
ਚੰਡੀਗੜ੍ਹ, 9 ਫਰਵਰੀ 2026: ਸ੍ਰੀ ਅਨੰਦਪੁਰ ਸਾਹਿਬ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਇਲਾਕੇ ਵਿੱਚ ਸੜਕੀ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਤਰੱਕੀ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ।
ਇੱਥੋਂ ਜਾਰੀ ਕੀਤੇ ਗਏ ਇੱਕ ਵੀਡੀਓ ਸੰਦੇਸ਼ ਰਾਹੀਂ ਸ. ਬੈਂਸ ਨੇ ਹਲਕੇ ਦੇ ਵਸਨੀਕਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪੰਜ ਅਹਿਮ ਪੁਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਸ. ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਮਨਜ਼ੂਰਸ਼ੁਦਾ ਪੁਲ ਪ੍ਰੋਜੈਕਟਾਂ ਵਿੱਚ ਬ੍ਰਹਮਪੁਰ ਅਤੇ ਡਰੋਲੀ ਪੁਲ ਸ਼ਾਮਲ ਹਨ, ਜੋ ਨਹਿਰ ਦੀ ਉਸਾਰੀ ਦੇ ਸਮੇਂ ਬਣੇ ਸਨ ਅਤੇ ਹੁਣ ਆਧੁਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੜ ਤਿਆਰ ਕੀਤੇ ਜਾਣਗੇ। ਉਨ੍ਹਾਂ ਨੇ ਗੰਗੂਵਾਲ ਡਬਲ ਪੁਲ ਨੂੰ ਇੱਕ ਅਹਿਮ ਰਣਨੀਤਕ ਪ੍ਰੋਜੈਕਟ ਦੱਸਿਆ।
ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਗੁਰੂ ਕਾ ਲਾਹੌਰ ਵਿਖੇ ਵਿਆਹ ਪੁਰਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਹੋਲਾ ਮੁਹੱਲਾ ਸਮੇਤ ਵੱਡੇ ਧਾਰਮਿਕ ਸਮਾਗਮਾਂ ਦੌਰਾਨ ਸੰਗਤ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਟ੍ਰੈਫਿਕ ਸੰਬੰਧੀ ਸਮੱਸਿਆਵਾਂ ਵਿੱਚ ਵੀ ਵੱਡੀ ਹੱਦ ਤੱਕ ਸੁਧਾਰ ਆਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਪ੍ਰੋਜੈਕਟ ਸੰਗਤ ਲਈ ਨਿਰਵਿਘਨ ਯਾਤਰਾ ਯਕੀਨੀ ਬਣਾਉਣਗੇ।
ਇਸ ਤੋਂ ਇਲਾਵਾ, ਅਟਾਰੀ ਪਿੰਡ ਦਾ ਪੁਲ ਅਟਾਰੀ ਨੂੰ ਸਿੱਧੇ ਕੌਮੀ ਰਾਜਮਾਰਗ ਨਾਲ ਜੋੜੇਗਾ, ਜਿਸ ਨਾਲ ਲੰਬੇ ਚੱਕਰ ਮੁੱਕਣਗੇ ਅਤੇ ਸਥਾਨਕ ਵਪਾਰ ਤੇ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਇਸੇ ਤਰ੍ਹਾਂ ਭਾਓਵਾਲ ਪੁਲ ਨਾਲ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਆਰਥਿਕ ਗਤੀਵਿਧੀਆਂ ਵਿੱਚ ਤੇਜ਼ੀ ਆਵੇਗੀ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਸਾ ਨੰਗਲ ਪੁਲ ਪ੍ਰੋਜੈਕਟ ਲਈ ਟੈਂਡਰ ਪ੍ਰਕਿਰਿਆ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ ਅਤੇ ਇਸ ਦਾ ਕੰਮ 14 ਅਪ੍ਰੈਲ ਦੇ ਆਸਪਾਸ ਸ਼ੁਰੂ ਹੋਣ ਦੀ ਉਮੀਦ ਹੈ।
ਉਨ੍ਹਾਂ ਨੰਗਲ ਤੋਂ ਕਲਮਾ ਮੋੜ ਸੜਕ ਅਤੇ ਭੰਗਲਾਂ ਤੋਂ ਕਾਨਪੁਰ ਖੂਹੀ ਸੜਕ ਨਾਲ ਸੰਬੰਧਿਤ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਨੰਗਲ ਤੋਂ ਕਲਮਾ ਮੋੜ ਸੜਕ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਤਾਂ ਜੋ ਭਾਰੀ ਉਦਯੋਗਿਕ ਆਵਾਜਾਈ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਜਦਕਿ ਭੰਗਲਾਂ ਤੋਂ ਕਾਨਪੁਰ ਖੂਹੀ ਸੜਕ ਦੇ ਅਪਗ੍ਰੇਡੇਸ਼ਨ ਨਾਲ ਬੱਸ ਸੰਪਰਕ ਵਿੱਚ ਸੁਧਾਰ ਆਵੇਗਾ ਅਤੇ ਖੇੜਾ ਕਲਮੋਟ ਖੇਤਰ ਵਿੱਚ ਪਾਣੀ ਭਰਨ ਦੀ ਸਮੱਸਿਆ ਤੋਂ ਨਿਜਾਤ ਲਈ ਸੜਕ ਦੇ ਦੋਵਾਂ ਪਾਸਿਆਂ ਕੰਕਰੀਟ ਡਰੇਨ ਬਣਾਈ ਜਾਵੇਗੀ। ਇਹ ਪ੍ਰੋਜੈਕਟ ਲਗਭਗ 12.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ। ਦੋਹਾਂ ਸੜਕ ਪ੍ਰੋਜੈਕਟਾਂ ’ਤੇ ਕੰਮ ਅਗਲੇ ਦੋ ਹਫ਼ਤਿਆਂ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਲੋਕਾਂ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਪੂਰੀਆਂ ਹੋਣਗੀਆਂ, ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਸੜਕੀ ਸੰਪਰਕ ਹੋਰ ਸੁਧਰੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾਵਾਂ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ਤੱਕ ਸੀਮਤ ਨਹੀਂ, ਬਲਕਿ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਅਤੇ ਕ੍ਰਾਂਤੀਕਾਰੀ ਬਦਲਾਅ ਲਿਆਉਣ ਵਾਲੀਆਂ ਸਾਬਤ ਹੋਣਗੀਆਂ।
ਉਨ੍ਹਾਂ ਅੰਤ ਵਿੱਚ ਦੋਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਟਿਕਾਊ ਵਿਕਾਸ ਰਾਹੀਂ ਸੂਬੇ ਦੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
