
ਪੀਲੀਭੀਤ, 29 ਜੂਨ 2026: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੋਮਵਾਰ ਨੂੰ ਪੀਲੀਭੀਤ ਦੇ ਬਰਖੇੜਾ ਵਿਧਾਨ ਸਭਾ ਹਲਕੇ ਅਧੀਨ ਪਤਰਾਸਾ ਕੁੰਵਰਪੁਰ ਪਿੰਡ ਵਿੱਚ 569.11 ਕਰੋੜ ਰੁਪਏ ਦੀ ਲਾਗਤ ਵਾਲੇ 66 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਰੀਬ 2,500 ਵਿਸਥਾਪਿਤ ਪਰਿਵਾਰਾਂ ਨੂੰ ਜ਼ਮੀਨੀ ਅਧਿਕਾਰਾਂ ਦੇ ਸਰਟੀਫਿਕੇਟ ਵੀ ਸੌਂਪੇ।
ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ (ਸਪਾ) ‘ਤੇ ਤਿੱਖੇ ਹਮਲੇ ਕਰਦੇ ਹੋਏ ਦੋਸ਼ ਲਗਾਇਆ ਕਿ ਦੋਵੇਂ ਪਾਰਟੀਆਂ ਸਿਰਫ਼ ਮੁਸਲਿਮ ਭਾਈਚਾਰੇ ਦੀ ਰਾਜਨੀਤੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਉੱਤਰ ਪ੍ਰਦੇਸ਼ ਵਿੱਚ “ਨਾ ਦੰਗੇ ਹਨ, ਨਾ ਕਰਫਿਊ, ਸੂਬੇ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਹੈ ਅਤੇ ਹਰ ਪਾਸੇ ਅਮਨ-ਚੈਨ ਹੈ।”
ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਪੀਲੀਭੀਤ ਦੇ ਲਗਭਗ 2,500 ਵਿਸਥਾਪਿਤ ਪਰਿਵਾਰ, ਜਿਨ੍ਹਾਂ ਦੀ ਗਿਣਤੀ ਕਰੀਬ 15 ਹਜ਼ਾਰ ਲੋਕਾਂ ਤੱਕ ਬਣਦੀ ਹੈ, ਹੁਣ ਨਾਗਰਿਕਤਾ ਅਤੇ ਜ਼ਮੀਨੀ ਮਾਲਕੀ ਦੇ ਅਧਿਕਾਰਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕਰੀਬ 55,000 ਅਜਿਹੇ ਪਰਿਵਾਰਾਂ ਨੂੰ ਪੜਾਅਵਾਰ ਇਹ ਹੱਕ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਪੀਲੀਭੀਤ ਤੋਂ ਸ਼ੁਰੂ ਹੋਈ ਹੈ ਅਤੇ ਬਾਰਾਬੰਕੀ ਤੇ ਬਹਿਰਾਈਚ ਵਿੱਚ ਵੀ ਜਾਰੀ ਹੈ। ਕੁਝ ਮਾਮਲਿਆਂ ਵਿੱਚ ਜੰਗਲਾਤ ਵਿਭਾਗ ਅਤੇ ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੋਰ ਪਰਿਵਾਰਾਂ ਨੂੰ ਵੀ ਇਸ ਦਾ ਲਾਭ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਲਈ ਮਜ਼ਬੂਤ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੁੰਦਾ ਹੈ। ਵਧੀਆ ਸੜਕਾਂ, ਐਕਸਪ੍ਰੈਸਵੇਅ, ਰੇਲ ਅਤੇ ਹਵਾਈ ਸੰਪਰਕ ਆਰਥਿਕ ਵਿਕਾਸ ਨੂੰ ਤੇਜ਼ੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਡਬਲ ਇੰਜਣ ਸਰਕਾਰ ਵਿਸ਼ਵ-ਪੱਧਰੀ ਬੁਨਿਆਦੀ ਢਾਂਚਾ ਤਿਆਰ ਕਰ ਰਹੀ ਹੈ, ਜਿਸ ਨਾਲ ਨਿਵੇਸ਼, ਉਦਯੋਗ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ।
ਸਪਾ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੰਬੇ ਸਮੇਂ ਤੱਕ ਸੱਤਾ ਵਿੱਚ ਰਹਿਣ ਦੇ ਬਾਵਜੂਦ ਬੰਗਲਾਦੇਸ਼ ਤੋਂ ਆਏ ਪੀੜਤ ਹਿੰਦੂ ਪਰਿਵਾਰਾਂ, ਗਰੀਬਾਂ, ਦਲਿਤਾਂ ਅਤੇ ਪਛੜੇ ਵਰਗਾਂ ਦੀ ਕਦੇ ਪਰਵਾਹ ਨਹੀਂ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਇਨ੍ਹਾਂ ਦੀ ਰਾਜਨੀਤੀ ਸਿਰਫ਼ ਤੁਸ਼ਟੀਕਰਨ ਤੱਕ ਸੀਮਤ ਰਹੀ ਹੈ, ਜਦਕਿ ਭਾਜਪਾ ਸਰਕਾਰ ਸਮਾਜ ਦੇ ਹਰ ਵਰਗ ਦੇ ਵਿਕਾਸ ਲਈ ਕੰਮ ਕਰ ਰਹੀ ਹੈ।
