
ਚੰਡੀਗੜ੍ਹ, 13 ਮਾਰਚ 2026: ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 52ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ ਪਛਾਣੇ ਅਤੇ ਮੈਪ ਕੀਤੇ 587 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਗੌਰਤਲਬ ਹੈ ਕਿ “ਗੈਂਗਸਟਰਾਂ ਤੇ ਵਾਰ” ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਵਿਆਪਕ ਮੁਹਿੰਮ ਹੈ, ਜਿਸਦੀ ਸ਼ੁਰੂਆਤ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਮੁਹਿੰਮ ਦੇ 52ਵੇਂ ਦਿਨ ਦੌਰਾਨ ਪੁਲਿਸ ਟੀਮਾਂ ਨੇ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 14,340 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 102 ਵਿਅਕਤੀਆਂ ਨੂੰ ਜਾਂਚ ਅਤੇ ਪੁੱਛਗਿੱਛ ਮਗਰੋਂ ਛੱਡ ਦਿੱਤਾ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 3 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ।
ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਤੌਰ ‘ਤੇ ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਦੇ ਸਕਦੇ ਹਨ।
ਇਸੇ ਦੌਰਾਨ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 377ਵੇਂ ਦਿਨ ਵੀ ਕਾਰਵਾਈ ਜਾਰੀ ਰੱਖਦਿਆਂ ਅੱਜ 64 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ 13 ਕਿਲੋ ਹੈਰੋਇਨ, 2.6 ਕਿਲੋ ਅਫੀਮ ਅਤੇ 443 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਮੁਹਿੰਮ ਤਹਿਤ ਸਿਰਫ 377 ਦਿਨਾਂ ਵਿੱਚ ਕੁੱਲ 53,383 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।
ਨਸ਼ਾ ਮੁਕਤੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਲਈ ਤਿਆਰ ਵੀ ਕੀਤਾ ਹੈ।
