
ਚੰਡੀਗੜ੍ਹ, 6 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 18ਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ ਗਏ ਟਿਕਾਣਿਆਂ ’ਤੇ ਕੁੱਲ 601 ਛਾਪੇਮਾਰੀਆਂ ਕੀਤੀਆਂ ਗਈਆਂ।
ਉਪਲਬਧ ਜਾਣਕਾਰੀ ਅਨੁਸਾਰ, ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨਾਲ ਤਾਲਮੇਲ ਕਰਦਿਆਂ ਸੂਬੇ ਭਰ ਵਿੱਚ ਲਗਾਤਾਰ ਵਿਸ਼ੇਸ਼ ਕਾਰਵਾਈਆਂ ਅੰਜਾਮ ਦੇ ਰਹੀਆਂ ਹਨ।
ਮੁਹਿੰਮ ਦੇ 18ਵੇਂ ਦਿਨ ਦੌਰਾਨ ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 5,110 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ, 121 ਵਿਅਕਤੀਆਂ ਵਿਰੁੱਧ ਰੋਕਥਾਮੀ ਕਾਰਵਾਈ ਕੀਤੀ ਗਈ, ਜਦਕਿ 284 ਵਿਅਕਤੀਆਂ ਦੀ ਤਸਦੀਕ ਕਰਕੇ ਪੁੱਛਗਿੱਛ ਉਪਰਾਂਤ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਕਾਰਵਾਈ ਦੌਰਾਨ ਪੁਲਿਸ ਵੱਲੋਂ 7 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ।
ਲੋੜੀਂਦੇ ਅਪਰਾਧੀਆਂ ਜਾਂ ਗੈਂਗਸਟਰਾਂ ਬਾਰੇ ਜਾਣਕਾਰੀ ਦੇਣ ਅਤੇ ਅਪਰਾਧਿਕ ਗਤੀਵਿਧੀਆਂ ਸੰਬੰਧੀ ਇਤਲਾਹ ਦੇਣ ਲਈ ਆਮ ਲੋਕ ਗੁਪਤ ਤੌਰ ’ਤੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਸੰਪਰਕ ਕਰ ਸਕਦੇ ਹਨ।
ਇਸਦੇ ਨਾਲ ਹੀ, ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 342ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋਗ੍ਰਾਮ ਹੈਰੋਇਨ, 510 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ ਲਗਭਗ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤਰ੍ਹਾਂ ਕੇਵਲ 342 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,954 ਹੋ ਚੁੱਕੀ ਹੈ।
