
ਚੰਡੀਗੜ੍ਹ/ਗੜ੍ਹਸ਼ੰਕਰ, 11 ਮਈ 2026: ਹਲਕਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੀਂ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਲਈ ਉਨ੍ਹਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ ਗਈ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਾਂਗੀਣ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ।
ਸ. ਰੌੜੀ ਨੇ ਕਿਹਾ ਕਿ ਮੋਰਾਂਵਾਲੀ ਵਿੱਚ ਬਣਨ ਵਾਲੀ ਇਹ ਸੜਕ ਪਿੰਡ ਵਾਸੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਨਾਲ ਆਵਾਜਾਈ ਸੁਗਮ ਹੋਵੇਗੀ ਅਤੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਦੌਰਾਨ ਆਉਣ ਵਾਲੀਆਂ ਦਿਕ਼ਤਾਂ ਤੋਂ ਰਾਹਤ ਮਿਲੇਗੀ। ਖਾਸ ਕਰਕੇ ਮੀਂਹ ਦੇ ਮੌਸਮ ਵਿੱਚ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਹਰ ਪਿੰਡ ਦੇ ਵਿਕਾਸ ਲਈ ਉਹ ਨਿਰੰਤਰ ਯਤਨਸ਼ੀਲ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ। ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇਗਾ।
ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਨੀਤੀਆਂ ਨੂੰ ਕੇਂਦਰ ਵਿੱਚ ਰੱਖ ਕੇ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ ‘ਤੇ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚ ਸਕੇ।
ਇਸ ਮੌਕੇ ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿੱਚ ਹੋ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ ਅਤੇ ਇਲਾਕੇ ਦੀ ਨੁਹਾਰ ਵਿੱਚ ਸਕਾਰਾਤਮਕ ਬਦਲਾਅ ਆ ਰਿਹਾ ਹੈ।
ਸਮਾਗਮ ਦੌਰਾਨ ਪਿੰਡ ਦੇ ਸਰਪੰਚ, ਪੰਚ, ਨੰਬਰਦਾਰ, ਇਲਾਕੇ ਦੇ ਮੋਹਤਬਰ ਵਿਅਕਤੀ, ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
