
ਚੰਡੀਗੜ੍ਹ, 1 ਮਈ 2026: ਮਜ਼ਦੂਰ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦਾ ਰਵੱਈਆ ਮਜ਼ਦੂਰ-ਵਿਰੋਧੀ, ਗਰੀਬ-ਵਿਰੋਧੀ ਅਤੇ ਸਿਰਫ ਮੌਕਾਪ੍ਰਸਤ ਰਾਜਨੀਤੀ ਨੂੰ ਦਰਸਾਉਂਦਾ ਹੈ, ਜਦਕਿ ‘ਆਪ’ ਸਰਕਾਰ ਲਗਾਤਾਰ ਲੋਕ-ਹਿਤੈਸ਼ੀ ਨੀਤੀਆਂ ਨੂੰ ਅੱਗੇ ਵਧਾ ਰਹੀ ਹੈ।
ਸੀਨੀਅਰ ‘ਆਪ’ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣਾਂ ਦੇ ਤੁਰੰਤ ਬਾਅਦ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਕੀਮਤ ਵਿੱਚ 994 ਰੁਪਏ ਦੇ ਵਾਧੇ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਇਹ ਵਾਧਾ ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ‘ਤੇ ਸਿੱਧਾ ਆਰਥਿਕ ਬੋਝ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਤੱਕ ਇਸ ਫੈਸਲੇ ਨੂੰ ਜਾਣਬੁੱਝ ਕੇ ਰੋਕਿਆ ਗਿਆ ਅਤੇ ਹੁਣ ਇਸ ਦਾ ਅਸਰ ਖਾਣ-ਪੀਣ ਉਦਯੋਗ ਅਤੇ ਸਸਤੇ ਭੋਜਨ ‘ਤੇ ਨਿਰਭਰ ਲੋਕਾਂ ‘ਤੇ ਪਵੇਗਾ।
ਕਾਂਗਰਸ ਵੱਲੋਂ ਮਜ਼ਦੂਰਾਂ ਦੇ ਹੱਕਾਂ ‘ਤੇ ਚੱਲ ਰਹੇ ਵਿਸ਼ੇਸ਼ ਸੈਸ਼ਨ ਵਿੱਚੋਂ ਵਾਕਆਊਟ ਕਰਨ ‘ਤੇ ਚੀਮਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਗਰੀਬ ਅਤੇ ਦਲਿਤ ਵਿਰੋਧੀ ਸੋਚ ਨੂੰ ਬੇਨਕਾਬ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਮਜ਼ਦੂਰਾਂ ਅਤੇ ਪਿੱਛੜੇ ਵਰਗਾਂ ਨਾਲ ਜੁੜੇ ਅਹਿਮ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਲੋਕਤੰਤਰਕ ਸੰਸਥਾਵਾਂ ‘ਤੇ ਚਿੰਤਾ ਜਤਾਉਂਦਿਆਂ ਚੀਮਾ ਨੇ ਕਿਹਾ ਕਿ ਭਾਜਪਾ ਡਾ. ਬਾਬਾ ਸਾਹਿਬ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਨੂੰ ਕਮਜ਼ੋਰ ਕਰਨ ਵਾਲੀਆਂ ਨੀਤੀਆਂ ਅਪਣਾ ਰਹੀ ਹੈ। ਉਨ੍ਹਾਂ ਮਨਰੇਗਾ ਵਰਗੀਆਂ ਸਕੀਮਾਂ ਅਤੇ ਸਿਆਸੀ ਖਰੀਦੋ-ਫਰੋਖਤ ਦੇ ਮਾਮਲਿਆਂ ਨੂੰ ਲੋਕਤੰਤਰ ਲਈ ਖਤਰਾ ਦੱਸਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡੋਪ ਅਤੇ ਅਲਕੋਹਲ ਟੈਸਟ ਦੀ ਕਾਂਗਰਸ ਵੱਲੋਂ ਕੀਤੀ ਮੰਗ ‘ਤੇ ਪ੍ਰਤੀਕਿਰਿਆ ਦਿੰਦਿਆਂ ਚੀਮਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਨੂੰ ਬਦਨਾਮ ਕਰਨ ਲਈ ਰਚਿਆ ਗਿਆ ਸਿਆਸੀ ਨਾਟਕ ਹੈ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਸੈਸ਼ਨ ਦੌਰਾਨ ਕਾਂਗਰਸ ਦਾ ਰਵੱਈਆ ਉਸਦੀ ਘਟੀਆ ਮਾਨਸਿਕਤਾ ਦਾ ਪ੍ਰਤੀਕ ਸੀ, ਜਦਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਲੋਕ-ਵਿਰੋਧੀ ਚਿਹਰਾ ਸਾਹਮਣੇ ਲਿਆ ਦਿੱਤਾ।
ਪੰਜਾਬ ‘ਆਪ’ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਵਿਸ਼ੇਸ਼ ਸੈਸ਼ਨ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਵਰਗੇ ਲੋਕ-ਹਿਤੈਸ਼ੀ ਮਸਲਿਆਂ ‘ਤੇ ਚਰਚਾ ਲਈ ਸੱਦਿਆ ਗਿਆ ਸੀ, ਪਰ ਭਾਜਪਾ ਗੈਰ-ਹਾਜ਼ਰ ਰਹੀ ਅਤੇ ਕਾਂਗਰਸ ਨੇ ਹੰਗਾਮਾ ਕਰਕੇ ਵਾਕਆਊਟ ਕੀਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਮਜ਼ਦੂਰਾਂ ਦੇ ਹੱਕਾਂ ਨਾਲ ਧੋਖਾ ਕੀਤਾ ਹੈ ਅਤੇ ਬੇਬੁਨਿਆਦ ਦੋਸ਼ਾਂ ਰਾਹੀਂ ਸਰਕਾਰ ਦੀ ਗੱਲ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।‘ਆਪ’ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਦੀਆਂ ਸਿਆਸੀ ਅਸਥਿਰਤਾ ਪੈਦਾ ਕਰਨ ਵਾਲੀਆਂ ਕੋਸ਼ਿਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਬਾਹਰ ਸਮਾਂਤਰ ਸੈਸ਼ਨ ਕਰਨਾ ਸਿਰਫ ਇਹ ਦਰਸਾਉਂਦਾ ਹੈ ਕਿ ਭਾਜਪਾ ਕੋਲ ਅਸੈਂਬਲੀ ਅੰਦਰ ਲੋੜੀਂਦੀ ਗਿਣਤੀ ਨਹੀਂ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਮਜ਼ਦੂਰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਂਦੇ ਹਨ, ਜਦਕਿ ਵਿਜੇ ਮਾਲਿਆ ਅਤੇ ਨੀਰਵ ਮੋਦੀ ਵਰਗੇ ਲੋਕ ਦੇਸ਼ ਦਾ ਧਨ ਲੈ ਕੇ ਫਰਾਰ ਹੋ ਗਏ। ਇਹ ਪੁਰਾਣੇ ਸਿਸਟਮ ਦੀ ਨਾਕਾਮੀ ਨੂੰ ਦਰਸਾਉਂਦਾ ਹੈ।
ਵਿਧਾਇਕ ਲਾਭ ਸਿੰਘ ਉਗੋਕੇ ਨੇ ਦੋਸ਼ ਲਾਇਆ ਕਿ ਪਿਛਲੀਆਂ ਕਾਂਗਰਸੀ ਸਰਕਾਰਾਂ ਦੌਰਾਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਫੰਡਾਂ ਵਿੱਚ ਵੱਡੇ ਪੱਧਰ ‘ਤੇ ਗੜਬੜ ਹੋਈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸਕਾਲਰਸ਼ਿਪ ਦੀ ਸਿੱਧੀ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਹੈ।
ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ‘ਆਪ’ ਨੇ ਉਨ੍ਹਾਂ ਵਰਗੇ ਆਗੂਆਂ ਨੂੰ ਸੇਵਾ ਅਤੇ ਤਰੱਕੀ ਦਾ ਮੌਕਾ ਦਿੱਤਾ ਹੈ ਅਤੇ ਪਾਰਟੀ ਦੇਸ਼ ਭਰ ਵਿੱਚ ਆਪਣਾ ਵਿਸਥਾਰ ਜਾਰੀ ਰੱਖੇਗੀ।
ਪੰਜਾਬ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਵੱਲੋਂ “ਲੋਕ ਵਿਧਾਨ ਸਭਾ” ਦੇ ਆਯੋਜਨ ਨੂੰ ਸਿਰਫ ਸਿਆਸੀ ਸਟੰਟ ਕਰਾਰ ਦਿੰਦਿਆਂ ਕਿਹਾ ਕਿ ਜਿਸ ਪਾਰਟੀ ਦੀ ਅਸੈਂਬਲੀ ਵਿੱਚ ਪ੍ਰਤੀਨਿਧਤਾ ਨਹੀਂ, ਉਹ ਅਜਿਹੇ ਡਰਾਮਿਆਂ ਰਾਹੀਂ ਧਿਆਨ ਖਿੱਚਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਇਸ ਵੇਲੇ ਦੇਸ਼ ਦੇ ਸਭ ਤੋਂ ਸੁਰੱਖਿਅਤ ਰਾਜਾਂ ਵਿੱਚੋਂ ਇੱਕ ਹੈ।
