
ਫਿਰੋਜ਼ਪੁਰ, 15 ਅਗਸਤ 2026: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਭਰ ਵਿੱਚ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਤਹਿਤ ਫਿਰੋਜ਼ਪੁਰ ਦੇ ਛਾਉਣੀ ਬੋਰਡ ਸਟੇਡੀਅਮ ਵਿੱਚ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਕਰਵਾਇਆ ਗਿਆ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਤਿਰੰਗੇ ਨੂੰ ਸਲਾਮੀ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੀ ਯਾਦਗਾਰ ’ਤੇ ਨਤਮਸਤਕ ਹੋ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਜ਼ਾਦੀ ਦੀ ਰੱਖਿਆ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।
ਪੁਲਿਸ ਮੁਲਾਜ਼ਮਾਂ ਨੂੰ ਮਿਲੇਗਾ ਸਨਮਾਨ
ਰਾਜ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 25 ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਬਿਹਤਰੀਨ ਕਾਰਗੁਜ਼ਾਰੀ ਅਤੇ ਸੇਵਾਵਾਂ ਲਈ ਸਨਮਾਨ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਆਜ਼ਾਦੀ ਦਿਹਾੜੇ ਦੇ ਸਮਾਗਮ ਕਰਵਾਏ ਜਾ ਰਹੇ ਹਨ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਵੱਖ-ਵੱਖ ਸੁਰੱਖਿਆ ਬਲਾਂ ਦੀਆਂ ਟੁਕੜੀਆਂ ਨੇ ਲਿਆ ਮਾਰਚ ਪਾਸਟ ’ਚ ਹਿੱਸਾ
ਸਮਾਗਮ ਦੌਰਾਨ BSF, ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਹਿਮਾਚਲ ਪੁਲਿਸ, ਹੋਮ ਗਾਰਡ, ਹੋਮ ਗਾਰਡ ਮਹਿਲਾ ਵਿੰਗ, NCC ਅਤੇ ਸਕਾਊਟਸ ਐਂਡ ਗਾਈਡਜ਼ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਵਿਦਿਆਰਥਣਾਂ ਵੱਲੋਂ ਸਰੀਰਕ ਸਿਖਲਾਈ ਸ਼ੋਅ, ਦੇਸ਼ਭਗਤੀ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਝਲਕ ਦਿਖਾਈ ਜਾਵੇਗੀ।
ਸਮਾਗਮ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।
ਲਾਲ ਕਿਲ੍ਹੇ ’ਤੇ PM ਮੋਦੀ ਨੇ ਲਹਿਰਾਇਆ ਤਿਰੰਗਾ
ਇਸ ਦੌਰਾਨ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ।
ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਲੁਧਿਆਣਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਲੁਧਿਆਣਾ ਸਮੇਤ ਦੇਸ਼ ਭਰ ਦੇ MSME ਖੇਤਰ ਨਾਲ ਜੁੜੇ ਉੱਦਮੀਆਂ ਨੂੰ ਆਪਣੇ ਉਤਪਾਦਾਂ ਦੀ ਗੁਣਵੱਤਾ ਅਤੇ ਪਹੁੰਚ ਨੂੰ ਵਿਸ਼ਵ ਪੱਧਰ ਤੱਕ ਲਿਜਾਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੱਤਾ ਕਿ ਦੇਸ਼ ਦੇ ਛੋਟੇ ਅਤੇ ਦਰਮਿਆਨੇ ਉਦਯੋਗ ਭਾਰਤ ਦੀ ਆਰਥਿਕ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
