
ਚੰਡੀਗੜ੍ਹ, 21 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਮਹਿਲਾਵਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 1 ਅਗਸਤ 2026 ਨੂੰ 37 ਲੱਖ ਹੋਰ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਸਹਾਇਤਾ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਕਦਮ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 32 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਸਫਲਤਾਪੂਰਵਕ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਹਿਲਾਵਾਂ ਨੇ ਹਾਲ ਹੀ ਵਿੱਚ ਰਜਿਸਟ੍ਰੇਸ਼ਨ ਪੂਰੀ ਕੀਤੀ ਹੈ, ਉਨ੍ਹਾਂ ਨੂੰ 1 ਅਗਸਤ ਨੂੰ ਪਹਿਲੀ ਕਿਸ਼ਤ ਜਾਰੀ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਅਗਸਤ ਵਿੱਚ ਰਕਮ ਜਾਰੀ ਹੋਣ ਤੋਂ ਬਾਅਦ ਯੋਜਨਾ ਦੀ ਅਗਲੀ ਕਿਸ਼ਤ ਅਕਤੂਬਰ 2026 ਵਿੱਚ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜੀ ਜਾਵੇਗੀ, ਤਾਂ ਜੋ ਯੋਜਨਾ ਦਾ ਲਾਭ ਨਿਯਮਤ ਅਤੇ ਪਾਰਦਰਸ਼ੀ ਢੰਗ ਨਾਲ ਯੋਗ ਮਹਿਲਾਵਾਂ ਤੱਕ ਪਹੁੰਚਦਾ ਰਹੇ।
ਹਰ ਮਹੀਨੇ ਮਿਲ ਰਹੀ ਹੈ ਸਿੱਧੀ ਵਿੱਤੀ ਸਹਾਇਤਾ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਉਦੇਸ਼ ਸੂਬੇ ਦੀਆਂ ਯੋਗ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨਾ ਹੈ। ਯੋਜਨਾ ਅਧੀਨ ਅਨੁਸੂਚਿਤ ਜਾਤੀ (SC) ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,500 ਰੁਪਏ, ਜਦਕਿ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ।
33 ਲੱਖ ਤੋਂ ਵੱਧ ਮਹਿਲਾਵਾਂ ਨੂੰ ਪਹਿਲਾਂ ਹੀ ਮਿਲ ਚੁੱਕਾ ਹੈ ਲਾਭ
ਸਰਕਾਰੀ ਜਾਣਕਾਰੀ ਅਨੁਸਾਰ, 25 ਜੂਨ 2026 ਤੱਕ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨ ਵਾਲੀਆਂ 33 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਪਹਿਲਾਂ ਹੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਜਦਕਿ ਬਾਕੀ ਯੋਗ ਅਤੇ ਨਵੀਂ ਰਜਿਸਟਰ ਹੋਈਆਂ ਮਹਿਲਾਵਾਂ ਨੂੰ ਇਹ ਰਕਮ 1 ਅਗਸਤ ਨੂੰ ਜਾਰੀ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਹੁਣ ਤੱਕ 70 ਲੱਖ ਤੋਂ ਵੱਧ ਮਹਿਲਾਵਾਂ ਇਸ ਯੋਜਨਾ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ।
36 ਤੋਂ 59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ ਸਭ ਤੋਂ ਵੱਧ ਲਾਭ
ਯੋਜਨਾ ਦੇ ਲਾਭਪਾਤਰੀਆਂ ਦੇ ਅੰਕੜਿਆਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਵਿੱਤੀ ਸਹਾਇਤਾ ਮੁੱਖ ਤੌਰ ‘ਤੇ ਉਨ੍ਹਾਂ ਮਹਿਲਾਵਾਂ ਤੱਕ ਪਹੁੰਚ ਰਹੀ ਹੈ, ਜਿਨ੍ਹਾਂ ‘ਤੇ ਪਰਿਵਾਰ ਦੀਆਂ ਆਰਥਿਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਸਭ ਤੋਂ ਵੱਧ ਹੁੰਦੀਆਂ ਹਨ।
ਅੰਕੜਿਆਂ ਮੁਤਾਬਕ:
- 36 ਤੋਂ 45 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਦੀ ਹਿੱਸੇਦਾਰੀ 25.2 ਫ਼ੀਸਦੀ ਹੈ।
- 46 ਤੋਂ 59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਦੀ ਹਿੱਸੇਦਾਰੀ 25.4 ਫ਼ੀਸਦੀ ਦਰਜ ਕੀਤੀ ਗਈ ਹੈ।
ਇਸ ਤਰ੍ਹਾਂ ਕੁੱਲ ਲਾਭਪਾਤਰੀਆਂ ਵਿੱਚੋਂ 50 ਫ਼ੀਸਦੀ ਤੋਂ ਵੱਧ ਮਹਿਲਾਵਾਂ 36 ਤੋਂ 59 ਸਾਲ ਦੀ ਉਮਰ ਵਰਗ ਨਾਲ ਸਬੰਧਤ ਹਨ, ਜੋ ਇਹ ਦਰਸਾਉਂਦਾ ਹੈ ਕਿ ਯੋਜਨਾ ਦਾ ਲਾਭ ਉਨ੍ਹਾਂ ਮਹਿਲਾਵਾਂ ਤੱਕ ਪਹੁੰਚ ਰਿਹਾ ਹੈ, ਜਿਨ੍ਹਾਂ ਨੂੰ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣ ਲਈ ਸਭ ਤੋਂ ਵੱਧ ਆਰਥਿਕ ਸਹਾਇਤਾ ਦੀ ਲੋੜ ਹੁੰਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਮਾਜਿਕ ਸਨਮਾਨ, ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਾਂ ਦੀ ਵਿੱਤੀ ਮਜ਼ਬੂਤੀ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਲੋਕ-ਭਲਾਈ ਦੀਆਂ ਅਜਿਹੀਆਂ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ।
