
ਚੰਡੀਗੜ੍ਹ, 6 ਮਾਰਚ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੀਆਂ ਪਛਾਣੀਆਂ ਅਤੇ ਮੈਪ ਕੀਤੀਆਂ 400 ਥਾਵਾਂ ‘ਤੇ ਇਕੱਠੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਇਕ ਵਿਆਪਕ ਮੁਹਿੰਮ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ 2026 ਨੂੰ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਖ਼ਾਸ ਕਾਰਵਾਈਆਂ ਕਰ ਰਹੀਆਂ ਹਨ।
45ਵੇਂ ਦਿਨ ਦੀ ਕਾਰਵਾਈ ਦੌਰਾਨ ਪੁਲਿਸ ਨੇ 126 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 13,045 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ 64 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 55 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ।
ਲੋਕ ਐਂਟੀ-ਗੈਂਗਸਟਰ ਹੈਲਪਲਾਈਨ 93946 93946 ‘ਤੇ ਗੈਂਗਸਟਰਾਂ ਅਤੇ ਅਪਰਾਧੀਆਂ ਬਾਰੇ ਜਾਣਕਾਰੀ ਗੁਪਤ ਤੌਰ ‘ਤੇ ਸਾਂਝੀ ਕਰ ਸਕਦੇ ਹਨ ਅਤੇ ਅਪਰਾਧਕ ਗਤੀਵਿਧੀਆਂ ਸੰਬੰਧੀ ਸੂਚਨਾ ਵੀ ਦੇ ਸਕਦੇ ਹਨ।
ਇਸ ਦੇ ਨਾਲ ਹੀ ਪੁਲਿਸ ਟੀਮਾਂ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ 370ਵਾਂ ਦਿਨ ਵੀ ਜਾਰੀ ਰਿਹਾ। ਅੱਜ ਦੀ ਕਾਰਵਾਈ ਦੌਰਾਨ 97 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 551 ਗ੍ਰਾਮ ਹੈਰੋਇਨ, 1.9 ਕਿਲੋਗ੍ਰਾਮ ਅਫੀਮ, 435 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 28,850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਇਸ ਮੁਹਿੰਮ ਤਹਿਤ ਸਿਰਫ 370 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52,428 ਹੋ ਚੁੱਕੀ ਹੈ। ਇਸ ਤੋਂ ਇਲਾਵਾ ਨਸ਼ਾ ਛੁਡਾਊ ਯਤਨਾਂ ਦੇ ਤਹਿਤ ਪੰਜਾਬ ਪੁਲਿਸ ਨੇ ਅੱਜ 40 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।
