
ਚੰਡੀਗੜ੍ਹ, 12 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਜਗਤਾਰ ਸਿੰਘ ਹਵਾਰਾ ਨੂੰ ਮਨੁੱਖਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਹਵਾਰਾ ਨੂੰ ਆਪਣੀ ਬਿਮਾਰ ਅਤੇ ਬਜ਼ੁਰਗ ਮਾਤਾ ਨਾਲ ਮੁਲਾਕਾਤ ਕਰਨ ਦਾ ਮੌਕਾ ਦੇਣ ਲਈ ਇਸ ਮਾਮਲੇ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਲੰਬੇ ਸਮੇਂ ਤੋਂ ਆਪਣੇ ਪੁੱਤਰ ਨੂੰ ਮਿਲਣ ਦੀ ਉਡੀਕ ਕਰ ਰਹੇ ਹਨ ਅਤੇ 31 ਸਾਲਾਂ ਬਾਅਦ ਉਨ੍ਹਾਂ ਨੂੰ ਆਪਣੇ ਪੁੱਤਰ ਨਾਲ ਮਿਲਣ ਦੀ ਉਮੀਦ ਜਾਗੀ ਹੈ। ਉਨ੍ਹਾਂ ਮੁਤਾਬਕ, ਬਜ਼ੁਰਗ ਮਾਤਾ ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਹਨ ਅਤੇ ਇਸ ਵੇਲੇ ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ।
ਮਨੁੱਖਤਾ ਦੇ ਆਧਾਰ ‘ਤੇ ਪੈਰੋਲ ਦੀ ਅਪੀਲ
ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ ਕਿ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਦੇਖਦਿਆਂ ਉਨ੍ਹਾਂ ਨੂੰ 10 ਦਿਨਾਂ ਲਈ ਪੈਰੋਲ ਦੇਣ ‘ਤੇ ਜਲਦ ਵਿਚਾਰ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।
ਉਨ੍ਹਾਂ ਕਿਹਾ ਕਿ ਇਹ ਮਾਮਲਾ ਮਨੁੱਖੀ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਬਜ਼ੁਰਗ ਮਾਤਾ ਦੀ ਆਪਣੇ ਪੁੱਤਰ ਨਾਲ ਮੁਲਾਕਾਤ ਦੀ ਇੱਛਾ ਨੂੰ ਧਿਆਨ ਵਿੱਚ ਰੱਖਦਿਆਂ ਇਸ ‘ਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰਨ ਦੀ ਲੋੜ ਹੈ।
ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ: CM
ਭਗਵੰਤ ਮਾਨ ਨੇ ਕਿਹਾ ਕਿ ਹਵਾਰਾ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਦਿੱਲੀ ਵਿੱਚ ਹੋਣ ਕਾਰਨ ਪੈਰੋਲ ਸਬੰਧੀ ਫੈਸਲੇ ਲਈ ਪੰਜਾਬ ਦੇ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ। ਉਨ੍ਹਾਂ ਰਾਜਪਾਲ ਨੂੰ ਇਸ ਮਾਮਲੇ ਵਿੱਚ ਜਲਦ ਕਦਮ ਚੁੱਕਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਦੇ ਮਨੁੱਖੀ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਰਾਜਪਾਲ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਲੋੜ ਪੈਣ ‘ਤੇ ਮਾਮਲਾ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਉਣ ਲਈ ਵੀ ਸੂਬਾ ਸਰਕਾਰ ਪੂਰੀ ਤਰ੍ਹਾਂ ਸਹਿਯੋਗ ਕਰੇਗੀ।
ਅਮਨ-ਕਾਨੂੰਨ ਬਣਾਈ ਰੱਖਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਭਰੋਸਾ ਦਿਵਾਇਆ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਦੀ ਹੈ ਤਾਂ ਉਨ੍ਹਾਂ ਦੇ ਘਰ ਆਉਣ ਦੌਰਾਨ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਦੀ ਪੂਰੀ ਜ਼ਿੰਮੇਵਾਰੀ ਸੂਬਾ ਸਰਕਾਰ ਨਿਭਾਏਗੀ।
ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਅਮਨ ਅਤੇ ਸ਼ਾਂਤੀ ਨੂੰ ਹਰ ਹਾਲਤ ਵਿੱਚ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਵਾਰਾ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵੱਲੋਂ ਵੀ ਇਸ ਮਾਮਲੇ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲੰਬੇ ਸਮੇਂ ਦੀ ਮਿਹਨਤ ਅਤੇ ਸਾਂਝੇ ਯਤਨਾਂ ਨਾਲ ਬਣੀ ਸ਼ਾਂਤੀ ਨੂੰ ਕਿਸੇ ਵੀ ਕੀਮਤ ‘ਤੇ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਰੱਖਣ ਲਈ ਸਰਕਾਰ ਵੱਲੋਂ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ।
ਭਗਵੰਤ ਮਾਨ ਨੇ ਇੱਕ ਵਾਰ ਫਿਰ ਰਾਜਪਾਲ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਮੌਜੂਦਾ ਸਿਹਤ ਸਥਿਤੀ ਅਤੇ ਇਸ ਮਾਮਲੇ ਨਾਲ ਜੁੜੇ ਮਨੁੱਖੀ ਪੱਖ ਨੂੰ ਧਿਆਨ ਵਿੱਚ ਰੱਖਦਿਆਂ 10 ਦਿਨਾਂ ਦੀ ਪੈਰੋਲ ਦੀ ਬੇਨਤੀ ‘ਤੇ ਹਮਦਰਦੀ ਨਾਲ ਅਤੇ ਜਲਦ ਫੈਸਲਾ ਲਿਆ ਜਾਵੇ।
