Wednesday, October 21Punjabi People

ਰਬੀ ਸੀਜ਼ਨ ਲਈ DAP ਤੇ ਯੂਰੀਆ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏ ਕੇਂਦਰ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 30 ਸਤੰਬਰ 2026: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਉਣ ਵਾਲੇ ਰਬੀ ਸੀਜ਼ਨ 2026-27 ਦੌਰਾਨ ਕਿਸਾਨਾਂ ਨੂੰ ਫਸਲਾਂ ਦੀ ਬਿਜਾਈ ਲਈ ਡੀਏਪੀ ਅਤੇ ਯੂਰੀਆ ਖਾਦ ਦੀ ਸਮੇਂ ਸਿਰ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਣਕ ਅਤੇ ਆਲੂ ਵਰਗੀਆਂ ਪ੍ਰਮੁੱਖ ਰਬੀ ਫਸਲਾਂ ਦੀ ਬਿਜਾਈ ਲਈ ਖਾਦਾਂ ਦੀ ਉਪਲਬਧਤਾ ਬੇਹੱਦ ਮਹੱਤਵਪੂਰਨ ਹੈ।

ਨਵੀਂ ਦਿੱਲੀ ਸਥਿਤ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ ਵਿਖੇ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਕਰਵਾਈ ਗਈ ਰਬੀ ਸੀਜ਼ਨ 2026 ਸਬੰਧੀ ਰਾਸ਼ਟਰੀ ਖੇਤੀਬਾੜੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਰਬੀ ਫਸਲਾਂ, ਖਾਸ ਕਰਕੇ ਕਣਕ ਅਤੇ ਆਲੂ ਦੀ ਬਿਜਾਈ ਲਈ ਲਗਭਗ 5.5 ਲੱਖ ਮੀਟ੍ਰਿਕ ਟਨ ਡੀਏਪੀ ਅਤੇ 15 ਲੱਖ ਮੀਟ੍ਰਿਕ ਟਨ ਯੂਰੀਆ ਦੀ ਲੋੜ ਹੈ। ਉਨ੍ਹਾਂ ਕੇਂਦਰ ਨੂੰ ਸੂਬੇ ਦੀ ਲੋੜ ਮੁਤਾਬਕ ਇਨ੍ਹਾਂ ਖਾਦਾਂ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਖੁੱਡੀਆਂ ਨੇ ਕਿਹਾ ਕਿ ਪੰਜਾਬ ਕੋਲ ਲਗਭਗ 41 ਲੱਖ ਹੈਕਟੇਅਰ ਕਾਸ਼ਤਯੋਗ ਰਕਬਾ ਹੈ ਅਤੇ ਸੂਬਾ ਕੇਂਦਰੀ ਅਨਾਜ ਭੰਡਾਰ ਵਿੱਚ ਕਰੀਬ 40 ਫੀਸਦੀ ਕਣਕ ਅਤੇ 22 ਫੀਸਦੀ ਝੋਨੇ ਦਾ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਰਬੀ ਸੀਜ਼ਨਾਂ ਦੌਰਾਨ ਡੀਏਪੀ ਅਤੇ ਯੂਰੀਆ ਦੀ ਸਪਲਾਈ ਵਿੱਚ ਦੇਰੀ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਲਈ ਇਸ ਵਾਰ ਬਿਜਾਈ ਦੇ ਸਮੇਂ ਤੋਂ ਪਹਿਲਾਂ ਖਾਦਾਂ ਦੀ ਲੋੜੀਂਦੀ ਮਾਤਰਾ ਪੰਜਾਬ ਵਿੱਚ ਪਹੁੰਚਾਉਣਾ ਜ਼ਰੂਰੀ ਹੈ।

ਕਪਾਹ, ਦਾਲਾਂ ਅਤੇ ਤੇਲ ਬੀਜਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਪਾਹ ਦੀ ਫਸਲ ਪਿਛਲੇ ਕੁਝ ਸਾਲਾਂ ਦੌਰਾਨ ਮੌਸਮੀ ਹਾਲਾਤਾਂ ਕਾਰਨ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ ਲਗਭਗ 80 ਹਜ਼ਾਰ ਹੈਕਟੇਅਰ ਰਕਬਾ ਕਪਾਹ ਦੀ ਕਾਸ਼ਤ ਹੇਠ ਹੈ ਅਤੇ ਅਨੁਕੂਲ ਮੌਸਮ ਰਹਿਣ ’ਤੇ ਚੰਗੇ ਉਤਪਾਦਨ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਪਾਹ ਦੇ ਬੀਜ ’ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ ਲਗਭਗ 4 ਕਰੋੜ ਰੁਪਏ ਦਾ ਲਾਭ ਦਿੱਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਦਾਲਾਂ ਅਤੇ ਤੇਲ ਬੀਜਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਵੀ ਯਤਨ ਕਰ ਰਹੀ ਹੈ। ਇਨ੍ਹਾਂ ਫਸਲਾਂ ਵੱਲ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਲਗਭਗ 6 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਗਈ ਹੈ।

ਪਰਾਲੀ ਪ੍ਰਬੰਧਨ ਲਈ ₹150 ਕਰੋੜ ਦੀ ਅਗਲੀ ਕਿਸ਼ਤ ਜਾਰੀ ਕਰਨ ਦੀ ਮੰਗ

ਗੁਰਮੀਤ ਸਿੰਘ ਖੁੱਡੀਆਂ ਨੇ ਪਰਾਲੀ ਪ੍ਰਬੰਧਨ ਦਾ ਮੁੱਦਾ ਵੀ ਰਾਸ਼ਟਰੀ ਕਾਨਫਰੰਸ ਵਿੱਚ ਉਠਾਇਆ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਤੇ ਮਸ਼ੀਨਰੀ ਦੀ ਵਰਤੋਂ ਰਾਹੀਂ ਪਰਾਲੀ ਸਾੜਨ ਦੀ ਸਮੱਸਿਆ ਵਿੱਚ ਵੱਡੀ ਕਮੀ ਆਈ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ 150 ਕਰੋੜ ਰੁਪਏ ਦੀ ਅਗਲੀ ਕਿਸ਼ਤ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ, ਤਾਂ ਜੋ ਕਿਸਾਨਾਂ ਨੂੰ ਸਬਸਿਡੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਸਕੇ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਰਬੀ ਸੀਜ਼ਨ ਦੀ ਤਿਆਰੀ ਦੌਰਾਨ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਮਸ਼ੀਨਰੀ ’ਤੇ ਸਬਸਿਡੀ ਦੇਣ ਦਾ ਪ੍ਰਬੰਧ ਕੀਤਾ ਹੈ। ਸੂਬੇ ਵੱਲੋਂ ਇਸ ਸਬੰਧੀ ਕੇਂਦਰ ਤੋਂ ਹੋਰ ਵਿੱਤੀ ਸਹਾਇਤਾ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਕਣਕ ਦੇ ਪ੍ਰਮਾਣਿਤ ਬੀਜ ਲਈ ₹50 ਕਰੋੜ ਜਾਰੀ ਕਰਨ ’ਤੇ ਕੇਂਦਰ ਦਾ ਧੰਨਵਾਦ

ਖੁੱਡੀਆਂ ਨੇ ਪੰਜਾਬ ਦੇ ਕਿਸਾਨਾਂ ਲਈ 2.50 ਲੱਖ ਮੀਟ੍ਰਿਕ ਟਨ ਪ੍ਰਮਾਣਿਤ ਕਣਕ ਦਾ ਬੀਜ 2,000 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ’ਤੇ ਉਪਲਬਧ ਕਰਵਾਉਣ ਲਈ ਕੇਂਦਰ ਵੱਲੋਂ 50 ਕਰੋੜ ਰੁਪਏ ਜਾਰੀ ਕਰਨ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਦਾ ਧੰਨਵਾਦ ਕੀਤਾ।

ਉਨ੍ਹਾਂ ਨੇ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਪੰਜਾਬ ਲਈ ਲਗਭਗ 43 ਕਰੋੜ ਰੁਪਏ ਦੀ ਦੂਜੀ ਕਿਸ਼ਤ ਜਾਰੀ ਕਰਨ ਲਈ ਵੀ ਕੇਂਦਰ ਦਾ ਧੰਨਵਾਦ ਕੀਤਾ। ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਦੌਰਾਨ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਪੰਜਾਬ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *