
ਚੰਡੀਗੜ੍ਹ, 29 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 68ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ 508 ਪਛਾਣੇ ਗਏ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਉਲਲੇਖਯੋਗ ਹੈ ਕਿ ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸਦਾ ਉਦੇਸ਼ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਇਸ ਮੁਹਿੰਮ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ।
ਅੱਜ ਦੀ ਕਾਰਵਾਈ ਦੌਰਾਨ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨਾਲ ਮੁਹਿੰਮ ਦੇ ਆਰੰਭ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 17,674 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ 95 ਵਿਅਕਤੀਆਂ ਖ਼ਿਲਾਫ਼ ਰੋਕਥਾਮੀ ਕਾਰਵਾਈ ਕੀਤੀ ਗਈ, ਜਦਕਿ 99 ਲੋਕਾਂ ਨੂੰ ਪੁੱਛਗਿੱਛ ਤੋਂ ਬਾਅਦ ਰਿਹਾ ਕਰ ਦਿੱਤਾ ਗਿਆ। ਇਸ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ ਵੀ ਕਾਬੂ ਕੀਤੇ ਗਏ।
ਲੋਕ ਐਂਟੀ-ਗੈਂਗਸਟਰ ਹੈਲਪਲਾਈਨ 93946-93946 ‘ਤੇ ਗੁਪਤ ਤੌਰ ‘ਤੇ ਗੈਂਗਸਟਰਾਂ ਜਾਂ ਲੋੜੀਂਦੇ ਅਪਰਾਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ।
ਇਸੇ ਦੌਰਾਨ, “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 393ਵੇਂ ਦਿਨ ਪੁਲਿਸ ਨੇ 112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 463 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 471 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 62,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਮੁਹਿੰਮ ਤਹਿਤ ਹੁਣ ਤੱਕ 56,071 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ।
ਨਸ਼ਾ ਮੁਕਤੀ ਅਭਿਆਨ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ।
