Saturday, May 23Punjabi People

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਾਰਕੋ-ਅੱਤਵਾਦੀ ਗਿਰੋਹ ਦਾ ਭੰਡਾਫੋੜ; 42.9 ਕਿਲੋ ਹੈਰੋਇਨ, 4 ਹੈਂਡ ਗ੍ਰਨੇਡ ਤੇ ਇੱਕ ਪਿਸਤੌਲ ਬਰਾਮਦ

ਅੰਮ੍ਰਿਤਸਰ, 29 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਸਹਿਯੋਗ ਨਾਲ 42.9 ਕਿਲੋਗ੍ਰਾਮ ਹੈਰੋਇਨ, ਚਾਰ ਹੈਂਡ ਗ੍ਰਨੇਡ, ਇੱਕ ਸਟਾਰ-ਮਾਰਕ ਪਿਸਤੌਲ ਅਤੇ 46 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਦੱਸਿਆ ਕਿ ਇਹ ਕਾਰਵਾਈ ਵੀਡੀਸੀਜ਼—ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ—ਰਾਹੀਂ ਪ੍ਰਾਪਤ ਭਰੋਸੇਯੋਗ ਅਤੇ ਕਾਰਵਾਈਯੋਗ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਅੰਜਾਮ ਦਿੱਤੀ ਗਈ, ਜਿਸਦਾ ਉਦੇਸ਼ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਅਤੇ ਨਸ਼ਾ ਵਿਰੋਧੀ ਯਤਨਾਂ ਵਿੱਚ ਭਾਈਚਾਰੇ ਦੀ ਭਾਗੀਦਾਰੀ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕ ਸਮੱਗਰੀ ਅੰਤਰਰਾਸ਼ਟਰੀ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ, ਜਿਸ ਨਾਲ ਇਸ ਮਾਮਲੇ ਵਿੱਚ ਇੱਕ ਸੰਗਠਿਤ ਸਰਹੱਦ ਪਾਰ ਨਾਰਕੋ-ਅੱਤਵਾਦੀ ਨੈੱਟਵਰਕ ਦੀ ਸ਼ਮੂਲੀਅਤ ਸਪੱਸ਼ਟ ਹੁੰਦੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਫਰਾਰ ਮੁਲਜ਼ਮਾਂ ਦੀ ਪਛਾਣ, ਬਰਾਮਦਗੀ ਦੀ ਲੜੀ ਅਤੇ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਵੀਡੀਸੀ ਨੈੱਟਵਰਕ ਰਾਹੀਂ ਮਿਲੀ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਪਿੰਡ ਊਠੀਆਂ ਵਿਖੇ ਇੱਕ ਮੋਟਰਸਾਈਕਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਦੱਸਿਆ ਕਿ ਪੁਲਿਸ ਦੀ ਮੌਜੂਦਗੀ ਦੇ ਅਹਿਸਾਸ ਹੋਣ ’ਤੇ ਸ਼ੱਕੀ ਵਿਅਕਤੀ ਹਨੇਰੇ ਦਾ ਲਾਭ ਲੈਂਦੇ ਹੋਏ ਖੇਪ ਸਮੇਤ ਮੋਟਰਸਾਈਕਲ ਛੱਡ ਕੇ ਨੇੜਲੇ ਖੇਤਾਂ ਵੱਲ ਫਰਾਰ ਹੋ ਗਏ। ਇਸ ਉਪਰੰਤ ਪੁਲਿਸ ਵੱਲੋਂ ਆਲੇ-ਦੁਆਲੇ ਦੇ ਖੇਤਰ ਵਿੱਚ ਯੋਜਨਾਬੱਧ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਵੱਡੀ ਖੇਪ ਬਰਾਮਦ ਹੋਈ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ, ਉਨ੍ਹਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਲਗਾਤਾਰ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 26 ਮਿਤੀ 29.01.2026 ਨੂੰ ਥਾਣਾ ਰਾਜਾਸਾਂਸੀ, ਅੰਮ੍ਰਿਤਸਰ ਦਿਹਾਤੀ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 25 ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *