Wednesday, July 29Punjabi People

‘ਗੈਂਗਸਟਰਾਂ ‘ਤੇ ਵਾਰ’ ਦਾ 61ਵਾਂ ਦਿਨ: ਪੰਜਾਬ ਪੁਲਿਸ ਨੇ 529 ਥਾਵਾਂ ‘ਤੇ ਛਾਪੇ ਮਾਰ ਕੇ 212 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 22 ਮਾਰਚ 2026: ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚਲਾਈ ਜਾ ਰਹੀ ਫੈਸਲਾਕੁੰਨ “ਗੈਂਗਸਟਰਾਂ ਤੇ ਵਾਰ” ਮੁਹਿੰਮ ਦੇ 61ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਨਾਲ ਸੰਬੰਧਤ 529 ਪਛਾਣੇ ਹੋਏ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ Gaurav Yadav ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਸਾਂਝੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਮੁਹਿੰਮ ਦੇ 61ਵੇਂ ਦਿਨ 212 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 4 ਹਥਿਆਰ ਵੀ ਬਰਾਮਦ ਹੋਏ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 16,311 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ, 68 ਵਿਅਕਤੀਆਂ ਖ਼ਿਲਾਫ਼ ਰੋਕਥਾਮੀ ਕਾਰਵਾਈ ਕੀਤੀ ਗਈ, ਜਦਕਿ 96 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਕਾਰਵਾਈ ਦੌਰਾਨ ਪੁਲਿਸ ਨੇ 16 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਤੌਰ ‘ਤੇ ਗੈਂਗਸਟਰਾਂ ਜਾਂ ਅਪਰਾਧੀਆਂ ਬਾਰੇ ਜਾਣਕਾਰੀ ਸਾਂਝੀ ਕਰਨ।

ਇਸ ਦੇ ਨਾਲ ਹੀ, ਨਸ਼ਿਆਂ ਵਿਰੁੱਧ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 386ਵੇਂ ਦਿਨ ਵੀ ਕਾਰਵਾਈ ਜਾਰੀ ਰਹੀ। ਅੱਜ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 26.6 ਕਿਲੋਗ੍ਰਾਮ ਹੈਰੋਇਨ, 35 ਕਿਲੋਗ੍ਰਾਮ ਭੁੱਕੀ, 575 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13,513 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਮੁਹਿੰਮ ਦੌਰਾਨ ਹੁਣ ਤੱਕ ਕੁੱਲ 55,001 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਨਾਲ ਹੀ, ਨਸ਼ਾ ਛੁਡਾਊ ਯਤਨਾਂ ਤਹਿਤ ਅੱਜ 26 ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਗਿਆ ਹੈ।

Leave a Reply

Your email address will not be published. Required fields are marked *