Saturday, May 23Punjabi People

ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ / ਚੰਡੀਗੜ੍ਹ, 30 ਅਪ੍ਰੈਲ 2026:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਤੇ ਪਾਣੀ ਦੀ ਸੰਭਾਲ ਲਈ ਵੱਡੀ ਯੋਜਨਾ ਦਾ ਐਲਾਨ ਕਰਦਿਆਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਸਿੰਚਾਈ ਵੱਲ ਵਧਣ ਦੀ ਅਪੀਲ ਕੀਤੀ। ਆਪਣੇ ਜੱਦੀ ਪਿੰਡ ਸਤੌਜ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਪਾਣੀ ਨਾਲ ਜੁੜਿਆ ਹੋਇਆ ਹੈ ਅਤੇ ਇਸਦੀ ਰੱਖਿਆ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਪਹਿਲੀ ਵਾਰ 1 ਮਈ ਤੋਂ ਹੀ ਨਹਿਰੀ ਪਾਣੀ ਛੱਡਿਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਸਿੰਚਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਵੇਲੇ ਤੱਕ ਨਹਿਰਾਂ ਅਤੇ ਖਾਲਿਆਂ ਵਿੱਚ 21 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਚੁੱਕਾ ਹੈ, ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹਰ ਬੂੰਦ ਪਾਣੀ ਦੀ ਸੰਭਾਲ ਕਰਨਾ ਹੈ ਅਤੇ ਇਸ ਲਈ ਵੱਡੇ ਪੱਧਰ ‘ਤੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਰਚ 2026 ਤੋਂ ਹੁਣ ਤੱਕ ਸਿੰਚਾਈ ਪ੍ਰੋਜੈਕਟਾਂ ‘ਤੇ 6,700 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਿਨ੍ਹਾਂ ਤਹਿਤ ਕਰੀਬ 14 ਹਜ਼ਾਰ ਕਿਲੋਮੀਟਰ ਪਾਈਪਲਾਈਨਾਂ ਅਤੇ ਖਾਲਿਆਂ ਦੀ ਮੁਰੰਮਤ ਕੀਤੀ ਗਈ ਹੈ। ਇਸ ਤੋਂ ਇਲਾਵਾ ਝੋਨੇ ਦੇ ਮੌਜੂਦਾ ਸੀਜ਼ਨ ਤੋਂ ਪਹਿਲਾਂ 4 ਹਜ਼ਾਰ ਕਿਲੋਮੀਟਰ ਹੋਰ ਖਾਲੇ ਅਤੇ 3 ਹਜ਼ਾਰ ਕਿਲੋਮੀਟਰ ਪਾਈਪਲਾਈਨਾਂ ਚਾਲੂ ਹੋ ਜਾਣਗੀਆਂ।

ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਟਿਊਬਵੈੱਲਾਂ ਰਾਹੀਂ ਬੇਹਿਸਾਬ ਪਾਣੀ ਕੱਢਣ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਿਆ ਹੈ, ਇਸ ਲਈ ਹੁਣ ਸੋਚ ਬਦਲਣ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਭਵਿੱਖ ਲਈ ਪਾਣੀ ਬਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਨਹਿਰੀ ਨੈੱਟਵਰਕਾਂ ਦੇ ਨਾਲ ਹਰ 20 ਮੀਟਰ ‘ਤੇ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਕੁਦਰਤੀ ਭਰਪਾਈ ਹੋਵੇਗੀ।

ਇਸ ਮੌਕੇ ਉਨ੍ਹਾਂ ਨੇ ਖੇਤਾਂ ਵਿੱਚੋਂ ਲੰਘਦੀਆਂ ਹਾਈ-ਟੈਂਸ਼ਨ ਬਿਜਲੀ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਇਤਿਹਾਸਕ ਫੈਸਲੇ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਹਾਦਸਿਆਂ ਦਾ ਖ਼ਤਰਾ ਘਟੇਗਾ, ਫਸਲਾਂ ਨੂੰ ਨੁਕਸਾਨ ਨਹੀਂ ਹੋਵੇਗਾ ਅਤੇ ਖੇਤੀਬਾੜੀ ਕੰਮਾਂ ਵਿੱਚ ਆ ਰਹੀਆਂ ਰੁਕਾਵਟਾਂ ਦੂਰ ਹੋਣਗੀਆਂ। ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ ਉਨ੍ਹਾਂ ਦੇ ਜੱਦੀ ਪਿੰਡ ਤੋਂ ਕੀਤੀ ਜਾਵੇਗੀ, ਜਿਸ ਵਿੱਚ 2 ਹਜ਼ਾਰ ਏਕੜ ਖੇਤਰ, 413 ਟਿਊਬਵੈੱਲ ਅਤੇ 1100 ਬਿਜਲੀ ਖੰਭੇ ਸ਼ਾਮਲ ਹੋਣਗੇ।

ਵਿਧਾਨਕ ਮਾਮਲਿਆਂ ‘ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਨੂੰ ਇਤਿਹਾਸਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਰਾਹੀਂ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਅਜਿਹੀਆਂ ਘਟਨਾਵਾਂ ‘ਤੇ ਰੋਕ ਲੱਗੇਗੀ।

ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਹੋਰ ਮਜ਼ਬੂਤ ਬਣਾਉਣ, ਕੁਦਰਤੀ ਸਰੋਤਾਂ ਦੀ ਰੱਖਿਆ ਕਰਨ ਅਤੇ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *