
ਚੰਡੀਗੜ੍ਹ, 19 ਮਈ 2026: ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ Harpal Singh Cheema ਨੇ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਯੋਜਨਾ ਨੂੰ ਹੋਰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੰਸ਼ਾ ਹੈ ਕਿ ਲੋਕਾਂ ਨੂੰ ਵਿਕਾਸ ਕਾਰਜਾਂ ਦਾ ਲਾਭ ਸਮੇਂ ਸਿਰ ਮਿਲੇ ਅਤੇ ਹਰ ਪ੍ਰੋਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ।
ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਹੇਠ ਪੂਰੇ ਹੋ ਚੁੱਕੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ ‘ਤੇ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਲਈ ਕਿਹਾ, ਤਾਂ ਜੋ ਸਕੀਮ ਦੇ ਦੂਜੇ ਪੜਾਅ ਨੂੰ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਕੀਤਾ ਜਾ ਸਕੇ।
ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ K. A. P. Sinha ਅਤੇ ਵਧੀਕ ਮੁੱਖ ਸਕੱਤਰ Jaspreet Talwar ਵੀ ਮੌਜੂਦ ਸਨ। ਮੀਟਿੰਗ ਦਾ ਮੁੱਖ ਉਦੇਸ਼ ਸਕੀਮ ਦੇ ਅਗਲੇ ਪੜਾਅ ਲਈ ਰਣਨੀਤੀ ਤਿਆਰ ਕਰਨਾ ਅਤੇ ਜ਼ਿਲ੍ਹਾ ਪੱਧਰ ‘ਤੇ ਚੱਲ ਰਹੇ ਵਿਕਾਸ ਕੰਮਾਂ ਦੀ ਰਫ਼ਤਾਰ ਦਾ ਮੁਲਾਂਕਣ ਕਰਨਾ ਸੀ।
ਵਿੱਤ ਮੰਤਰੀ ਨੇ ਦੂਜੇ ਪੜਾਅ ਦੇ ਪ੍ਰੋਜੈਕਟਾਂ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਵਿਕਾਸ ਕਾਰਜ ਸਮੇਂ ਸਿਰ ਸ਼ੁਰੂ ਅਤੇ ਮੁਕੰਮਲ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਯੋਜਨਾਵਾਂ ਵਿੱਚ ਲਾਪਰਵਾਹੀ ਜਾਂ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਤ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮਈ ਮਹੀਨੇ ਦੇ ਅੰਤ ਤੱਕ ਦੋ ਵਿਸਤ੍ਰਿਤ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਹਿਲੀ ਰਿਪੋਰਟ ਵਿੱਚ ਉਹ ਕਾਰਨ ਦਰਜ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਕਰਕੇ ਪਹਿਲੇ ਪੜਾਅ ਦੇ ਕੁਝ ਕੰਮ 31 ਮਈ ਤੱਕ ਪੂਰੇ ਨਹੀਂ ਹੋ ਸਕੇ। ਦੂਜੀ ਰਿਪੋਰਟ ਵਿੱਚ ਦੂਜੇ ਪੜਾਅ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਵਿਸਥਾਰਪੂਰਵਕ ਯੋਜਨਾ ਅਤੇ ਕਾਰਜ-ਸਮਾਂ-ਸੀਮਾ ਦਰਸਾਉਣ ਲਈ ਕਿਹਾ ਗਿਆ ਹੈ।
ਇਸ ਮੌਕੇ ਮੁੱਖ ਸਕੱਤਰ K. A. P. Sinha ਨੇ ਵੀ ਸਖ਼ਤ ਨਿਗਰਾਨੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰਾਂ ਨੂੰ ਹਰ ਹਫ਼ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਜ਼ਮੀਨੀ ਪੱਧਰ ‘ਤੇ ਕੰਮ ਦੀ ਗਤੀ ਵਧਾਉਣ ਦੀ ਹਦਾਇਤ ਕੀਤੀ।
ਮੀਟਿੰਗ ਵਿੱਚ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ, ਜਦਕਿ ਵੱਖ-ਵੱਖ ਪ੍ਰਬੰਧਕੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਰਹੇ।
