
ਦਿੱਲੀ, 18 ਜੂਨ 2026: ਦਿੱਲੀ ਸਰਕਾਰ ਨੇ ਸਾਬਕਾ ਅਗਨੀਵੀਰਾਂ ਲਈ ਇੱਕ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਗਰੁੱਪ ‘ਸੀ’ ਅਸਾਮੀਆਂ ਦੀ ਭਰਤੀ ਵਿੱਚ 20 ਫੀਸਦੀ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ। ਇਹ ਰਾਖਵਾਂਕਰਨ ਦਿੱਲੀ ਪੁਲਿਸ, ਦਿੱਲੀ ਫਾਇਰ ਸਰਵਿਸ, ਜੇਲ੍ਹ ਵਿਭਾਗ ਅਤੇ ਜੰਗਲਾਤ ਵਿਭਾਗ ਵਿੱਚ ਹੋਣ ਵਾਲੀਆਂ ਭਰਤੀਆਂ ‘ਤੇ ਲਾਗੂ ਹੋਵੇਗਾ।
ਇਸ ਸਬੰਧੀ ਉਪ ਰਾਜਪਾਲ ਨੇ ਮੁੱਖ ਸਕੱਤਰ, ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ, ਜਿਸ ਦੌਰਾਨ ਸਾਬਕਾ ਅਗਨੀਵੀਰਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਮੌਕੇ ਪ੍ਰਦਾਨ ਕਰਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਬੈਠਕ ਵਿੱਚ ਭਰਤੀ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਨੂੰ ਜਲਦੀ ਅਮਲ ਵਿੱਚ ਲਿਆਉਣ ‘ਤੇ ਵੀ ਜ਼ੋਰ ਦਿੱਤਾ ਗਿਆ।
ਉਪ ਰਾਜਪਾਲ ਨੇ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਸਾਰੇ ਯੋਗ ਸਾਬਕਾ ਅਗਨੀਵੀਰਾਂ ਲਈ ਖੁੱਲ੍ਹੀ ਹੋਵੇਗੀ ਅਤੇ ਉਨ੍ਹਾਂ ਨੂੰ ਬਰਾਬਰੀ ਦੇ ਆਧਾਰ ‘ਤੇ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੇਵਾ ਦੌਰਾਨ ਪ੍ਰਾਪਤ ਕੀਤੇ ਅਨੁਸ਼ਾਸਨ, ਹੁਨਰ ਅਤੇ ਤਜਰਬੇ ਨੂੰ ਸਰਕਾਰੀ ਸੇਵਾਵਾਂ ਵਿੱਚ ਵਰਤਣਾ ਨਾ ਸਿਰਫ਼ ਉਨ੍ਹਾਂ ਦੀ ਸੇਵਾ ਦਾ ਸਨਮਾਨ ਹੈ, ਸਗੋਂ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਵੀ ਮਜ਼ਬੂਤ ਕਰੇਗਾ।
ਸਰਕਾਰ ਵੱਲੋਂ ਸਾਰੇ ਸਬੰਧਤ ਵਿਭਾਗਾਂ ਨੂੰ ਭਰਤੀ ਨਿਯਮਾਂ ਵਿੱਚ ਸੋਧ ਦੀ ਪ੍ਰਕਿਰਿਆ 30 ਜੂਨ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਬਾਅਦ ਰਾਖਵਾਂਕਰਨ ਦੀ ਵਿਵਸਥਾ ਨੂੰ ਲਾਗੂ ਕਰਕੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਅਧਿਕਾਰੀਆਂ ਮੁਤਾਬਕ, ਸਾਬਕਾ ਅਗਨੀਵੀਰਾਂ ਦੀ ਟ੍ਰੇਨਿੰਗ ਅਤੇ ਸੇਵਾ ਦੌਰਾਨ ਹਾਸਲ ਕੀਤੀਆਂ ਵਿਸ਼ੇਸ਼ ਯੋਗਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਭਾਗ ਆਪਣੀਆਂ ਕਾਰਜਸ਼ੀਲ ਜ਼ਰੂਰਤਾਂ ਅਨੁਸਾਰ ਉਨ੍ਹਾਂ ਦੀਆਂ ਸੇਵਾਵਾਂ ਦਾ ਲਾਭ ਲੈ ਸਕਣਗੇ। ਇਸ ਕਦਮ ਨੂੰ ਸਾਬਕਾ ਅਗਨੀਵੀਰਾਂ ਦੇ ਪੁਨਰਵਾਸ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਵੱਲ ਇੱਕ ਅਹਿਮ ਪਹਿਲ ਮੰਨਿਆ ਜਾ ਰਿਹਾ ਹੈ।
