
ਰੂਪਨਗਰ, 30 ਜੁਲਾਈ 2026: ਰੂਪਨਗਰ ਦੇ ਸਰਕਾਰੀ ਕਾਲਜ ਦੇ ਵਿਸ਼ਾਲ ਮੈਦਾਨ ਵਿੱਚ ਵੀਰਵਾਰ ਸ਼ਾਮ ਉਸ ਵੇਲੇ ਭਗਤੀ, ਸ਼ਰਧਾ ਅਤੇ ਆਧਿਆਤਮਿਕਤਾ ਦਾ ਅਦਭੁੱਤ ਮਾਹੌਲ ਬਣ ਗਿਆ, ਜਦੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਰਕਤ ਕੀਤੀ। ਹਜ਼ਾਰਾਂ ਦੀ ਗਿਣਤੀ ਵਿੱਚ ਪੁੱਜੇ ਸ਼ਰਧਾਲੂਆਂ ਦੀ ਹਾਜ਼ਰੀ ਵਿੱਚ ਪੂਰਾ ਪੰਡਾਲ “ਹਰ ਹਰ ਮਹਾਦੇਵ” ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਮੁੱਖ ਮੰਤਰੀ ਨੇ ਵੀ ਸੰਗਤਾਂ ਨਾਲ ਮਿਲ ਕੇ ਭਗਵਾਨ ਸ਼ਿਵ ਦੇ ਜੈਕਾਰੇ ਲਗਾਏ, ਜਦਕਿ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਨੇ ਆਪਣੀ ਸੁਰਮਈ ਪੇਸ਼ਕਾਰੀ ਨਾਲ ਸੰਗਤਾਂ ਨੂੰ ਭਗਤੀ ਰੰਗ ਵਿੱਚ ਰੰਗ ਦਿੱਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਪੰਜਾਬ ਦੀ ਸਾਂਝੀਵਾਲਤਾ, ਭਾਈਚਾਰੇ ਅਤੇ ਆਪਸੀ ਪਿਆਰ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਉਹ ਧਰਤੀ ਹੈ ਜਿੱਥੇ ਵੱਖ-ਵੱਖ ਧਰਮਾਂ ਦੇ ਲੋਕ ਇਕੱਠੇ ਰਹਿੰਦੇ ਹਨ ਅਤੇ ਹਰ ਤਿਉਹਾਰ ਨੂੰ ਮਿਲਜੁਲ ਕੇ ਮਨਾਉਂਦੇ ਹਨ। ਇਸ ਪਵਿੱਤਰ ਧਰਤੀ ‘ਤੇ ਨਫ਼ਰਤ ਅਤੇ ਫਿਰਕਾਪ੍ਰਸਤੀ ਲਈ ਕੋਈ ਥਾਂ ਨਹੀਂ ਹੈ।
ਮੁੱਖ ਮੰਤਰੀ ਨੇ ਇਸ ਮੌਕੇ ਵੱਡਾ ਐਲਾਨ ਕਰਦਿਆਂ ਕਿਹਾ ਕਿ 1 ਅਗਸਤ ਤੋਂ 40 ਲੱਖ ਨਵੀਆਂ ਰਜਿਸਟਰਡ ਔਰਤਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਟੈਕਸ ਦਾ ਪੈਸਾ ਲੋਕ ਭਲਾਈ ਯੋਜਨਾਵਾਂ ਰਾਹੀਂ ਮੁੜ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਸਰਕਾਰ ਲੋਕ-ਕੇਂਦਰਿਤ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਮਾਗਮ ਲਈ ਰੂਪਨਗਰ ਦੀ ਧਰਤੀ ਨੂੰ ਜਾਣਬੁੱਝ ਕੇ ਚੁਣਿਆ ਗਿਆ ਹੈ ਕਿਉਂਕਿ ਇਹ ਇਲਾਕਾ ਇਤਿਹਾਸਕ, ਸੱਭਿਆਚਾਰਕ ਅਤੇ ਆਧਿਆਤਮਿਕ ਮਹੱਤਤਾ ਨਾਲ ਭਰਪੂਰ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ ਨੂੰ ਇੱਥੇ ਮਨਾਉਣਾ ਪੰਜਾਬ ਦੀਆਂ ਸੱਭਿਆਚਾਰਕ ਅਤੇ ਧਾਰਮਿਕ ਜੜ੍ਹਾਂ ਪ੍ਰਤੀ ਸਰਕਾਰ ਦੇ ਡੂੰਘੇ ਸਤਿਕਾਰ ਦਾ ਪ੍ਰਤੀਕ ਹੈ।
ਸਮਾਜਿਕ ਸਦਭਾਵਨਾ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸ਼ਾਂਤੀ, ਧਾਰਮਿਕ ਸਦਭਾਵਨਾ ਅਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਹਾਨ ਗੁਰੂਆਂ, ਸੰਤਾਂ, ਮਹਾਤਮਾਵਾਂ ਅਤੇ ਪੈਗੰਬਰਾਂ ਵੱਲੋਂ ਦਿਖਾਏ ਗਏ ਸੱਚ, ਸੇਵਾ ਅਤੇ ਮਨੁੱਖਤਾ ਦੇ ਮਾਰਗ ‘ਤੇ ਚੱਲ ਰਹੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਹੁਨਰ ਨਾਲ ਲੈਸ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਵੀ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ਹਰ ਕਿਸਮ ਦੀ ਫਸਲ ਉਗਾ ਸਕਦੀ ਹੈ, ਪਰ ਇੱਥੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਗੁਰੂਆਂ ਨੇ ਸਾਨੂੰ ਹਮੇਸ਼ਾ ਆਪਸੀ ਪਿਆਰ, ਸਹਿਣਸ਼ੀਲਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ ਅਤੇ ਪੰਜਾਬੀ ਹਰ ਧਰਮ ਦੇ ਤਿਉਹਾਰਾਂ ਨੂੰ ਆਪਣਾ ਸਮਝ ਕੇ ਮਨਾਉਂਦੇ ਹਨ।
ਭਗਵਾਨ ਸ਼ਿਵ ਦੀ ਮਹਿਮਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਭੋਲੇਨਾਥ ਦਇਆ, ਕਰੁਣਾ ਅਤੇ ਮਾਫ਼ੀ ਦੇ ਪ੍ਰਤੀਕ ਹਨ, ਜੋ ਆਪਣੇ ਭਗਤਾਂ ਨੂੰ ਕਾਮ, ਕ੍ਰੋਧ, ਲੋਭ ਅਤੇ ਅਹੰਕਾਰ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਪਿਆਰ, ਦਇਆ, ਭਾਈਚਾਰਾ ਅਤੇ ਖੁਸ਼ਹਾਲੀ ਦਾ ਸੰਦੇਸ਼ ਫੈਲਾਉਂਦੇ ਹਨ।
ਸਰਕਾਰ ਵੱਲੋਂ ਸਾਰੇ ਧਰਮਾਂ ਨੂੰ ਦਿੱਤੇ ਜਾ ਰਹੇ ਬਰਾਬਰ ਸਤਿਕਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਧਰਮ ਨਿਰਪੱਖਤਾ ਦੀ ਭਾਵਨਾ ਨਾਲ ਹਰ ਧਰਮ ਦੇ ਸਮਾਗਮਾਂ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ ਕਰਵਾਏ ਹਨ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਹਜ਼ਾਰਾਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਨੈਣਾ ਦੇਵੀ ਜੀ ਸਮੇਤ ਕਈ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਇਸ ਯੋਜਨਾ ਦਾ ਵਿਸਥਾਰ ਕਰਕੇ ਹਰਿਦੁਆਰ, ਖਾਟੂ ਸ਼ਿਆਮ ਜੀ, ਸਾਲਾਸਰ ਬਾਲਾਜੀ ਅਤੇ ਹੋਰ ਪ੍ਰਸਿੱਧ ਧਾਰਮਿਕ ਸਥਾਨਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਹਰ ਜਾਤੀ, ਹਰ ਧਰਮ ਅਤੇ ਹਰ ਵਰਗ ਦੇ ਲੋਕ ਬਿਨਾਂ ਕਿਸੇ ਖਰਚੇ ਦੇ ਲੈ ਸਕਦੇ ਹਨ।
ਪੰਜਾਬ ਦੇ ਲੋਕਾਂ ਨੂੰ ਏਕਤਾ ਦਾ ਸੰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਉਹ ਜਾਤ, ਧਰਮ, ਨਸਲ ਅਤੇ ਰੰਗ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਪੰਜਾਬ ਦੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਵੰਡ ਪਾਉਣ ਵਾਲੀਆਂ ਤਾਕਤਾਂ ਨੂੰ ਨਕਾਰ ਕੇ ਹੀ ਇੱਕ ਖੁਸ਼ਹਾਲ, ਨਸ਼ਾ-ਮੁਕਤ ਅਤੇ ਵਿਕਸਤ ‘ਰੰਗਲਾ ਪੰਜਾਬ’ ਸਿਰਜਿਆ ਜਾ ਸਕਦਾ ਹੈ।
ਸਮਾਗਮ ਦੌਰਾਨ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਬੇਮਿਸਾਲ ਹਾਜ਼ਰੀ ਦੇਖਣ ਨੂੰ ਮਿਲੀ। ਭਗਵਾਨ ਸ਼ਿਵ ਅਤੇ ਭਗਵਾਨ ਪਰਸ਼ੂਰਾਮ ਜੀ ਦੀ ਮਹਿਮਾ ਵਿੱਚ ਭਗਤੀਮਈ ਮਾਹੌਲ ਬਣਿਆ ਰਿਹਾ। ਪ੍ਰਸਿੱਧ ਗਾਇਕ ਹੰਸਰਾਜ ਰਘੂਵੰਸ਼ੀ ਨੇ ਆਪਣੇ ਲੋਕਪ੍ਰਿਯ ਸ਼ਿਵ ਭਜਨਾਂ ਦੀ ਮਨਮੋਹਕ ਪੇਸ਼ਕਾਰੀ ਨਾਲ ਸੰਗਤਾਂ ਨੂੰ ਮੰਤਰਮੁਗਧ ਕਰ ਦਿੱਤਾ, ਜਿਸ ਨਾਲ ਪੂਰਾ ਸਮਾਗਮ ਭਗਤੀ, ਆਸਥਾ ਅਤੇ ਉਤਸ਼ਾਹ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।
