ਜਲੰਧਰ, 30 ਜਨਵਰੀ 2026: ਪੀ.ਏ.ਪੀ. ਗਰਾਊਂਡ, ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੁਸੂਚਿਤ ਜਾਤੀ (ਐਸ.ਸੀ.) ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫੇ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਸਰਕਾਰ ਦੀਆਂ ਪ੍ਰਥਮਿਕਤਾਵਾਂ ਨੂੰ ਦਰਸਾਉਂਦਾ ਹੈ, ਜਿਸਦਾ ਮੁੱਖ ਉਦੇਸ਼ ਬੱਚਿਆਂ ਦੇ ਭਵਿੱਖ ਨੂੰ ਸੁਧਾਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਕਾਂਗਰਸ, ਅਕਾਲੀ ਅਤੇ ਭਾਜਪਾ ਸਿਰਫ ਆਪਣੇ ਪਰਿਵਾਰਾਂ ਦੇ ਹਿੱਤਾਂ ਦੀ ਚਿੰਤਾ ਕਰਦੇ ਰਹੇ, ਉਥੇ ਆਮ ਆਦਮੀ ਪਾਰਟੀ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦੀ ਭਲਾਈ ‘ਤੇ ਧਿਆਨ ਦੇ ਰਹੀ ਹੈ। 2020-21 ਦੇ ਮੁਕਾਬਲੇ, 2024-25 ਵਿੱਚ ਲਾਭਪਾਤਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ 35% ਦਾ ਵਾਧਾ ਹੋਇਆ ਹੈ, ਜੋ ਸਿੱਖਿਆ ਸੁਧਾਰਾਂ ਦਾ ਪ੍ਰਮਾਣ ਹੈ। ਮੁੱਖ ਮੰਤਰੀ ਨੇ ਵਜ਼ੀਫੇ ਨੂੰ ਸਿਰਫ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣ ਦਾ ਸਾਧਨ ਵੀ ਕਹਿਿਆ।
ਉਨ੍ਹਾਂ ਨੇ ਯਕੀਨੀ ਬਣਾਇਆ ਕਿ ਕੋਈ ਵੀ ਬੱਚਾ ਪੈਸੇ ਦੀ ਘਾਟ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਸਕੀਮ ਨੇ ਅਨੁਸੂਚਿਤ ਜਾਤੀ ਦੇ ਲੱਖਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਦਿੱਤਾ ਹੈ। ਇਸ ਤੋਂ ਪਹਿਲਾਂ 2017-20 ਦੌਰਾਨ ਫੰਡ ਦੀ ਘਾਟ ਕਾਰਨ ਬਹੁਤ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਦਿੱਤੀਆਂ ਗਈਆਂ ਸਨ।
ਉਨ੍ਹਾਂ ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਮਜ਼ੋਰ ਅਤੇ ਪਿੱਛੜੇ ਵਰਗਾਂ ਦੀ ਤਕਦੀਰ ਬਦਲਣ ਦਾ ਇੱਕੋ-ਇੱਕ ਜ਼ਰੀਆ ਸਿੱਖਿਆ ਹੈ। ਮਾਪਿਆਂ ਦੀਆਂ ਕੁਰਬਾਨੀਆਂ ਅਤੇ ਮਿਹਨਤ ਵਿਦਿਆਰਥੀਆਂ ਲਈ ਪ੍ਰੇਰਣਾ ਬਣਦੀਆਂ ਹਨ। ਮੁੱਖ ਮੰਤਰੀ ਨੇ ਸਟੇਜ ਤੋਂ ਸੰਤ ਰਾਮ ਉਦਾਸੀ ਦੀ ਕਵਿਤਾ ਵੀ ਸਾਂਝੀ ਕੀਤੀ ਅਤੇ ਨੌਜਵਾਨਾਂ ਨੂੰ ਟੀਚਾ ਤੈਅ ਕਰਨ ਅਤੇ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਅਤੇ ਬਾਬਾ ਸਾਹਿਬ ਅੰਬੇਦਕਰ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਇਸ ਸਕੀਮ ਨਾਲ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਭਵਿੱਖ ਨੂੰ ਬਦਲਣ ਦਾ ਮੌਕਾ ਮਿਲ ਰਿਹਾ ਹੈ। ਇਹ ਯੋਜਨਾ ₹2.50 ਲੱਖ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਹੈ ਅਤੇ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਪਛਾਣ ਬਾਇਓ-ਪ੍ਰਮਾਣਿਕਤਾ ਅਤੇ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਰਾਹੀਂ ਹੋ ਰਹੀ ਹੈ, ਜਿਸ ਨਾਲ ਧੋਖਾਧੜੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਕਿਸੇ ਵੀ ਪ੍ਰਤਿਭਾਵਾਨ ਵਿਦਿਆਰਥੀ ਦਾ ਸੁਪਨਾ ਪੈਸੇ ਦੀ ਘਾਟ ਕਾਰਨ ਅਧੂਰਾ ਨਾ ਰਹੇ।
ਮੁੱਖ ਮੰਤਰੀ ਨੇ ਆਧੁਨਿਕ ਸਕੂਲਾਂ, ਸਮਾਰਟ ਕਲਾਸ ਰੂਮ, ਲੈਬ ਅਤੇ ਖੇਡ ਮੈਦਾਨਾਂ ਦੀ ਸਥਾਪਨਾ ਦਾ ਵੀ ਜ਼ਿਕਰ ਕੀਤਾ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨੈੱਟ, ਜੇ.ਈ.ਈ., ਸੀ.ਐਲ.ਏ.ਟੀ., ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ।ਸਿਹਤ ਖੇਤਰ ਵਿੱਚ, ਮੁੱਖ ਮੰਤਰੀ ਨੇ 65 ਲੱਖ ਪਰਿਵਾਰਾਂ ਨੂੰ ਮੁਫ਼ਤ ਇਲਾਜ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ 881 ਆਮ ਆਦਮੀ ਕਲੀਨਿਕ ਹਰ ਰੋਜ਼ ਮੁਫ਼ਤ ਇਲਾਜ ਮੁਹਈਆ ਕਰ ਰਹੀਆਂ ਹਨ। ਪਿਛਲੇ ਚਾਰ ਸਾਲਾਂ ਵਿੱਚ 63,027 ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲ ਆਧੁਨਿਕ ਯੁੱਗ ਦੇ ਸਿੱਖਿਆ ਮੰਦਰ ਬਣ ਗਏ ਹਨ ਅਤੇ ਪੰਜਾਬ ਸਰਕਾਰ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲ ਨੂੰ ਪਿੱਛੇ ਛੱਡ ਦਿੱਤਾ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇ.ਈ.ਈ. ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਵਿੱਚ ਕੁਆਲੀਫਾਈ ਕੀਤਾ ਹੈ।
ਵਿਦਿਆਰਥੀਆਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਆਪਣਾ ਤਜਰਬਾ ਸਾਂਝਾ ਕੀਤਾ। ਦਿਲਪ੍ਰੀਤ ਸਿੰਘ (ਐਮ.ਬੀ.ਬੀ.ਐਸ.) ਅਤੇ ਹਰਸ਼ਿਤਾ (ਬੀ.ਏ. ਐਲ.ਐਲ.ਬੀ.) ਨੇ ਕਿਹਾ ਕਿ ਸਕੀਮ ਨੇ ਉਹਨਾਂ ਦੇ ਸੁਪਨੇ ਸਾਕਾਰ ਕੀਤੇ।
ਮੌਕੇ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਮਹਿੰਦਰ ਭਗਤ, ਰਾਜ ਕੁਮਾਰ ਚੱਬੇਵਾਲ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਬਲਕਾਰ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।
