Saturday, September 12Punjabi People

ਜੰਗਲਾਤ ਕਾਮੇ ਸਰਕਾਰ ਦੇ ਭਲਾਈ ਏਜੰਡੇ ਦਾ ਅਹਿਮ ਹਿੱਸਾ: ਮੰਤਰੀ ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 5 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਜੰਗਲਾਤ ਵਿਭਾਗ ਦੇ ਕਾਮਿਆਂ ਦੀ ਸੂਬੇ ਦੀਆਂ ਯੋਜਨਾਵਾਂ ਵਿੱਚ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਕਾਮੇ ਸੂਬੇ ਦੇ ਜੰਗਲਾਂ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਮੈਦਾਨੀ ਪੱਧਰ ’ਤੇ ਮਹੱਤਵਪੂਰਨ ਸੇਵਾਵਾਂ ਨਿਭਾਅ ਰਹੇ ਹਨ ਅਤੇ ਸਰਕਾਰ ਉਨ੍ਹਾਂ ਦੇ ਹਿੱਤਾਂ ਨੂੰ ਅਣਦੇਖਾ ਨਹੀਂ ਕਰੇਗੀ।

ਜੰਗਲਾਤ ਮੰਤਰੀ ਨੇ ਇਹ ਗੱਲ ਅੱਜ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕਹੀ। ਮੀਟਿੰਗ ਵਿੱਚ ਯੂਨੀਅਨ ਵੱਲੋਂ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਅਤੇ ਫੀਲਡ ਵਰਕਰਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਮੁੱਦੇ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ। ਸ੍ਰੀ ਕਟਾਰੂਚੱਕ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਿਹੜੀਆਂ ਮੰਗਾਂ ਜਾਇਜ਼ ਹਨ, ਉਨ੍ਹਾਂ ਨੂੰ ਸਰਕਾਰ ਦੇ ਉੱਚ ਪੱਧਰ ’ਤੇ ਵਿਚਾਰ ਲਈ ਚੁੱਕਿਆ ਜਾਵੇਗਾ।

ਫੀਲਡ ਵਰਕਰਾਂ ਦੀ ਸੁਰੱਖਿਆ ਦਾ ਮੁੱਦਾ ਉੱਚ ਪੱਧਰ ’ਤੇ ਚੁੱਕਣ ਦਾ ਭਰੋਸਾ

ਮੀਟਿੰਗ ਦੌਰਾਨ ਫੀਲਡ ਵਰਕਰਾਂ ਵੱਲੋਂ ਕੀਤੇ ਜਾਂਦੇ ਕੰਮ ਨੂੰ ਖ਼ਤਰੇ ਵਾਲੇ ਕੰਮਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਮੰਗ ਵੀ ਰੱਖੀ ਗਈ। ਇਸ ਸਬੰਧੀ ਜੰਗਲਾਤ ਮੰਤਰੀ ਨੇ ਕਿਹਾ ਕਿ ਫੀਲਡ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਕਈ ਤਰ੍ਹਾਂ ਦੀਆਂ ਚੁਣੌਤੀਆਂ ਅਤੇ ਖ਼ਤਰਿਆਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਸਰਕਾਰ ਦੇ ਉੱਚ ਪੱਧਰ ’ਤੇ ਉਠਾਉਣਗੇ ਤਾਂ ਜੋ ਇਸ ’ਤੇ ਯੋਗ ਵਿਚਾਰ ਕੀਤਾ ਜਾ ਸਕੇ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਆਪਣੇ ਕਰਮਚਾਰੀਆਂ ਨੂੰ ਸੁਰੱਖਿਅਤ ਅਤੇ ਬਿਹਤਰ ਕੰਮਕਾਜੀ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦੇ ਕਾਮਿਆਂ ਦੀਆਂ ਸੇਵਾਵਾਂ ਜੰਗਲਾਂ ਦੀ ਸੰਭਾਲ, ਵਾਤਾਵਰਣ ਸੁਰੱਖਿਆ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਲਈ ਬੇਹੱਦ ਮਹੱਤਵਪੂਰਨ ਹਨ।

ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ: ਕਟਾਰੂਚੱਕ

ਮੀਟਿੰਗ ਦੌਰਾਨ ਜੰਗਲਾਤ ਮੰਤਰੀ ਨੇ ਮੁਲਾਜ਼ਮਾਂ ਨੂੰ ਨੌਕਰੀ ਦੀ ਸੁਰੱਖਿਆ ਸਬੰਧੀ ਵੀ ਭਰੋਸਾ ਦਿੰਦਿਆਂ ਸਪੱਸ਼ਟ ਕੀਤਾ ਕਿ ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਵਿਭਾਗ ਵਿੱਚ ਪਹਿਲਾਂ ਤੋਂ ਚੱਲ ਰਹੇ ਕਿਸੇ ਵੀ ਕੰਮ ਨੂੰ ਠੇਕੇ ’ਤੇ ਨਹੀਂ ਦਿੱਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰੱਖਿਆ ਕਰਦਿਆਂ ਉਨ੍ਹਾਂ ਨਾਲ ਸੰਵਾਦ ਰਾਹੀਂ ਮਸਲੇ ਹੱਲ ਕਰਨ ਲਈ ਵਚਨਬੱਧ ਹੈ।

ਜੰਗਲਾਤ ਵਿਭਾਗ ਦੇ 1,458 ਕਾਮੇ ਕੀਤੇ ਰੈਗੂਲਰ

ਜੰਗਲਾਤ ਮੰਤਰੀ ਨੇ ਸਰਕਾਰ ਵੱਲੋਂ ਜੰਗਲਾਤ ਵਿਭਾਗ ਦੇ ਕਾਮਿਆਂ ਲਈ ਕੀਤੇ ਗਏ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ ਵਿਭਾਗ ਦੇ 1,458 ਕਾਮਿਆਂ ਨੂੰ ਰੈਗੂਲਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ 516 ਕਾਮੇ ਇਸ ਸਾਲ ਅਤੇ 942 ਕਾਮੇ ਪਿਛਲੇ ਸਾਲ ਰੈਗੂਲਰ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 70,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਯੋਗਤਾ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜੋ ਸਰਕਾਰ ਦੇ ਕਰਮਚਾਰੀ-ਪੱਖੀ ਰਵੱਈਏ ਨੂੰ ਦਰਸਾਉਂਦਾ ਹੈ।

ਕਰਮਚਾਰੀਆਂ ਨਾਲ ਸੰਵਾਦ ਰਾਹੀਂ ਮਸਲੇ ਹੱਲ ਕਰਨ ’ਤੇ ਜ਼ੋਰ

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਲਗਾਤਾਰ ਸੰਵਾਦ ਨਾਲ ਹੀ ਵੱਖ-ਵੱਖ ਵਿਭਾਗਾਂ ਨਾਲ ਜੁੜੇ ਮਸਲਿਆਂ ਦਾ ਪ੍ਰਭਾਵਸ਼ਾਲੀ ਹੱਲ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦੇ ਕਰਮਚਾਰੀ ਵਾਤਾਵਰਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਨਾਲ ਜੁੜੀ ਮਹੱਤਵਪੂਰਨ ਜ਼ਿੰਮੇਵਾਰੀ ਨਿਭਾ ਰਹੇ ਹਨ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

ਮੀਟਿੰਗ ਵਿੱਚ ਪੀ.ਸੀ.ਸੀ.ਐਫ. (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ. (ਪ੍ਰਸ਼ਾਸਨ) ਪ੍ਰਤਿਮਾ ਸ੍ਰੀਵਾਸਤਵ ਅਤੇ ਏ.ਪੀ.ਸੀ.ਸੀ.ਐਫ. (ਪਨਕੈਂਪਾ) ਚਰਚਿਲ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *