Saturday, May 23Punjabi People

ਵਿਜੀਲੈਂਸ ਬਿਊਰੋ ਨੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਡਰੱਗ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 7 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੇ ਤਹਿਤ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਬਠਿੰਡਾ ਸਥਿਤ ਰੈਡੀਨੈਕਸ ਲਾਈਫ ਸਾਇੰਸਜ਼ ਪ੍ਰਾਈਵੇਟ ਲਿਮਟਿਡ ਦਾ ਡਾਇਰੈਕਟਰ ਹੈ ਅਤੇ ਉਸਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਦੀ ਤਿਆਰੀ ਕਰ ਰਹੀ ਹੈ। ਦੋਸ਼ਾਂ ਅਨੁਸਾਰ ਮੁਲਜ਼ਮ ਡਰੱਗ ਇੰਸਪੈਕਟਰ ਨੇ ਰੇਡ ਦੌਰਾਨ ਕੰਪਨੀ ਨੂੰ ਸੀਲ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੰਪਨੀ ਤੋਂ ਸੀਲ ਹਟਾਉਣ ਦੇ ਬਦਲੇ ਮੁਲਜ਼ਮ ਉਸ ਤੋਂ ਹਰ ਮਹੀਨੇ ਦੋ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਬਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਡਰੱਗ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ

Leave a Reply

Your email address will not be published. Required fields are marked *