Saturday, June 20Punjabi People

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ 25 ਜੂਨ ਤੋਂ ਘਰ-ਘਰ ਗਣਨਾ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 15 ਜੂਨ 2026: ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਪੰਜਾਬ ਭਰ ਵਿੱਚ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਗਣਨਾ ਅਤੇ ਤਸਦੀਕ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਬੂਥ ਲੈਵਲ ਅਫਸਰ (ਬੀਐਲਓ) ਘਰ-ਘਰ ਜਾ ਕੇ ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨਗੇ ਅਤੇ ਗਣਨਾ ਫਾਰਮ ਇਕੱਤਰ ਕਰਨਗੇ।

ਇਸ ਮਹੱਤਵਪੂਰਨ ਚੋਣੀ ਪ੍ਰਕਿਰਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਵੱਲੋਂ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈ.ਏ.ਐਸ. ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ ਗਈ। ਇਸ ਬੈਠਕ ਵਿੱਚ ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੇ ਹਿੱਸਾ ਲਿਆ।

ਬੈਠਕ ਦੌਰਾਨ ਸੀ.ਈ.ਓ. ਪੰਜਾਬ ਨੇ ਸੂਬੇ ਦੀ ਚੋਣੀ ਬਣਤਰ ਅਤੇ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 5 ਡਿਵੀਜ਼ਨ, 23 ਜ਼ਿਲ੍ਹੇ ਅਤੇ 117 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਅਧੀਨ 14,664 ਸਥਾਨਾਂ ’ਤੇ ਕੁੱਲ 24,453 ਪੋਲਿੰਗ ਸਟੇਸ਼ਨ ਸਥਾਪਿਤ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਵਿੱਚ ਵੋਟਰ ਮੈਪਿੰਗ ਦਾ ਕੰਮ 85.82 ਫੀਸਦੀ ਤੱਕ ਮੁਕੰਮਲ ਕੀਤਾ ਜਾ ਚੁੱਕਾ ਹੈ, ਜੋ ਇਸ ਮੁਹਿੰਮ ਦੀ ਸਫਲਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਐਡੀਸ਼ਨਲ ਡਿਸਟ੍ਰਿਕਟ ਇਲੈਕਸ਼ਨ ਅਫਸਰਾਂ (ਏ.ਡੀ.ਈ.ਓ.), ਇਲੈਕਟੋਰਲ ਰਜਿਸਟ੍ਰੇਸ਼ਨ ਅਫਸਰਾਂ (ਈ.ਆਰ.ਓ.), ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਫਸਰਾਂ (ਏ.ਈ.ਆਰ.ਓ.), ਚੋਣ ਤਹਿਸੀਲਦਾਰਾਂ ਅਤੇ ਤਕਨੀਕੀ ਕਰਮਚਾਰੀਆਂ ਲਈ ਤਿੰਨ ਦਿਨਾਂ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋ ਚੁੱਕਾ ਹੈ। ਇਸ ਤੋਂ ਇਲਾਵਾ ਬੀਐਲਓਜ਼ ਅਤੇ ਬੀਐਲਓ ਸੁਪਰਵਾਈਜ਼ਰਾਂ ਦੀ ਜ਼ਿਲ੍ਹਾ ਪੱਧਰੀ ਸਿਖਲਾਈ ਵੀ ਤੇਜ਼ੀ ਨਾਲ ਜਾਰੀ ਹੈ ਤਾਂ ਜੋ ਘਰ-ਘਰ ਤਸਦੀਕ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਅੰਜਾਮ ਦਿੱਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਚੋਣੀ ਸਮੱਗਰੀ ਦੀ ਛਪਾਈ ਦਾ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਇਹ 25 ਜੂਨ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਗਣਨਾ ਮੁਹਿੰਮ ਤੋਂ ਪਹਿਲਾਂ ਪੂਰੀ ਕਰ ਲਈ ਜਾਵੇਗੀ। ਸੂਬੇ ਭਰ ਵਿੱਚ ਇਸ ਮੁਹਿੰਮ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਚੋਣ ਵਿਭਾਗ ਦੀਆਂ ਸਾਰੀਆਂ ਇਕਾਈਆਂ ਆਪਸੀ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ।

ਸਮੀਖਿਆ ਬੈਠਕ ਦੌਰਾਨ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ ਨੇ ਵੋਟਰ ਸੂਚੀਆਂ ਦੀ ਸਟੀਕਤਾ, ਸੰਪੂਰਨਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਅਯੋਗ ਜਾਂ ਗਲਤ ਐਂਟਰੀ ਸੂਚੀ ਵਿੱਚ ਸ਼ਾਮਲ ਨਾ ਰਹੇ।

ਉਨ੍ਹਾਂ ਨੇ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕਰਨ ਅਤੇ ਗਣਨਾ ਫਾਰਮ ਭਰਨ ਵਿੱਚ ਮਦਦ ਕਰਨ ਲਈ ਬੂਥ ਲੈਵਲ ਅਫਸਰਾਂ (ਬੀਐਲਓਜ਼) ਦੀ ਭੂਮਿਕਾ ਨੂੰ ਬਹੁਤ ਅਹਿਮ ਕਰਾਰ ਦਿੱਤਾ। ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਕਿ ਵੋਟਰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਪ੍ਰਕਿਰਿਆ ਵਿੱਚ ਆਪਣਾ ਸਹਿਯੋਗ ਦੇ ਸਕਣ।

ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ ਇਨ੍ਹਾਂ ਦਿਨਾਂ ਪੰਜਾਬ ਦੇ ਤਿੰਨ ਰੋਜ਼ਾ ਦੌਰੇ ’ਤੇ ਹਨ। ਆਪਣੇ ਦੌਰੇ ਦੌਰਾਨ ਉਹ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਚੋਣੀ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ। ਅਗਲੇ ਦੋ ਦਿਨਾਂ ਵਿੱਚ ਉਹ ਹੋਰ ਜ਼ਿਲ੍ਹਿਆਂ ਵਿੱਚ ਵੀ ਸਮੀਖਿਆ ਬੈਠਕਾਂ ਕਰਨਗੇ, ਜਿਨ੍ਹਾਂ ਵਿੱਚ ਮੁੱਖ ਚੋਣ ਅਧਿਕਾਰੀ ਪੰਜਾਬ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।

ਚੋਣ ਵਿਭਾਗ ਨੂੰ ਉਮੀਦ ਹੈ ਕਿ ਇਸ ਵਿਸ਼ੇਸ਼ ਰਿਵੀਜ਼ਨ ਮੁਹਿੰਮ ਰਾਹੀਂ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ ਅਤੇ ਅਪਡੇਟ ਬਣਾਇਆ ਜਾ ਸਕੇਗਾ, ਜਿਸ ਨਾਲ ਆਉਣ ਵਾਲੀਆਂ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਢੰਗ ਨਾਲ ਕਰਵਾਉਣ ਵਿੱਚ ਮਦਦ ਮਿਲੇਗੀ।

Leave a Reply

Your email address will not be published. Required fields are marked *