
ਦਿੱਲੀ, 12 ਜੂਨ 2026: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਵਧ ਰਹੀਆਂ ਬਿਜਲੀ ਦਰਾਂ ਨੂੰ ਲੈ ਕੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇੱਥੇ ਦੇਸ਼ ਦੀਆਂ ਸਭ ਤੋਂ ਮਹਿੰਗੀਆਂ ਬਿਜਲੀ ਦਰਾਂ ਲਾਗੂ ਹਨ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ‘ਤੇ ਪੈ ਰਿਹਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਮਹਿੰਗੇ ਬਿਜਲੀ ਬਿੱਲਾਂ ਕਾਰਨ ਲੋਕਾਂ ਵਿੱਚ ਭਾਰੀ ਨਾਰਾਜ਼ਗੀ ਹੈ ਅਤੇ ਸਰਕਾਰ ਪ੍ਰਤੀ ਗੁੱਸਾ ਵਧ ਰਿਹਾ ਹੈ।
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਦੀ ਤਰਜ਼ ‘ਤੇ ਗੋਆ ਵਿੱਚ ਵੀ ਹਰ ਘਰੇਲੂ ਖਪਤਕਾਰ ਨੂੰ ਪ੍ਰਤੀ ਮਹੀਨਾ 300 ਯੂਨਿਟ ਤੱਕ ਮੁਫ਼ਤ ਬਿਜਲੀ ਮਿਲਣੀ ਚਾਹੀਦੀ ਹੈ। ਉਨ੍ਹਾਂ ਦੇ ਅਨੁਸਾਰ ਇਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ ਅਤੇ ਘਰੇਲੂ ਖਰਚਿਆਂ ਦਾ ਬੋਝ ਘੱਟ ਹੋਵੇਗਾ।
ਉਨ੍ਹਾਂ ਮੁੜ ਜ਼ੋਰ ਦੇ ਕੇ ਕਿਹਾ ਕਿ ਗੋਆ ਦੀਆਂ ਬਿਜਲੀ ਦਰਾਂ ਦੇਸ਼ ਵਿੱਚ ਸਭ ਤੋਂ ਉੱਚੀਆਂ ਦਰਾਂ ਵਿੱਚ ਸ਼ਾਮਲ ਹਨ, ਜਿਸ ਕਾਰਨ ਆਮ ਅਤੇ ਮੱਧ ਵਰਗ ਦੇ ਪਰਿਵਾਰ ਸਰਕਾਰ ਤੋਂ ਨਾਰਾਜ਼ ਹਨ। ਇਸ ਮੌਕੇ ਉਨ੍ਹਾਂ ਗੋਆ ਵਿੱਚ ਵੀ ਦਿੱਲੀ-ਪੰਜਾਬ ਮਾਡਲ ਲਾਗੂ ਕਰਨ ਦੀ ਵਕਾਲਤ ਕਰਦਿਆਂ ਹਰ ਘਰ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਦਿੱਤੀ।
ਇਸ ਤੋਂ ਇਲਾਵਾ ਕੇਜਰੀਵਾਲ ਨੇ ਗੋਆ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਸਿਹਤ ਬੀਮੇ ਦਾ ਵਾਅਦਾ ਕੀਤਾ। ਨਾਲ ਹੀ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਲਈ ਹਰ ਮਹੀਨੇ 1000 ਰੁਪਏ ਦੀ ਸਨਮਾਨ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।
