Tuesday, October 20Punjabi People

ਆਪਣੇ ਸੂਬੇ ਦੀ ਕਾਨੂੰਨ ਵਿਵਸਥਾ ਸੁਧਾਰ ਨਹੀਂ ਸਕੇ, ਪੰਜਾਬ ਨੂੰ ਸਿੱਖਿਆ ਦੇਣ ਆ ਰਹੇ ਹਨ: ਕੇਜਰੀਵਾਲ

ਨਵੀਂ ਦਿੱਲੀ, 19 ਅਕਤੂਬਰ 2026: ਫਿਲਮੀ ਅਦਾਕਾਰ ਟਾਈਗਰ ਸ਼ਰਾਫ ’ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਗੁਜਰਾਤ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਿਆਸੀ ਘਮਾਸਾਣ ਤੇਜ਼ ਹੋ ਗਿਆ ਹੈ। ਆਮ ਆਦਮੀ ਪਾਰਟੀ (ਆਪ) ਨੇ ਇਸ ਮਾਮਲੇ ਨੂੰ ਲੈ ਕੇ ਭਾਜਪਾ ’ਤੇ ਤਿੱਖੇ ਹਮਲੇ ਕੀਤੇ ਹਨ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਵਿੱਚ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਜਿਹੜੇ ਲੋਕ ਆਪਣੇ ਸੂਬਿਆਂ ਵਿੱਚ ਕਾਨੂੰਨ ਵਿਵਸਥਾ ਨਹੀਂ ਸੰਭਾਲ ਸਕਦੇ, ਉਹ ਪੰਜਾਬ ਨੂੰ ਗਿਆਨ ਦੇਣ ਆ ਰਹੇ ਹਨ।

ਕੇਜਰੀਵਾਲ ਨੇ ਕਿਹਾ ਕਿ ਟਾਈਗਰ ਸ਼ਰਾਫ ’ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਏ ਜਾਣ ਨੇ ਗੁਜਰਾਤ ਦੀ ਸੁਰੱਖਿਆ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੇ ਸਭ ਤੋਂ ਵੱਡੇ ਗੈਂਗਸਟਰ ਨੂੰ ਭਾਜਪਾ ਨੇ ਆਪਣਾ ‘ਜਵਾਈ’ ਬਣਾ ਰੱਖਿਆ ਹੈ ਅਤੇ ਉਸ ਨੂੰ ਭਾਰਤ ਤੋਂ ਲੈ ਕੇ ਦੁਨੀਆ ਭਰ ਵਿੱਚ ਅਪਰਾਧ ਕਰਨ ਦੀਆਂ ਸਹੂਲਤਾਂ ਮਿਲ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਭਾਜਪਾ ਆਗੂ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਾਰੇ ਸਵਾਲ ਚੁੱਕਣ ਆਉਣਗੇ, ਪਰ ਪੰਜਾਬ ਦੇ ਲੋਕ ਸਭ ਜਾਣਦੇ ਹਨ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਜਪਾ ਨੂੰ ਵੋਟ ਪਾਉਣਾ ਉਸ ਦੇ ਇਸ ਕਥਿਤ ‘ਜਵਾਈ’ ਨੂੰ ਪੰਜਾਬ ਵਿੱਚ ਸੱਦਾ ਦੇਣ ਦੇ ਬਰਾਬਰ ਹੋਵੇਗਾ।

ਮਨੀਸ਼ ਸਿਸੋਦੀਆ ਨੇ ਗੁਜਰਾਤ ਦੀਆਂ ਜੇਲ੍ਹਾਂ ਅਤੇ ਬੰਦਰਗਾਹਾਂ ’ਤੇ ਚੁੱਕੇ ਸਵਾਲ

ਇਸੇ ਮਾਮਲੇ ’ਤੇ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਭਾਜਪਾ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਗੁਜਰਾਤ ਦੀਆਂ ਜੇਲ੍ਹਾਂ ਨੂੰ ਖ਼ਤਰਨਾਕ ਗੈਂਗਸਟਰਾਂ ਲਈ ਸੁਰੱਖਿਅਤ ਟਿਕਾਣੇ ਬਣਾ ਦਿੱਤਾ ਹੈ, ਜਿਸ ਦਾ ਖ਼ਮਿਆਜ਼ਾ ਪੂਰੇ ਦੇਸ਼ ਨੂੰ ਭੁਗਤਣਾ ਪੈ ਰਿਹਾ ਹੈ।

ਸਿਸੋਦੀਆ ਨੇ ਗੁਜਰਾਤ ਦੇ ਬੰਦਰਗਾਹਾਂ ਦਾ ਮੁੱਦਾ ਚੁੱਕਦਿਆਂ ਦੋਸ਼ ਲਾਇਆ ਕਿ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਲਈ ਵੀ ਇਨ੍ਹਾਂ ਨੂੰ ਸੁਰੱਖਿਅਤ ਰਸਤੇ ਵਜੋਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਾੜਾ ਪ੍ਰਭਾਵ ਪੰਜਾਬ, ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਨੂੰ ਸਹਿਣਾ ਪੈ ਰਿਹਾ ਹੈ।

ਗੈਂਗਸਟਰਾਂ ਦੇ ਸੋਸ਼ਲ ਮੀਡੀਆ ਪੇਜਾਂ ’ਤੇ ਵੀ ਉੱਠੇ ਸਵਾਲ

ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ ਸਾਈਬਰ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਦੇ ਸਾਈਬਰ ਮਾਹਿਰਾਂ ਨੂੰ ਦੱਸਣਾ ਚਾਹੀਦਾ ਹੈ ਕਿ ਗੈਂਗਸਟਰਾਂ ਦੇ ਉਹ ਸੋਸ਼ਲ ਮੀਡੀਆ ਪੇਜ ਭਾਰਤ ਵਿੱਚ ਸਰਗਰਮ ਕਿਵੇਂ ਹਨ, ਜਿਨ੍ਹਾਂ ਰਾਹੀਂ ਦੇਸ਼ ਦੀਆਂ ਵੱਡੀਆਂ ਫਿਲਮੀ ਹਸਤੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੌਜਵਾਨਾਂ ਦੇ ਪ੍ਰਦਰਸ਼ਨਾਂ ਨੂੰ ਰੋਕਣ ਅਤੇ ਇੰਟਰਨੈੱਟ ’ਤੇ ਨੌਜਵਾਨਾਂ ਨਾਲ ਹੋਣ ਵਾਲੀ ਬਦਸਲੂਕੀ ਦੇ ਮਾਮਲਿਆਂ ਵਿੱਚ ਜ਼ਿਆਦਾ ਰੁੱਝੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਕੇਂਦਰ ਸਰਕਾਰ ਦੀ ਸਾਰੀ ਸਾਈਬਰ ਫੋਰਸ ਸਿਰਫ਼ ਜਨਰੇਸ਼ਨ ਜ਼ੈੱਡ ’ਤੇ ਹੀ ਕੇਂਦਰਿਤ ਹੈ ਜਾਂ ਦੇਸ਼ ਦੀ ਸੁਰੱਖਿਆ ਲਈ ਵੀ ਕੋਈ ਠੋਸ ਕਾਰਵਾਈ ਕੀਤੀ ਜਾ ਰਹੀ ਹੈ?

ਕੁਲਦੀਪ ਕੁਮਾਰ ਨੇ ਵੀ ਭਾਜਪਾ ’ਤੇ ਸਾਧਿਆ ਨਿਸ਼ਾਨਾ

‘ਆਪ’ ਦੇ ਸੀਨੀਅਰ ਆਗੂ ਅਤੇ ਕੋਂਡਲੀ ਤੋਂ ਵਿਧਾਇਕ ਕੁਲਦੀਪ ਕੁਮਾਰ ਨੇ ਵੀ ਟਾਈਗਰ ਸ਼ਰਾਫ ’ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ‘ਐਕਸ’ ’ਤੇ ਲਿਖਿਆ ਕਿ ਜੇਕਰ ਵਿਰੋਧੀ ਧਿਰ ਦਾ ਕੋਈ ਆਗੂ ਭਾਜਪਾ ਖ਼ਿਲਾਫ਼ ਬੋਲਦਾ ਹੈ ਤਾਂ ਉਸ ਦੇ ਘਰ ਈਡੀ ਅਤੇ ਸੀਬੀਆਈ ਪਹੁੰਚ ਜਾਂਦੀਆਂ ਹਨ।

ਉਨ੍ਹਾਂ ਦੋਸ਼ ਲਾਇਆ ਕਿ ਕਲਾਕਾਰਾਂ ਅਤੇ ਮਸ਼ਹੂਰ ਹਸਤੀਆਂ ਨੂੰ ਮੋਦੀ ਸਰਕਾਰ ਖ਼ਿਲਾਫ਼ ਬੋਲਣ ਤੋਂ ਰੋਕਣ ਲਈ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ। ਕੁਲਦੀਪ ਕੁਮਾਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਨੂੰ ਬੰਧਕ ਬਣਾ ਕੇ ਰੱਖਿਆ ਹੋਇਆ ਹੈ।

ਅਨੁਰਾਗ ਢਾਂਡਾ ਨੇ ਵੀ ਚੁੱਕੇ ਸਵਾਲ

‘ਆਪ’ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਵੀ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਗੈਂਗਸਟਰਾਂ ਨੂੰ ਗੁਜਰਾਤ ਵਿੱਚ ਸੁਰੱਖਿਅਤ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਹੋਰ ਥਾਵਾਂ ’ਤੇ ਲਿਜਾਣ ’ਤੇ ਰੋਕ ਲਗਾਈ ਗਈ ਹੈ।

ਢਾਂਡਾ ਨੇ ਤਨਜ਼ ਕੱਸਦਿਆਂ ਕਿਹਾ ਕਿ ਜੇਕਰ ਅਜਿਹੇ ਗੈਂਗਸਟਰ 8 ਦੀ ਬਜਾਏ 80 ਸੈਲਿਬ੍ਰਿਟੀਜ਼ ’ਤੇ ਵੀ ਗੋਲੀਆਂ ਚਲਾ ਦੇਣ, ਤਾਂ ਵੀ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਵੇਗੀ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਭਾਜਪਾ ਦੀ ਸਰਕਾਰ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਚੁੱਕੇ।

Leave a Reply

Your email address will not be published. Required fields are marked *