਹੋਇਆ। ਇਸੇ ਤਰ੍ਹਾਂ, ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੰਬਾਂ ਜਾਂ ਹਥਿਆਰਾਂ ਦੀ ਲੋੜ ਨਹੀਂ, ਸਗੋਂ ਵੋਟ ਦੀ ਤਾਕਤ ਨਾਲ ਦੇਸ਼ ਵਿੱਚ ਬਦਲਾਅ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਆਗੂਆਂ ਦੀ ਚੋਣ ਕਰਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ।
ਮੁੱਖ ਮੰਤਰੀ ਨੇ ਲੋਕਾਂ ਨੂੰ ਸੰਕਲਪ ਕਰਨ ਲਈ ਕਿਹਾ ਕਿ ਉਹ ਸ਼ਹੀਦਾਂ ਦੇ ਰਸਤੇ ‘ਤੇ ਚੱਲ ਕੇ ਆਪਣੇ ਪੰਜਾਬ ਦਾ ਨਿਰਮਾਣ ਕਰਨ। ਉਨ੍ਹਾਂ ਨੇ ਕਿਹਾ ਕਿ ਹੁਸੈਨੀਵਾਲਾ ਦੀ ਪਵਿੱਤਰ ਧਰਤੀ ਸਦਾ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।
ਅੰਤ ਵਿੱਚ ਉਨ੍ਹਾਂ ਨੇ ਦੁਹਰਾਇਆ ਕਿ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਹ ਵਿਰਾਸਤੀ ਕੰਪਲੈਕਸ ਉਨ੍ਹਾਂ ਦੀ ਯਾਦ ਨੂੰ ਸੰਭਾਲਣ ਦਾ ਇਕ ਮਹੱਤਵਪੂਰਨ ਕਦਮ ਹੈ। ਇਸ ਪ੍ਰੋਜੈਕਟ ਵਿੱਚ ਵਿਰਾਸਤੀ ਗੇਟ, ਗੈਲਰੀ, ਮੂਰਲ ਆਰਟ, ਪਾਰਕਾਂ ਦਾ ਸੁੰਦਰੀਕਰਨ, 3-ਡੀ ਸ਼ੋਅ, ਸੰਗੀਤਕ ਫੁਹਾਰਾ, ਬੱਚਿਆਂ ਲਈ ਖੇਡ ਖੇਤਰ, ਬਜ਼ੁਰਗਾਂ ਲਈ ਆਰਾਮ ਸਥਾਨ, ਸੋਲਰ ਪਲਾਂਟ ਅਤੇ ਆਰਓ ਪਲਾਂਟ ਵਰਗੀਆਂ ਸੁਵਿਧਾਵਾਂ ਸ਼ਾਮਲ ਕੀਤੀਆਂ ਜਾਣਗੀਆਂ।
