
ਜਲੰਧਰ, 17 ਜੁਲਾਈ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜਲੰਧਰ ਵਿੱਚ ਆਯੋਜਿਤ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਦੀ ਸਰਕਾਰ ਵਿਕਾਸ ਦੀ ਬਜਾਏ ਕਰਜ਼ੇ ਦੇ ਸਹਾਰੇ ਚੱਲ ਰਹੀ ਹੈ ਅਤੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ।
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਅਤੇ ਵਿਕਾਸਸ਼ੀਲ ਬਣਾਉਣ ਲਈ ਸਥਿਰ ਅਤੇ ਦੂਰਦਰਸ਼ੀ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਅੰਦਰੂਨੀ ਖਿੱਚਤਾਣ ਨਾਲ ਜੂਝ ਰਹੀ ਹੈ ਅਤੇ ਸੱਤਾ ਹਾਸਲ ਕਰਨ ਦੀ ਉਸਦੀ ਲੜਾਈ ਦਾ ਕੋਈ ਅੰਤ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੀ ਆਪਣੀਆਂ ਅੰਦਰੂਨੀ ਸਮੱਸਿਆਵਾਂ ਵਿੱਚ ਉਲਝਿਆ ਹੋਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਵਿੱਚ ਅਸਲ ਤਬਦੀਲੀ ਲਿਆ ਸਕਦੀ ਹੈ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਹਰਿਆਣਾ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਈ। ਇਸ ਉਪਰੰਤ ਉਹ ਚੰਡੀਗੜ੍ਹ ਪਹੁੰਚੇ, ਜਿੱਥੇ ਕਰੀਬ ₹4,700 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਚੰਡੀਗੜ੍ਹ ਲਈ ਨਵੇਂ ਐਮਬੀਬੀਐਸ ਕਾਲਜ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਅਤੇ ਉੱਥੇ ਜਲਦੀ ਹੀ ਪੜ੍ਹਾਈ ਸ਼ੁਰੂ ਹੋਵੇਗੀ।
ਚੰਡੀਗੜ੍ਹ ਦੇ ਸਮਾਗਮ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੀ ਮੰਚ ‘ਤੇ ਮੌਜੂਦ ਸਨ। ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਵੀ ਲਿਆ ਗਿਆ, ਹਾਲਾਂਕਿ ਉਹ ਪ੍ਰਧਾਨ ਮੰਤਰੀ ਨਾਲ ਮੰਚ ਸਾਂਝਾ ਕਰਦੇ ਨਜ਼ਰ ਨਹੀਂ ਆਏ।
ਚੰਡੀਗੜ੍ਹ ਤੋਂ ਬਾਅਦ ਪ੍ਰਧਾਨ ਮੰਤਰੀ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ₹5,470 ਕਰੋੜ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਸੰਤ ਸਮਾਜ ਨਾਲ ਮੁਲਾਕਾਤ ਵੀ ਕੀਤੀ ਅਤੇ ਸਰ ਗੋਵਰਧਨਪੁਰ (ਵਾਰਾਣਸੀ) ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਤੱਕ ਚੱਲੇਗੀ।
ਰੇਲਗੱਡੀ ਵਿੱਚ ਸਫ਼ਰ ਦੌਰਾਨ ਪ੍ਰਧਾਨ ਮੰਤਰੀ ਨੇ ਰਵਿਦਾਸੀਆ ਭਾਈਚਾਰੇ ਦੇ ਸਭ ਤੋਂ ਵੱਡੇ ਧਾਰਮਿਕ ਕੇਂਦਰ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸਕੂਲੀ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਜਲੰਧਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰੇ ਰੰਗ ਦੀ ਪੱਗ ਬੰਨ੍ਹ ਕੇ ਮੰਚ ‘ਤੇ ਪਹੁੰਚੇ, ਜਿਸ ਨੂੰ ਕਿਸਾਨੀ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜ ਕੇ ਵੀ ਦੇਖਿਆ ਗਿਆ। ਰੈਲੀ ਦੀ ਇੱਕ ਹੋਰ ਖਾਸ ਗੱਲ ਇਹ ਰਹੀ ਕਿ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਵਿਕਰਮਜੀਤ ਸਿੰਘ ਸਾਹਨੀ, ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਪਹਿਲੀ ਵਾਰ ਭਾਜਪਾ ਦੇ ਮੰਚ ‘ਤੇ ਇਕੱਠੇ ਨਜ਼ਰ ਆਏ। ਹਾਲਾਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ।
ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ ਧਾਰਮਿਕ, ਵਿਕਾਸੀ ਅਤੇ ਸਿਆਸੀ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਉਨ੍ਹਾਂ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ, ਉੱਥੇ ਹੀ ਦੂਜੇ ਪਾਸੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਭਾਜਪਾ ਨੂੰ ਪੰਜਾਬ ਦੇ ਭਵਿੱਖ ਲਈ ਸਭ ਤੋਂ ਮਜ਼ਬੂਤ ਵਿਕਲਪ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਵੀ ਕੀਤੀ।
