
ਚੰਡੀਗੜ੍ਹ, 11 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਯੋਗ ਲਾਭਪਾਤਰੀਆਂ ਤੱਕ ਸਿਹਤ ਕਾਰਡ ਪਹੁੰਚਾਉਣ ਦੀ ਮੁਹਿੰਮ ਨੂੰ ਹੁਣ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਸਾਰੇ ਯੋਗ ਪਰਿਵਾਰਾਂ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਦੇ ਟੀਚੇ ਤਹਿਤ ਜ਼ਿਲ੍ਹਿਆਂ ਵਿੱਚ ਕਰੀਬ 33 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਉਪਲਬਧ ਕਰਵਾਉਣ ਦੀ ਤਿਆਰੀ ਕੀਤੀ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕਰੀਬ 31 ਲੱਖ ਸਿਹਤ ਯੋਜਨਾ ਕਾਰਡ ਪਹਿਲਾਂ ਹੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਹੁੰਚ ਚੁੱਕੇ ਹਨ, ਜਦਕਿ ਲਗਭਗ 2 ਲੱਖ ਹੋਰ ਕਾਰਡ ਜਲਦ ਪਹੁੰਚਣ ਦੀ ਉਮੀਦ ਹੈ। ਸਰਕਾਰ ਦਾ ਉਦੇਸ਼ ਹੈ ਕਿ ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਉਨ੍ਹਾਂ ਦੇ ਇਲਾਕੇ ਵਿੱਚ ਹੀ ਸਿਹਤ ਕਾਰਡ ਮੁਹੱਈਆ ਕਰਵਾਏ ਜਾਣ।
2,008 ਪਿੰਡਾਂ ਤੇ ਵਾਰਡਾਂ ’ਚ ਲੱਗਣਗੇ ਵਿਸ਼ੇਸ਼ ਕੈਂਪ
ਕਾਰਡ ਵੰਡ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਸਰਕਾਰ ਵੱਲੋਂ ਸੂਬੇ ਦੇ ਕਰੀਬ 2,008 ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਕਾਰਡ ਵੰਡ ਕੈਂਪ ਲਗਾਏ ਜਾਣਗੇ। ਇਨ੍ਹਾਂ ਪਿੰਡਾਂ ਅਤੇ ਵਾਰਡਾਂ ਵਿੱਚ 400 ਜਾਂ ਇਸ ਤੋਂ ਵੱਧ ਲਾਭਪਾਤਰੀ ਸਿਹਤ ਕਾਰਡ ਲਈ ਯੋਗ ਹਨ।
ਵਿਸ਼ੇਸ਼ ਕੈਂਪ ਲਗਾਉਣ ਦਾ ਮਕਸਦ ਵੱਡੀ ਗਿਣਤੀ ਵਿੱਚ ਲਾਭਪਾਤਰੀਆਂ ਨੂੰ ਇੱਕੋ ਥਾਂ ’ਤੇ ਕਾਰਡ ਮੁਹੱਈਆ ਕਰਵਾਉਣਾ ਅਤੇ ਵੰਡ ਦੀ ਪ੍ਰਕਿਰਿਆ ਨੂੰ ਤੇਜ਼ ਕਰਨਾ ਹੈ। ਇਸ ਨਾਲ ਲੋਕਾਂ ਨੂੰ ਆਪਣੇ ਕਾਰਡ ਲੈਣ ਲਈ ਦੂਰ-ਦੁਰਾਡੇ ਸਿਹਤ ਕੇਂਦਰਾਂ ਜਾਂ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।
ਲਾਭਪਾਤਰੀਆਂ ਨੂੰ ਕੈਂਪਾਂ ਦੀ ਤਾਰੀਖ, ਸਮਾਂ ਅਤੇ ਸਥਾਨ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਜਾਵੇਗਾ। ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ, ਸਿਹਤ ਮਿੱਤਰਾਂ ਅਤੇ ਹੋਰ ਫੀਲਡ ਸਟਾਫ ਦੀ ਮਦਦ ਲਈ ਜਾਵੇਗੀ।
ਕੈਂਪਾਂ ਰਾਹੀਂ ਇੱਕ ਹਫ਼ਤੇ ਅੰਦਰ ਵੰਡ ਪੂਰੀ ਕਰਨ ਦਾ ਟੀਚਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੇ ਜਾਣ ਤੋਂ ਬਾਅਦ ਵਿਸ਼ੇਸ਼ ਕੈਂਪਾਂ ਰਾਹੀਂ ਕਾਰਡ ਵੰਡਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਸਰਕਾਰ ਨੇ ਕੈਂਪਾਂ ਵਿੱਚ ਕਾਰਡ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਇੱਕ ਹਫ਼ਤੇ ਦੇ ਅੰਦਰ ਵੰਡ ਦਾ ਕੰਮ ਪੂਰਾ ਕਰਨ ਦਾ ਟੀਚਾ ਰੱਖਿਆ ਹੈ। ਇਸ ਨਾਲ ਵੱਡੀ ਗਿਣਤੀ ਵਿੱਚ ਯੋਗ ਲਾਭਪਾਤਰੀਆਂ ਨੂੰ ਥੋੜ੍ਹੇ ਸਮੇਂ ਵਿੱਚ ਕਾਰਡ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।
400 ਤੋਂ ਘੱਟ ਲਾਭਪਾਤਰੀਆਂ ਵਾਲੇ ਇਲਾਕਿਆਂ ’ਚ ਘਰ-ਘਰ ਪਹੁੰਚਣਗੇ ਕਾਰਡ
ਜਿਨ੍ਹਾਂ ਪਿੰਡਾਂ ਅਤੇ ਵਾਰਡਾਂ ਵਿੱਚ ਸਿਹਤ ਯੋਜਨਾ ਦੇ 400 ਤੋਂ ਘੱਟ ਯੋਗ ਲਾਭਪਾਤਰੀ ਹਨ, ਉੱਥੇ ਪਹਿਲਾਂ ਤੋਂ ਚੱਲ ਰਹੀ ਘਰ-ਘਰ ਕਾਰਡ ਵੰਡ ਪ੍ਰਣਾਲੀ ਜਾਰੀ ਰਹੇਗੀ।
ਇਸ ਤੋਂ ਇਲਾਵਾ ਵਿਸ਼ੇਸ਼ ਕੈਂਪਾਂ ਤੋਂ ਬਾਅਦ ਜੇਕਰ ਕਿਸੇ ਯੋਗ ਲਾਭਪਾਤਰੀ ਨੂੰ ਕਾਰਡ ਨਹੀਂ ਮਿਲਦਾ ਤਾਂ ਬਾਕੀ ਰਹਿੰਦੇ ਕਾਰਡ ਵੀ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਰਾਹੀਂ ਲਾਭਪਾਤਰੀਆਂ ਦੇ ਘਰ ਤੱਕ ਪਹੁੰਚਾਏ ਜਾਣਗੇ। ਸਰਕਾਰ ਨੂੰ ਉਮੀਦ ਹੈ ਕਿ ਕੈਂਪਾਂ ਰਾਹੀਂ ਵੰਡ ਪੂਰੀ ਹੋਣ ਤੋਂ ਬਾਅਦ ਬਾਕੀ ਕਾਰਡਾਂ ਦੀ ਘਰ-ਘਰ ਵੰਡ ਦੋ ਹਫ਼ਤਿਆਂ ਦੇ ਅੰਦਰ ਮੁਕੰਮਲ ਕਰ ਲਈ ਜਾਵੇਗੀ।
ਆਸ਼ਾ ਵਰਕਰਾਂ ਨੂੰ ਪ੍ਰਤੀ ਕਾਰਡ 10 ਰੁਪਏ ਇਨਸੈਂਟਿਵ
ਸਿਹਤ ਕਾਰਡਾਂ ਦੀ ਆਖਰੀ ਪੱਧਰ ਤੱਕ ਵੰਡ ਯਕੀਨੀ ਬਣਾਉਣ ਅਤੇ ਫੀਲਡ ਸਟਾਫ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਇਨਸੈਂਟਿਵ ਦੀ ਵੀ ਵਿਵਸਥਾ ਕੀਤੀ ਗਈ ਹੈ।
ਹਰੇਕ ਸਫਲ ਘਰ-ਘਰ ਵੰਡੇ ਗਏ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਲਈ ਆਸ਼ਾ ਵਰਕਰ ਨੂੰ 10 ਰੁਪਏ, ਜਦਕਿ ਆਸ਼ਾ ਫੈਸਿਲੀਟੇਟਰ ਨੂੰ 2 ਰੁਪਏ ਪ੍ਰਤੀ ਕਾਰਡ ਦਿੱਤੇ ਜਾਣਗੇ।
ਘਰ-ਘਰ ਕਾਰਡ ਵੰਡ ਦਾ ਪੂਰਾ ਰਿਕਾਰਡ ਰੱਖਿਆ ਜਾਵੇਗਾ ਅਤੇ ਸਬੰਧਤ ਸਿਹਤ ਅਧਿਕਾਰੀਆਂ ਨੂੰ ਇਨਸੈਂਟਿਵ ਸਬੰਧੀ ਦਾਅਵਿਆਂ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਜ਼ਿਲ੍ਹਿਆਂ ਨੂੰ ਕਾਰਡਾਂ ਦੇ ਨਾਲ IEC ਸਮੱਗਰੀ ਵੀ ਮੁਹੱਈਆ
ਸਟੇਟ ਹੈਲਥ ਏਜੰਸੀ ਵੱਲੋਂ ਸਾਰੇ ਸਬੰਧਤ ਜ਼ਿਲ੍ਹਿਆਂ ਨੂੰ ਸਿਹਤ ਕਾਰਡਾਂ ਦੇ ਨਾਲ ਇਨਫਰਮੇਸ਼ਨ, ਐਜੂਕੇਸ਼ਨ ਐਂਡ ਕਮਿਊਨੀਕੇਸ਼ਨ (IEC) ਸਮੱਗਰੀ ਵੀ ਮੁਹੱਈਆ ਕਰਵਾਈ ਗਈ ਹੈ। ਇਸ ਵਿੱਚ ਕਾਰਡ ਜੈਕਟ, ਲਿਫ਼ਾਫ਼ੇ ਅਤੇ ਯੋਜਨਾ ਸਬੰਧੀ ਜਾਣਕਾਰੀ ਵਾਲੇ ਬਰੋਸ਼ਰ ਸ਼ਾਮਲ ਹਨ।
ਸਰਕਾਰ ਵੱਲੋਂ ਅਧਿਕਾਰੀਆਂ ਨੂੰ ਪੂਰੀ ਵੰਡ ਮੁਹਿੰਮ ਦੀ ਨੇੜਿਓਂ ਨਿਗਰਾਨੀ ਕਰਨ, ਨਿਰਧਾਰਤ ਸਮਾਂ-ਸੀਮਾ ਦੀ ਪਾਲਣਾ ਕਰਨ ਅਤੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (SOP) ਮੁਤਾਬਕ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਪੰਜਾਬ ਸਰਕਾਰ ਦਾ ਟੀਚਾ ਨਿਰਧਾਰਤ ਸਮੇਂ ਅੰਦਰ ਸੂਬੇ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡਾਂ ਦੀ ਵੰਡ ਪੂਰੀ ਕਰਨਾ ਹੈ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਿਹਤ ਸਹੂਲਤਾਂ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ।
