Wednesday, October 28Punjabi People

ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਫੜਿਆ ‘ਆਪ’ ਦਾ ਪੱਲਾ, CM ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ, 22 ਸਤੰਬਰ 2026 : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਬਰਖ਼ਾਸਤ ਕੀਤੇ ਜਾਣ ਦੇ ਕਰੀਬ ਇੱਕ ਹਫ਼ਤੇ ਬਾਅਦ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਮੰਗਲਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਹੋਏ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਪਹਿਲਾਂ ਵਾਲੀ ਪੰਥਕ ਪਾਰਟੀ ਨਹੀਂ ਰਿਹਾ ਅਤੇ ਇਹ ਇੱਕ ਪਰਿਵਾਰ ਤੱਕ ਸੀਮਤ ਹੋ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਟਕਸਾਲੀ ਪਰਿਵਾਰਾਂ ਅਤੇ ਆਗੂਆਂ ਲਈ ਪਹਿਲਾਂ ਵਰਗੀ ਥਾਂ ਨਹੀਂ ਰਹੀ।

ਜ਼ਿਕਰਯੋਗ ਹੈ ਕਿ ਰਵਿੰਦਰ ਸਿੰਘ ਬ੍ਰਹਮਪੁਰਾ ਨੇ 2016 ਵਿੱਚ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਕਰੀਬ 65 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ ਸੀ। ਪਿਛਲੇ ਲੰਮੇ ਸਮੇਂ ਤੋਂ ਉਹ ਅਕਾਲੀ ਦਲ ਦੀ ਲੀਡਰਸ਼ਿਪ ਖ਼ਿਲਾਫ਼ ਆਪਣੇ ਵਿਰੋਧੀ ਸੁਰਾਂ ਕਾਰਨ ਚਰਚਾ ਵਿੱਚ ਰਹੇ ਹਨ।

ਜਦੋਂ ਪੱਟੀ ਹਲਕੇ ਨਾਲ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਬਿੱਲਾ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ ਸੀ, ਤਾਂ ਬ੍ਰਹਮਪੁਰਾ ਨੇ ਇਸ ਦਾ ਜਨਤਕ ਤੌਰ ’ਤੇ ਵਿਰੋਧ ਕੀਤਾ ਸੀ। ਉਨ੍ਹਾਂ ਬਿੱਲਾ ’ਤੇ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਹੋਣ ਦੇ ਦੋਸ਼ ਵੀ ਲਗਾਏ ਸਨ। ਹਾਲਾਂਕਿ, ਬਾਅਦ ਵਿੱਚ ਬਿੱਲਾ ਦੀ ਪਤਨੀ ਰਮਨਦੀਪ ਕੌਰ ਸ਼ੇਰੋਂ ਨੂੰ ਖਡੂਰ ਸਾਹਿਬ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ।

13 ਸਤੰਬਰ ਨੂੰ ਖਡੂਰ ਸਾਹਿਬ ਵਿੱਚ ਹੋਈ ਅਕਾਲੀ ਦਲ ਦੀ ਰੈਲੀ ਵਿੱਚ ਵੀ ਬ੍ਰਹਮਪੁਰਾ ਸ਼ਾਮਲ ਨਹੀਂ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਹਾਈਕਮਾਂਡ ’ਤੇ ਤਿੱਖੇ ਸਿਆਸੀ ਤਨਜ਼ ਕੀਤੇ ਸਨ। ਇਸ ਤੋਂ ਦੋ ਦਿਨ ਬਾਅਦ, 15 ਸਤੰਬਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਸੀ।

ਰਵਿੰਦਰ ਸਿੰਘ ਬ੍ਰਹਮਪੁਰਾ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੇ ਪਿਤਾ ਮਰਹੂਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਹਨ। ਉਹ ਤਿੰਨ ਵਾਰ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਇੱਕ ਵਾਰ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਵੀ ਰਹੇ। ਮਾਝਾ ਖੇਤਰ ਵਿੱਚ ਬ੍ਰਹਮਪੁਰਾ ਪਰਿਵਾਰ ਦਾ ਲੰਮੇ ਸਮੇਂ ਤੋਂ ਸਿਆਸੀ ਆਧਾਰ ਰਿਹਾ ਹੈ।

ਰਵਿੰਦਰ ਸਿੰਘ ਬ੍ਰਹਮਪੁਰਾ ਦੇ ‘ਆਪ’ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਪਿਛਲੇ ਕੁਝ ਸਮੇਂ ਤੋਂ ਸਿਆਸੀ ਹਲਕਿਆਂ ਵਿੱਚ ਚੱਲ ਰਹੀਆਂ ਸਨ। ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਬ੍ਰਹਮਪੁਰਾ ਨੇ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਬੇਅਦਬੀ ਦੇ ਮਾਮਲਿਆਂ ਸਬੰਧੀ ਕਾਨੂੰਨ ਵਿੱਚ ਸੋਧ ਕਰਕੇ ਸਰਕਾਰ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ’ਤੇ ਵੀ ਨਿਸ਼ਾਨਾ ਸਾਧਿਆ। ਬ੍ਰਹਮਪੁਰਾ ਨੇ ਦਾਅਵਾ ਕੀਤਾ ਕਿ ਕਈ ਟਕਸਾਲੀ ਆਗੂ ਅਤੇ ਪਰਿਵਾਰ ਹੁਣ ਅਕਾਲੀ ਦਲ ਤੋਂ ਦੂਰ ਹੋ ਚੁੱਕੇ ਹਨ। ਉਨ੍ਹਾਂ ਸੰਤ ਹਰਚੰਦ ਸਿੰਘ ਲੌਂਗੋਵਾਲ, ਜਥੇਦਾਰ ਜਗਦੇਵ ਸਿੰਘ ਤਲਵੰਡੀ, ਪ੍ਰੇਮ ਸਿੰਘ ਲਾਲਪੁਰਾ, ਮੋਹਨ ਸਿੰਘ ਤੁੜ, ਕੈਪਟਨ ਕੰਵਲਜੀਤ ਸਿੰਘ, ਜਥੇਦਾਰ ਰਤਨ ਸਿੰਘ ਅਜਨਾਲਾ ਅਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਸਮੇਤ ਕਈ ਆਗੂਆਂ ਦਾ ਜ਼ਿਕਰ ਕੀਤਾ।

ਬ੍ਰਹਮਪੁਰਾ ਨੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਬਿੱਲਾ ਪਰਿਵਾਰ ਨੂੰ ਖਡੂਰ ਸਾਹਿਬ ਦਾ ਹਲਕਾ ਇੰਚਾਰਜ ਬਣਾਉਣ ਦੇ ਫ਼ੈਸਲੇ ਦੇ ਸਿਆਸੀ ਪ੍ਰਭਾਵ ਪਾਰਟੀ ਨੂੰ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੂੰ ਲੈ ਕੇ ਉਨ੍ਹਾਂ ਵੱਲੋਂ ਪਹਿਲਾਂ ਵੀ ਆਪਣਾ ਵਿਰੋਧ ਦਰਜ ਕਰਵਾਇਆ ਗਿਆ ਸੀ।

Leave a Reply

Your email address will not be published. Required fields are marked *