Wednesday, July 29Punjabi People

ਪੰਚਕੂਲਾ ਨੂੰ ਦੇਸ਼ ਦਾ ਮੋਹਰੀ ਸ਼ਹਿਰ ਬਣਾਉਣ ਦਾ ਟੀਚਾ: ਸੀਐਮ ਨਾਇਬ ਸੈਣੀ ਨੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਚੰਡੀਗੜ੍ਹ, 11 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਪੰਚਕੂਲਾ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ (ਪੀਐਮਡੀਏ) ਦੀ ਕਰੀਬ ਤਿੰਨ ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਚਕੂਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਮੌਜੂਦਾ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਭਵਿੱਖ ਦੀਆਂ ਵਿਕਾਸ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਅਧਿਕਾਰੀਆਂ ਨੂੰ ਕਈ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਪੰਚਕੂਲਾ ਨੂੰ ਦੇਸ਼ ਦੇ ਸਭ ਤੋਂ ਸੁੰਦਰ, ਸੁਵਿਧਾਜਨਕ ਅਤੇ ਯੋਜਨਾਬੱਧ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਹੈ। ਇਸ ਲਈ ਇੱਕ ਵਿਆਪਕ ਅਤੇ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਕੇ ਉਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਲਾਜ਼ਮੀ ਹੈ।

ਬਰਸਾਤੀ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਹਰ ਪਾਰਕ ਵਿੱਚ ਰੇਨ ਵਾਟਰ ਰੀਚਾਰਜ ਵੈੱਲ (Recharge Wells) ਬਣਾਏ ਜਾਣ, ਤਾਂ ਜੋ ਮੀਂਹ ਦੇ ਪਾਣੀ ਦੀ ਸੰਭਾਲ ਕੀਤੀ ਜਾ ਸਕੇ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਆ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਕਾਂ ਦੀ ਸਿੰਚਾਈ ਲਈ ਸਿਰਫ਼ ਟ੍ਰੀਟ ਕੀਤੇ ਗਏ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ, ਜਿਸ ਨਾਲ ਪੀਣ ਯੋਗ ਪਾਣੀ ਦੀ ਬਚਤ ਹੋ ਸਕੇ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਚਕੂਲਾ ਨੂੰ ਝੁੱਗੀ-ਝੌਂਪੜੀ ਮੁਕਤ ਸ਼ਹਿਰ ਬਣਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਗ ਪਰਿਵਾਰਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਜਾਵੇ ਅਤੇ ਲੋੜਵੰਦ ਪਰਿਵਾਰਾਂ ਨੂੰ ਫਲੈਟ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼ਹਿਰ ਦੇ ਨਾਗਰਿਕਾਂ ਨੂੰ ਉੱਚ ਪੱਧਰੀ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਲਈ ਸੈਕਟਰਾਂ ਵਿੱਚ ਸਫ਼ਾਈ, ਸੀਵਰੇਜ, ਸੜਕਾਂ ਅਤੇ ਪੀਣ ਵਾਲੇ ਪਾਣੀ ਦੀਆਂ ਸੇਵਾਵਾਂ ਦੀ ਦੇਖਭਾਲ ਨਗਰ ਨਿਗਮ ਵੱਲੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੀਐਮਡੀਏ ਸੈਕਟਰਾਂ ਨੂੰ ਜੋੜਨ ਵਾਲੀਆਂ ਮੁੱਖ ਸੜਕਾਂ ਅਤੇ ਮੀਂਹ ਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਦੀ ਨਿਗਰਾਨੀ ਕਰੇਗਾ, ਜਦਕਿ ਐਚਐਸਵੀਪੀ ਪਾਣੀ ਦੇ ਬਿੱਲਾਂ ਦੀ ਉਗਰਾਹੀ, ਨਾ ਵਿਕੀਆਂ ਜਾਇਦਾਦਾਂ ਦੀ ਸੰਭਾਲ ਅਤੇ ਅਧੂਰੇ ਰਿਹਾਇਸ਼ੀ ਪ੍ਰੋਜੈਕਟਾਂ ਦੀ ਨਿਗਰਾਨੀ ਕਰੇਗਾ।

ਮੁੱਖ ਮੰਤਰੀ ਨੇ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੀਵਰੇਜ ਲਾਈਨਾਂ ਅਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ ਅਤੇ ਲੋਕਾਂ ਨੂੰ ਮੀਂਹ ਦੌਰਾਨ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਸਫ਼ਾਈ, ਸੜਕਾਂ ਦੀ ਮੁਰੰਮਤ, ਸੀਵਰੇਜ ਅਤੇ ਪੀਣ ਵਾਲੇ ਪਾਣੀ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਲਈ ਕਿਹਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਚਕੂਲਾ ਨੂੰ ਆਧੁਨਿਕ ਬੁਨਿਆਦੀ ਢਾਂਚੇ, ਬਿਹਤਰ ਸ਼ਹਿਰੀ ਪ੍ਰਬੰਧਨ ਅਤੇ ਉੱਚ ਪੱਧਰੀ ਨਾਗਰਿਕ ਸਹੂਲਤਾਂ ਨਾਲ ਇੱਕ ਮਾਡਲ ਸਿਟੀ ਵਜੋਂ ਵਿਕਸਤ ਕਰਨਾ ਹਰਿਆਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

Leave a Reply

Your email address will not be published. Required fields are marked *