Wednesday, July 29Punjabi People

‘ਯੁੱਧ ਨਸ਼ਿਆਂ ਵਿਰੁੱਧ’ ਦੇ 13 ਮਹੀਨਿਆਂ ਦੌਰਾਨ 2458 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਅਤੇ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ

ਚੰਡੀਗੜ੍ਹ, 1 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 13 ਮਹੀਨੇ ਪੂਰੇ ਹੋ ਗਏ ਹਨ। ਇਸ ਦੌਰਾਨ 1 ਮਾਰਚ 2025 ਤੋਂ ਹੁਣ ਤੱਕ ਪੰਜਾਬ ਪੁਲਿਸ ਵੱਲੋਂ 39,760 ਐਫਆਈਆਰਜ਼ ਦਰਜ ਕਰਦਿਆਂ 56,372 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਮੇਂ ਵਿੱਚ ਪੁਲਿਸ ਨੇ 2458 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ।

ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੇ ਨੇਤ੍ਰਿਤਵ ਹੇਠ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਹਰ ਰੋਜ਼ ਇੱਕੋ ਸਮੇਂ ਸਾਂਝੇ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀ ਨੂੰ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ।

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਦੇ ਮੁਤਾਬਕ, ਪੁਲਿਸ ਨੇ 2458 ਕਿਲੋ ਹੈਰੋਇਨ ਦੇ ਨਾਲ-ਨਾਲ 724 ਕਿਲੋ ਅਫੀਮ, 345 ਕੁਇੰਟਲ ਭੁੱਕੀ, 69 ਕਿਲੋ ਚਰਸ, 843 ਕਿਲੋ ਗਾਂਜਾ, 37 ਕਿਲੋ ਆਈਸ, 51 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17.28 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਮੁਹਿੰਮ ਦੇ 396ਵੇਂ ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 269 ਗ੍ਰਾਮ ਹੈਰੋਇਨ, 1000 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 56,458 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਯਤਨਾਂ ਤਹਿਤ ਅੱਜ 21 ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ ਗਿਆ।

ਇਸ ਦੇ ਨਾਲ ਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ ਲਗਾਤਾਰ 71ਵੇਂ ਦਿਨ ਜਾਰੀ ਰੱਖਦਿਆਂ ਪੁਲਿਸ ਨੇ 483 ਛਾਪੇ ਮਾਰ ਕੇ 184 ਵਿਅਕਤੀਆਂ ਨੂੰ ਕਾਬੂ ਕੀਤਾ। ਇਸ ਤੋਂ ਇਲਾਵਾ 87 ਲੋਕਾਂ ਵਿਰੁੱਧ ਰੋਕਥਾਮੀ ਕਾਰਵਾਈ ਕੀਤੀ ਗਈ ਅਤੇ 5 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਗੁਪਤ ਤੌਰ ‘ਤੇ ਅਪਰਾਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

Leave a Reply

Your email address will not be published. Required fields are marked *