Saturday, June 20Punjabi People

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਯੂਪੀਐੱਸਸੀ ਪ੍ਰੀਖਿਆ ਵਿੱਚ ਸਫਲ ਰਹੇ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 15 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਵਨ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਸਿਵਲ ਸੇਵਾਵਾਂ ਪ੍ਰੀਖਿਆ-2025 ਵਿੱਚ ਸਫਲਤਾ ਹਾਸਲ ਕਰਨ ਵਾਲੇ ਪੰਜਾਬ ਦੇ ਹੋਣਹਾਰ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਮਾਪੇ ਅਤੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ, ਜਿਨ੍ਹਾਂ ਦੀ ਮਿਹਨਤ, ਹੌਸਲੇ ਅਤੇ ਸਹਿਯੋਗ ਨੂੰ ਵੀ ਮੁੱਖ ਮੰਤਰੀ ਨੇ ਸਰਾਹਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਨੌਜਵਾਨ ਪੰਜਾਬ ਦੀ ਅਸਲ ਪੂੰਜੀ ਹਨ, ਜਿਨ੍ਹਾਂ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਦੇਸ਼ ਦੀ ਸਭ ਤੋਂ ਔਖੀ ਅਤੇ ਪ੍ਰਤਿਸ਼ਠਿਤ ਪ੍ਰੀਖਿਆ ਵਿੱਚ ਕਾਮਯਾਬੀ ਹਾਸਲ ਕਰਕੇ ਨਾ ਸਿਰਫ਼ ਆਪਣੇ ਪਰਿਵਾਰਾਂ ਦਾ, ਸਗੋਂ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਫਲਤਾਵਾਂ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ।

ਯੂਪੀਐੱਸਸੀ ਸਿਵਲ ਸੇਵਾਵਾਂ ਪ੍ਰੀਖਿਆ-2025 ਵਿੱਚ ਪੰਜਾਬ ਦੀ ਸਭ ਤੋਂ ਵੱਡੀ ਉਪਲਬਧੀ ਪਟਿਆਲਾ ਜ਼ਿਲ੍ਹੇ ਦੇ ਨਾਭਾ ਦੀ ਰਹਿਣ ਵਾਲੀ ਸਿਮਰਨਦੀਪ ਕੌਰ ਨੇ ਹਾਸਲ ਕੀਤੀ, ਜਿਸ ਨੇ ਆਲ ਇੰਡੀਆ ਰੈਂਕ (ਏਆਈਆਰ) 15 ਪ੍ਰਾਪਤ ਕਰਕੇ ਸੂਬੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇੱਕ ਸਧਾਰਨ ਕਿਸਾਨ ਪਰਿਵਾਰ ਨਾਲ ਸੰਬੰਧਤ ਸਿਮਰਨਦੀਪ ਦੀ ਇਹ ਕਾਮਯਾਬੀ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਇੱਕ ਵੱਡੀ ਮਿਸਾਲ ਬਣ ਕੇ ਸਾਹਮਣੇ ਆਈ ਹੈ।

ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਦੀ ਰਸਨੀਤ ਕੌਰ ਨੇ ਏਆਈਆਰ 51 ਪ੍ਰਾਪਤ ਕਰਕੇ ਸ਼ਾਨਦਾਰ ਸਫਲਤਾ ਦਰਜ ਕੀਤੀ। ਇੱਕ ਬਿਜਲੀ ਲਾਈਨਮੈਨ ਦੀ ਧੀ ਰਸਨੀਤ ਨੇ ਬਿਨਾਂ ਕਿਸੇ ਕੋਚਿੰਗ ਸਹਾਇਤਾ ਦੇ ਆਪਣੀ ਪਹਿਲੀ ਹੀ ਕੋਸ਼ਿਸ਼ ਵਿੱਚ ਇਹ ਮਕਾਮ ਹਾਸਲ ਕੀਤਾ, ਜੋ ਉਸਦੀ ਸਖ਼ਤ ਮਿਹਨਤ ਅਤੇ ਆਤਮ-ਵਿਸ਼ਵਾਸ ਦਾ ਪ੍ਰਤੀਕ ਹੈ।

ਫਰੀਦਕੋਟ ਦੇ ਸੁਨਾਵਰਦੀਪ ਸਿੰਘ ਮੈਸਨ ਨੇ ਏਆਈਆਰ 76 ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ। ਪੰਜਾਬ ਸਹਿਕਾਰੀ ਵਿਭਾਗ ਵਿੱਚ ਗ੍ਰੇਡ-ਬੀ ਇੰਸਪੈਕਟਰ ਵਜੋਂ ਸੇਵਾ ਨਿਭਾ ਰਹੇ ਸੁਨਾਵਰਦੀਪ ਨੇ ਆਪਣੀ ਤੀਜੀ ਕੋਸ਼ਿਸ਼ ਵਿੱਚ ਇਹ ਸਫਲਤਾ ਪ੍ਰਾਪਤ ਕੀਤੀ, ਜੋ ਉਨ੍ਹਾਂ ਦੀ ਦ੍ਰਿੜ੍ਹ ਇੱਛਾ ਸ਼ਕਤੀ ਅਤੇ ਲਗਾਤਾਰ ਮਿਹਨਤ ਦਾ ਨਤੀਜਾ ਹੈ।

ਇਸ ਤੋਂ ਇਲਾਵਾ ਬਠਿੰਡਾ ਦੀ ਨਵਨੀਤ ਕੌਰ ਨੇ ਏਆਈਆਰ 111, ਫਾਜ਼ਿਲਕਾ ਦੀ ਆਕ੍ਰਿਤੀ ਸਿੰਗਲਾ ਨੇ ਏਆਈਆਰ 122 ਅਤੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਸਿਦਕ ਸਿੰਘ ਨੇ ਏਆਈਆਰ 157 ਪ੍ਰਾਪਤ ਕਰਕੇ ਕਾਮਯਾਬੀ ਦਾ ਝੰਡਾ ਲਹਿਰਾਇਆ। ਸਿਦਕ ਸਿੰਘ ਦੀ ਸਫਲਤਾ ਖਾਸ ਤੌਰ ’ਤੇ ਪ੍ਰੇਰਣਾਦਾਇਕ ਹੈ ਕਿਉਂਕਿ ਉਨ੍ਹਾਂ ਨੇ ਛੇਵੀਂ ਕੋਸ਼ਿਸ਼ ਵਿੱਚ ਇਹ ਉਪਲਬਧੀ ਹਾਸਲ ਕੀਤੀ, ਜੋ ਇਹ ਦਰਸਾਉਂਦੀ ਹੈ ਕਿ ਲਗਾਤਾਰ ਕੋਸ਼ਿਸ਼ ਅਤੇ ਸਬਰ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।

ਜਲੰਧਰ ਦੀ ਆਰੂਸ਼ੀ ਨੇ ਏਆਈਆਰ 184 ਪ੍ਰਾਪਤ ਕੀਤਾ। ਖ਼ਾਸ ਗੱਲ ਇਹ ਰਹੀ ਕਿ ਉਸਨੇ ਆਪਣੀ ਤਿਆਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਮੁਫ਼ਤ ਕੋਚਿੰਗ ਪ੍ਰੋਗਰਾਮ ਰਾਹੀਂ ਕੀਤੀ। ਉਸਦੀ ਸਫਲਤਾ ਸਰਕਾਰੀ ਪੱਧਰ ’ਤੇ ਚਲਾਈਆਂ ਜਾ ਰਹੀਆਂ ਸਹਾਇਤਾ ਯੋਜਨਾਵਾਂ ਦੀ ਪ੍ਰਭਾਵਸ਼ੀਲਤਾ ਨੂੰ ਵੀ ਦਰਸਾਉਂਦੀ ਹੈ।

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਨੇੜਲੇ ਪਿੰਡ ਭਾਮਦੀ ਦੇ ਜਸਕਰਨ ਸਿੰਘ ਨੇ ਏਆਈਆਰ 240 ਪ੍ਰਾਪਤ ਕਰਕੇ ਆਪਣੇ ਪਿੰਡ ਅਤੇ ਇਲਾਕੇ ਦਾ ਮਾਣ ਵਧਾਇਆ। ਇਸੇ ਤਰ੍ਹਾਂ ਮੋਹਾਲੀ ਦੀ ਕ੍ਰਿਤਿਕਾ ਚੌਧਰੀ ਨੇ ਦੇਸ਼ ਭਰ ਵਿੱਚ 312ਵਾਂ ਰੈਂਕ ਹਾਸਲ ਕੀਤਾ। ਕ੍ਰਿਤਿਕਾ ਦੇ ਪਿਤਾ ਸ੍ਰੀ ਰਾਜੀਵ ਕੁਮਾਰ ਗੁਰਜਰ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪਰਿਵਾਰ ਵੱਲੋਂ ਸਿੱਖਿਆ, ਅਨੁਸ਼ਾਸਨ ਅਤੇ ਮਿਹਨਤ ਨੂੰ ਦਿੱਤੀ ਗਈ ਤਰਜੀਹ ਨੇ ਕ੍ਰਿਤਿਕਾ ਨੂੰ ਆਪਣੇ ਟੀਚੇ ਤੱਕ ਪਹੁੰਚਣ ਵਿੱਚ ਅਹਿਮ ਭੂਮਿਕਾ ਨਿਭਾਈ।

ਮੁੱਖ ਮੰਤਰੀ ਨੇ ਸਾਰੇ ਸਫਲ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਉੱਚ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨੌਜਵਾਨ ਭਵਿੱਖ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਰਾਹੀਂ ਦੇਸ਼ ਅਤੇ ਸਮਾਜ ਦੀ ਬਿਹਤਰੀ ਲਈ ਮਹੱਤਵਪੂਰਨ ਯੋਗਦਾਨ ਪਾਉਣਗੇ।

ਸਨਮਾਨ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਪ੍ਰਗਟਾਇਆ। ਸਮਾਗਮ ਦਾ ਮਾਹੌਲ ਉਤਸ਼ਾਹ, ਮਾਣ ਅਤੇ ਪ੍ਰੇਰਣਾ ਨਾਲ ਭਰਪੂਰ ਰਿਹਾ।

Leave a Reply

Your email address will not be published. Required fields are marked *