
ਚੰਡੀਗੜ੍ਹ, 5 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਗੱਲ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਹੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਇਤਿਹਾਸ ਦਾ ਅਮਿੱਟ ਹਿੱਸਾ ਹਨ। ਉਨ੍ਹਾਂ ਦੇ ਬੇਮਿਸਾਲ ਯੋਗਦਾਨ ਸਦਕਾ ਹੀ ਦੇਸ਼ ਨੂੰ ਆਜ਼ਾਦੀ ਪ੍ਰਾਪਤ ਹੋਈ ਅਤੇ ਅੱਜ ਦਾ ਸਮਾਜ ਖੁੱਲ੍ਹੇ ਮਾਹੌਲ ਵਿੱਚ ਜੀਵਨ ਬਤੀਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਹਰ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਇਸ ਫ਼ਰਜ਼ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਹੀ ਹੈ।
ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਅਤੇ ਬੇਰੋਜ਼ਗਾਰ ਪੁੱਤਰਾਂ ਨੂੰ ਹਰ ਮਹੀਨੇ 11,000 ਰੁਪਏ ਦੀ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਆਰਥਿਕ ਸੁਰੱਖਿਆ ਦੇ ਨਾਲ-ਨਾਲ ਸਨਮਾਨਯੋਗ ਜੀਵਨ ਯਾਪਨ ਲਈ ਲੋੜੀਂਦਾ ਸਹਾਰਾ ਮਿਲ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਲੋਕ-ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਨੀਤੀਆਂ ਬਣਾਉਣ ਅਤੇ ਲਾਗੂ ਕਰਨ ਲਈ ਵਚਨਬੱਧ ਹੈ। ਸਮਾਜ ਦੇ ਹਰ ਵਰਗ ਦੀ ਤਰੱਕੀ ਅਤੇ ਭਲਾਈ ਦੇ ਨਾਲ-ਨਾਲ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਦਿਆਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਭਵਿੱਖ ਵਿੱਚ ਵੀ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਪ੍ਰਦਾਨ ਕਰਦੀ ਰਹੇਗੀ।
