Sunday, August 2Punjabi People

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਦੋ ਨਵੇਂ ਸਕੂਲ ਆਫ਼ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਲੁਧਿਆਣਾ, 2 ਅਗਸਤ 2026:  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਬਣਾਉਣ ਦੇ ਯਤਨਾਂ ਤਹਿਤ ਲੁਧਿਆਣਾ ਨੂੰ ਦੋ ਨਵੇਂ ਸਕੂਲ ਆਫ਼ ਐਮੀਨੈਂਸ (School of Eminence) ਦੀ ਸੌਗਾਤ ਮਿਲੀ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਦਵਈ ਨਗਰ ਅਤੇ ਮਿਲਰਗੰਜ-ਢੋਲੇਵਾਲ ਵਿਖੇ ਨਵੇਂ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ।

ਸਮਾਗਮ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮੁੱਖ ਮੰਤਰੀ ਨੇ ਨਵੀਆਂ ਇਮਾਰਤਾਂ ਅਤੇ ਸਿੱਖਿਆ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਲਾਸਰੂਮਾਂ, ਵਿਗਿਆਨ ਅਤੇ ਕੰਪਿਊਟਰ ਲੈਬਾਂ ਸਮੇਤ ਹੋਰ ਆਧੁਨਿਕ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਤਜਰਬੇ ਅਤੇ ਸੁਝਾਅ ਵੀ ਜਾਣੇ।

‘ਸਿੱਖਿਆ ਵਿੱਚ ਨਿਵੇਸ਼ ਹੀ ਭਵਿੱਖ ਵਿੱਚ ਨਿਵੇਸ਼’

ਉਦਘਾਟਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਲੁਧਿਆਣਾ ਵਿੱਚ ਨਵੇਂ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕਰਨਾ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹਰ ਬੱਚੇ ਨੂੰ ਮਿਆਰੀ ਅਤੇ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕਿਸੇ ਵੀ ਪਰਿਵਾਰ ਨੂੰ ਚੰਗੀ ਸਿੱਖਿਆ ਲਈ ਮਹਿੰਗੇ ਪ੍ਰਾਈਵੇਟ ਸਕੂਲਾਂ ‘ਤੇ ਨਿਰਭਰ ਨਾ ਰਹਿਣਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਅਧਿਆਪਨ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਲਈ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਕਾਰਨ ਲੋਕਾਂ ਦਾ ਭਰੋਸਾ ਸਰਕਾਰੀ ਸਕੂਲਾਂ ਵੱਲ ਵਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਵੱਡੀ ਗਿਣਤੀ ਵਿੱਚ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ।

ਸਿੱਖਿਆ ਖੇਤਰ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ਗਿਣਾਈਆਂ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੱਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਮਜ਼ਬੂਤ ਪਛਾਣ ਬਣਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ 882 ਵਿਦਿਆਰਥੀਆਂ ਨੇ ਨੀਟ (NEET) ਪ੍ਰੀਖਿਆ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ 125 ਤੋਂ ਵੱਧ ਵਿਦਿਆਰਥੀਆਂ ਨੇ ਜੇਈਈ ਮੇਨ (JEE Main) ਪ੍ਰੀਖਿਆ ਪਾਸ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਆਏ ਸੁਧਾਰ ਦਾ ਪ੍ਰਤੀਕ ਹਨ।

ਵਿਦਿਆਰਥੀਆਂ ਦੇ ਭਵਿੱਖ ਲਈ ਆਧੁਨਿਕ ਸਿੱਖਿਆ ‘ਤੇ ਜ਼ੋਰ

ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਵਾਲੇ ਦੌਰ ਵਿੱਚ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਆਧੁਨਿਕ ਲੈਬਾਂ, ਡਿਜੀਟਲ ਕਲਾਸਰੂਮ, ਹੁਨਰ-ਅਧਾਰਿਤ ਸਿੱਖਿਆ ਅਤੇ ਨਵੀਂ ਤਕਨਾਲੋਜੀ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸੇ ਸੋਚ ਨਾਲ ਸਕੂਲ ਆਫ਼ ਐਮੀਨੈਂਸ ਦੀ ਲੜੀ ਦਾ ਵਿਸਥਾਰ ਕਰ ਰਹੀ ਹੈ, ਤਾਂ ਜੋ ਹਰ ਵਿਦਿਆਰਥੀ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਬਰਾਬਰ ਦੇ ਮੌਕੇ ਮਿਲ ਸਕਣ।

ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦੇ ਸਕਾਰਾਤਮਕ ਨਤੀਜੇ ਹੁਣ ਜ਼ਮੀਨੀ ਪੱਧਰ ‘ਤੇ ਦਿਖਾਈ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸੂਬੇ ਭਰ ਵਿੱਚ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਇਸੇ ਤਰ੍ਹਾਂ ਦੇ ਕਈ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।

Leave a Reply

Your email address will not be published. Required fields are marked *