Wednesday, July 29Punjabi People

ਪੰਜਾਬ ਦੇ ਇਨ੍ਹਾਂ ਖੇਤਰਾਂ ਵਿੱਚ ਕੱਲ੍ਹ ਹੋਵੇਗੀ ਦੁਬਾਰਾ ਵੋਟਿੰਗ

ਚੰਡੀਗੜ੍ਹ, 4 ਜੁਲਾਈ 2026: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੀਆਂ ਚਾਰ ਸਥਾਨਕ ਸਰਕਾਰਾਂ ਨਾਲ ਸਬੰਧਤ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਲਈ 5 ਜੁਲਾਈ ਨੂੰ ਵੋਟਿੰਗ ਹੋਵੇਗੀ।

ਚੋਣ ਕਮਿਸ਼ਨ ਅਨੁਸਾਰ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਈਵੀਐਮ ਰਾਹੀਂ ਕਰਵਾਈ ਜਾਵੇਗੀ, ਜਦਕਿ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ ਵੀ ਉਸੇ ਦਿਨ ਕੀਤਾ ਜਾਵੇਗਾ। ਕਮਿਸ਼ਨ ਨੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਲੋੜੀਂਦੇ ਸਾਰੇ ਪ੍ਰਬੰਧ ਕਰ ਲਏ ਹਨ।

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਵਿਸ਼ੇਸ਼ ਪ੍ਰਬੰਧ

ਹੁਸ਼ਿਆਰਪੁਰ ਨਗਰ ਨਿਗਮ ਦੇ 50 ਵਾਰਡਾਂ ਵਿੱਚ 5 ਜੁਲਾਈ ਨੂੰ 1,33,569 ਵੋਟਰ ਆਪਣੇ ਮਤ ਅਧਿਕਾਰ ਦੀ ਵਰਤੋਂ ਕਰਨਗੇ। ਇਸ ਲਈ 139 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ 12 ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕਰਕੇ ਉੱਥੇ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਹਨ।

ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜ਼ਰਵਰ ਅਤੇ ਐੱਮ.ਡੀ. ਸ਼ੂਗਰਫੈੱਡ ਸੇਨੂ ਦੁੱਗਲ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਅਤੇ ਹੋਰ ਅਧਿਕਾਰੀਆਂ ਨਾਲ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦਾ ਕੈਂਪ ਦਫ਼ਤਰ ਪੀਡਬਲਿਊਡੀ ਰੈਸਟ ਹਾਊਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਬਣਾਇਆ ਗਿਆ ਹੈ।

ਇਸੇ ਤਰ੍ਹਾਂ ਆਈਪੀਐਸ ਅਧਿਕਾਰੀ ਗੁਰਪ੍ਰੀਤ ਸਿੰਘ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਜੋ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ।

ਧਾਰਾ 163 ਤਹਿਤ ਪਾਬੰਦੀਆਂ ਲਾਗੂ

ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਮੁਤਾਬਕ 3 ਜੁਲਾਈ ਸ਼ਾਮ 4 ਵਜੇ ਤੋਂ 5 ਜੁਲਾਈ ਨੂੰ ਵੋਟਿੰਗ ਸਮਾਪਤ ਹੋਣ ਤੱਕ ਚੋਣ ਖੇਤਰਾਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠ, ਜਨਤਕ ਮੀਟਿੰਗਾਂ ਅਤੇ ਸਭਾਵਾਂ ‘ਤੇ ਪਾਬੰਦੀ ਰਹੇਗੀ।

ਹਾਲਾਂਕਿ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਹੋਵੇਗੀ, ਪਰ ਇੱਕ ਸਮੇਂ ਵਿੱਚ ਪ੍ਰਚਾਰ ਕਰਨ ਵਾਲੇ ਵਿਅਕਤੀਆਂ ਦੀ ਗਿਣਤੀ ਚਾਰ ਤੋਂ ਵੱਧ ਨਹੀਂ ਹੋਵੇਗੀ।

Leave a Reply

Your email address will not be published. Required fields are marked *