Saturday, May 23Punjabi People

ਸਿਆਸੀ ਪਾਰਟੀਆਂ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ; ਜ਼ਿਲ੍ਹਾ ਚੋਣ ਅਫਸਰ ਨਵਜੋਤ ਕੌਰ

ਚੰਡੀਗੜ੍ਹ / ਮਾਨਸਾ, 19 ਮਈ 2026: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਨੂੰ ਪੂਰੀ ਤਰ੍ਹਾਂ ਅਮਨ-ਅਮਾਨ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਸਬੰਧ ਵਿੱਚ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ Navjot Kaur ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫਸਰ Simarpreet Kaur ਵੀ ਮੌਜੂਦ ਰਹੇ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਆਦਰਸ਼ ਚੋਣ ਜਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੀ ਗੜਬੜ, ਨਫ਼ਰਤ ਫੈਲਾਉਣ ਵਾਲੀ ਬਿਆਨਬਾਜ਼ੀ ਜਾਂ ਕਾਨੂੰਨ-ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਅਜਿਹੀ ਕੋਈ ਕਾਰਵਾਈ ਨਹੀਂ ਕਰੇਗਾ ਜਿਸ ਨਾਲ ਜਾਤੀ, ਧਰਮ ਜਾਂ ਭਾਸ਼ਾ ਦੇ ਆਧਾਰ ‘ਤੇ ਲੋਕਾਂ ਵਿਚਕਾਰ ਤਣਾਅ ਜਾਂ ਵੈਰ-ਵਿਰੋਧ ਪੈਦਾ ਹੋਵੇ। ਇਸ ਤੋਂ ਇਲਾਵਾ ਚੋਣ ਪ੍ਰਚਾਰ ਲਈ ਧਾਰਮਿਕ ਥਾਵਾਂ, ਧਾਰਮਿਕ ਸੰਸਥਾਵਾਂ ਜਾਂ ਉਪਦੇਸ਼ ਵਾਲੇ ਸਥਾਨਾਂ ਦੀ ਵਰਤੋਂ ਕਰਨ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।

ਜ਼ਿਲ੍ਹਾ ਚੋਣ ਅਫਸਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਚੋਣ ਮੀਟਿੰਗਾਂ, ਰੈਲੀਆਂ ਜਾਂ ਹੋਰ ਸਿਆਸੀ ਇਕੱਠਾਂ ਦੌਰਾਨ ਸ਼ਰਾਬ ਜਾਂ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਜਾਂ ਵਰਤਾਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਜਨਤਕ ਮੀਟਿੰਗ ਜਾਂ ਜਲੂਸ ਲਈ ਪਹਿਲਾਂ ਤੋਂ ਸਮਰੱਥ ਅਧਿਕਾਰੀ ਦੀ ਲਿਖਤੀ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਹਰ ਉਮੀਦਵਾਰ ਨੂੰ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਕੀਤੀ ਗਈ ਖਰਚ ਸੀਮਾ ਅੰਦਰ ਹੀ ਚੋਣ ਪ੍ਰਚਾਰ ਕਰਨਾ ਹੋਵੇਗਾ। ਰੋਜ਼ਾਨਾ ਦੇ ਚੋਣ ਖਰਚ ਦਾ ਸਹੀ ਅਤੇ ਪੂਰਾ ਰਿਕਾਰਡ ਰੱਖਣਾ ਲਾਜ਼ਮੀ ਹੋਵੇਗਾ ਅਤੇ ਚੋਣ ਨਤੀਜੇ ਐਲਾਨੇ ਜਾਣ ਤੋਂ 30 ਦਿਨਾਂ ਦੇ ਅੰਦਰ ਖਰਚੇ ਦਾ ਪੂਰਾ ਵੇਰਵਾ ਚੋਣ ਦਫਤਰ ਵਿੱਚ ਜਮ੍ਹਾਂ ਕਰਵਾਉਣਾ ਕਾਨੂੰਨੀ ਤੌਰ ‘ਤੇ ਜ਼ਰੂਰੀ ਹੈ।

ਮੀਟਿੰਗ ਦੌਰਾਨ ਲਾਊਡ ਸਪੀਕਰ ਦੀ ਵਰਤੋਂ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਬਿਨਾਂ ਮਨਜ਼ੂਰੀ ਲਾਊਡ ਸਪੀਕਰ ਨਹੀਂ ਵਰਤੇ ਜਾ ਸਕਦੇ ਅਤੇ ਇਹ ਸਿਰਫ ਸਵੇਰੇ 7 ਵਜੇ ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾਣਗੇ। ਇਸ ਤੋਂ ਇਲਾਵਾ ਪੋਲਿੰਗ ਵਾਲੇ ਦਿਨ ਪੋਲਿੰਗ ਬੂਥ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦੇ ਚੋਣ ਪ੍ਰਚਾਰ, ਨਾਅਰੇਬਾਜ਼ੀ ਜਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੀ ਗਤੀਵਿਧੀ ‘ਤੇ ਪੂਰੀ ਪਾਬੰਦੀ ਰਹੇਗੀ।

ਜ਼ਿਲ੍ਹਾ ਚੋਣ ਅਫਸਰ Navjot Kaur ਨੇ ਇਹ ਵੀ ਸਪੱਸ਼ਟ ਕੀਤਾ ਕਿ ਚੋਣ ਡਿਊਟੀ ‘ਤੇ ਤਾਇਨਾਤ ਸਾਰੇ ਸਰਕਾਰੀ ਕਰਮਚਾਰੀ ਪੂਰੀ ਤਰ੍ਹਾਂ ਨਿਰਪੱਖ ਰਹਿਣਗੇ ਅਤੇ ਕਿਸੇ ਵੀ ਸਿਆਸੀ ਸਰਗਰਮੀ ਦਾ ਹਿੱਸਾ ਨਹੀਂ ਬਣ ਸਕਣਗੇ।

ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਚੋਣ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਆਪਣੇ ਚੋਣ ਏਜੰਟ, ਪੋਲਿੰਗ ਏਜੰਟ ਅਤੇ ਕਾਊਂਟਿੰਗ ਏਜੰਟਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ, ਤਾਂ ਜੋ ਚੋਣਾਂ ਸਬੰਧੀ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਹੋ ਸਕਣ।

ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਉਹ ਚੋਣ ਜਾਬਤੇ ਦੀ ਪੂਰੀ ਪਾਲਣਾ ਕਰਨਗੇ ਅਤੇ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਨਗੇ।

ਇਸ ਮੌਕੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਐਸ.ਆਈ.ਆਰ. ਸ਼ਡਿਊਲ, ਗਿਣਤੀ ਫਾਰਮ, ਬੀ.ਐਲ.ਏ.-1 ਅਤੇ ਬੀ.ਐਲ.ਏ.-2 ਸਬੰਧੀ ਫਾਰਮ ਅਤੇ ਹੋਰ ਜ਼ਰੂਰੀ ਹਦਾਇਤਾਂ ਦੀਆਂ ਕਾਪੀਆਂ ਵੀ ਸੌਂਪੀਆਂ ਗਈਆਂ।

ਮੀਟਿੰਗ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਚੋਣ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਪੱਖ ਬਣਾਉਣ ਲਈ ਆਪਣੇ ਸੁਝਾਅ ਵੀ ਸਾਂਝੇ ਕੀਤੇ।

Leave a Reply

Your email address will not be published. Required fields are marked *