Sunday, November 1Punjabi People

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ, ਪਿੰਡ ਮੌੜਾਂ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

ਸੰਗਰੂਰ, 1 ਨਵੰਬਰ 2026:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੜ੍ਹਬਾ ਹਲਕੇ ਦੇ ਪਿੰਡ ਮੌੜਾਂ ਵਿਖੇ ਨਵੇਂ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ’ਤੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਲੰਮਾ ਸਮਾਂ ਸੱਤਾ ਵਿੱਚ ਰਹਿਣ ਦੇ ਬਾਵਜੂਦ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਪਹਿਲ ਨਹੀਂ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਕੰਮ ਕਰ ਰਹੀ ਹੈ। ਉਨ੍ਹਾਂ ਅਨੁਸਾਰ ਵਿਕਾਸ ਦਾ ਲਾਭ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਤੱਕ ਵੀ ਪਹੁੰਚਣਾ ਚਾਹੀਦਾ ਹੈ।

70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ

ਰੁਜ਼ਗਾਰ ਦੇ ਮੁੱਦੇ ’ਤੇ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਤੱਕ 70,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸੂਬੇ ਵਿੱਚ ਨਿਵੇਸ਼ ਰਾਹੀਂ ਛੇ ਲੱਖ ਤੋਂ ਵੱਧ ਵਾਧੂ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ।

ਪੰਜਾਬ ਵਿੱਚ ਬਣਾਏ ਜਾ ਰਹੇ ਹਨ 3,100 ਖੇਡ ਮੈਦਾਨ

ਖੇਡਾਂ ਦੇ ਵਿਕਾਸ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ 3,100 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਇਸ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਵਿਕਸਤ ਕਰਕੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵੀ ਗਠਜੋੜ ’ਤੇ ਸਵਾਲ

ਮੁੱਖ ਮੰਤਰੀ ਨੇ ਅਕਾਲੀ ਦਲ ਵੱਲੋਂ ਭਾਜਪਾ ਨਾਲ ਮੁੜ ਗਠਜੋੜ ਦੀਆਂ ਕੋਸ਼ਿਸ਼ਾਂ ਬਾਰੇ ਸਵਾਲ ਉਠਾਉਂਦਿਆਂ ਕਿਸਾਨ ਅੰਦੋਲਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਚੱਲੇ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਜਾਨਾਂ ਗਈਆਂ ਸਨ ਅਤੇ ਉਸ ਸਮੇਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਸੀ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਅਕਾਲੀ ਦਲ ਵੱਲੋਂ ਮੁੜ ਗਠਜੋੜ ਦੀਆਂ ਕੋਸ਼ਿਸ਼ਾਂ ਕਰਨਾ ਸਿਆਸੀ ਤੌਰ ’ਤੇ ਕਈ ਸਵਾਲ ਖੜ੍ਹੇ ਕਰਦਾ ਹੈ।

90 ਫੀਸਦੀ ਤੋਂ ਵੱਧ ਘਰਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ

ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਕਾਰਨ ਰਾਹਗੀਰਾਂ ਦੇ ਰੋਜ਼ਾਨਾ ਕਰੀਬ 70 ਲੱਖ ਰੁਪਏ ਬਚਣ ਦਾ ਵੀ ਉਨ੍ਹਾਂ ਦਾਅਵਾ ਕੀਤਾ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ

ਸਿਹਤ ਸਹੂਲਤਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮਕਸਦ ਆਰਥਿਕ ਤੰਗੀ ਕਾਰਨ ਕਿਸੇ ਵੀ ਪਰਿਵਾਰ ਨੂੰ ਇਲਾਜ ਤੋਂ ਵਾਂਝਾ ਰਹਿਣ ਤੋਂ ਬਚਾਉਣਾ ਹੈ।

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤਹਿਤ ਯੋਗ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਅਨੁਸਾਰ ਇਸ ਯੋਜਨਾ ਲਈ 9,300 ਕਰੋੜ ਰੁਪਏ ਰੱਖੇ ਗਏ ਹਨ।

ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਪਾਸ ਕੀਤੀ NEET ਪ੍ਰੀਖਿਆ

ਸਿੱਖਿਆ ਖੇਤਰ ਵਿੱਚ ਹੋਏ ਸੁਧਾਰਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ 80 ਵਿਦਿਆਰਥੀਆਂ ਨੇ NEET ਪ੍ਰੀਖਿਆ ਪਾਸ ਕੀਤੀ ਸੀ, ਜਦਕਿ 2026 ਵਿੱਚ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਉਨ੍ਹਾਂ ਇਸ ਦਾ ਸਿਹਰਾ ਸਕੂਲ ਆਫ਼ ਐਮੀਨੈਂਸ, ਅਧਿਆਪਕ ਸਿਖਲਾਈ ਅਤੇ ਸਿੱਖਿਆ ਖੇਤਰ ਵਿੱਚ ਕੀਤੀਆਂ ਹੋਰ ਪਹਿਲਕਦਮੀਆਂ ਨੂੰ ਦਿੱਤਾ।

1,587 ਪਿੰਡਾਂ ਦੇ ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ

ਸਿੰਜਾਈ ਸਹੂਲਤਾਂ ਬਾਰੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਅਜਿਹੇ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜਿੱਥੇ ਪਹਿਲਾਂ ਇਹ ਸਹੂਲਤ ਉਪਲਬਧ ਨਹੀਂ ਸੀ। ਉਨ੍ਹਾਂ ਦੱਸਿਆ ਕਿ ਨਹਿਰੀ ਨੈੱਟਵਰਕ ਦੇ ਵਿਸਥਾਰ ਲਈ 7,200 ਕਰੋੜ ਰੁਪਏ ਖਰਚ ਕੀਤੇ ਗਏ ਹਨ।

ਉਨ੍ਹਾਂ ਅਨੁਸਾਰ ਸਾਲ 2022 ਵਿੱਚ ਨਹਿਰੀ ਸਿੰਜਾਈ ਅਧੀਨ 20.89 ਲੱਖ ਏਕੜ ਰਕਬਾ ਸੀ, ਜੋ ਹੁਣ ਵਧ ਕੇ 60.30 ਲੱਖ ਏਕੜ ਹੋ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਲਗਭਗ 45,000 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਅਤੇ ਸੁਧਾਰ ਦਾ ਕੰਮ ਵੀ ਜਾਰੀ ਹੈ।

ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਟੀਚਾ

ਆਪਣੇ ਸੰਬੋਧਨ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਧਿਆਨ ਸੂਬੇ ਦੇ ਹਰ ਪਿੰਡ ਦਾ ਵਿਕਾਸ ਕਰਨ, ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ’ਤੇ ਹੈ। ਉਨ੍ਹਾਂ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਖੁਸ਼ਹਾਲ ਭਵਿੱਖ ਸਿਰਜਣ ਦੀ ਆਪਣੀ ਵਚਨਬੱਧਤਾ ਦੁਹਰਾਈ।

Leave a Reply

Your email address will not be published. Required fields are marked *