Wednesday, July 29Punjabi People

ਫੋਟੋਗ੍ਰਾਫੀ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਬਾਗ਼ਬਾਨੀ ਵਿਭਾਗ ਦੀ ਏਆਈਐੱਫ ਯੋਜਨਾ ਨੇ ਨੌਜਵਾਨ ਨੂੰ ਦਿੱਤੀ ਨਵੀਂ ਦਿਸ਼ਾ

ਚੰਡੀਗੜ੍ਹ, 13 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਤੀ ਨਾਲ ਜੁੜੇ ਨਵੇਂ ਕਾਰੋਬਾਰੀ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਬਾਗ਼ਬਾਨੀ ਵਿਭਾਗ, ਜੋ ਕਿ ਸੂਬੇ ਵਿੱਚ ਐਗਰੀਕਲਚਰ ਇੰਫਰਾਸਟਰਕਚਰ ਫੰਡ (ਏਆਈਐੱਫ) ਸਕੀਮ ਨੂੰ ਲਾਗੂ ਕਰਨ ਵਾਲੀ ਨੋਡਲ ਏਜੰਸੀ ਹੈ, ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨੌਜਵਾਨਾਂ ਨੂੰ ਖੇਤੀ-ਅਧਾਰਿਤ ਉਦਮੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਏਆਈਐੱਫ ਸਕੀਮ ਖੇਤੀਬਾੜੀ ਖੇਤਰ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਵਿਕਸਿਤ ਕਰਨ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਹੈ। ਇਸ ਯੋਜਨਾ ਤਹਿਤ ਨੌਜਵਾਨਾਂ, ਕਿਸਾਨਾਂ ਅਤੇ ਖੇਤੀ ਨਾਲ ਜੁੜੇ ਉੱਦਮੀਆਂ ਨੂੰ ਘੱਟ ਵਿਆਜ ਦਰਾਂ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ, ਜਿਸ ਨਾਲ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਜਾਂ ਮੌਜੂਦਾ ਇਕਾਈਆਂ ਨੂੰ ਹੋਰ ਮਜ਼ਬੂਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਨੌਜਵਾਨਾਂ ਨੂੰ ਰਵਾਇਤੀ ਖੇਤੀ ਤੋਂ ਅੱਗੇ ਵਧ ਕੇ ਖੇਤੀ-ਅਧਾਰਿਤ ਉਦਯੋਗ ਸਥਾਪਿਤ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ। ਇਸ ਨਾਲ ਨਾ ਸਿਰਫ਼ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ, ਸਗੋਂ ਪਿੰਡਾਂ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲ ਰਹੀ ਹੈ।

ਸਫਲਤਾ ਦੀ ਇੱਕ ਪ੍ਰੇਰਣਾਦਾਇਕ ਮਿਸਾਲ ਸਾਂਝੀ ਕਰਦਿਆਂ ਮੰਤਰੀ ਨੇ ਦੱਸਿਆ ਕਿ ਐੱਸ.ਏ.ਐੱਸ. ਨਗਰ ਦੇ ਨੌਜਵਾਨ ਸਰਬਜੀਤ ਸਿੰਘ ਨੇ ਏਆਈਐੱਫ ਸਕੀਮ ਦਾ ਲਾਭ ਲੈ ਕੇ ਆਪਣੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਿਆ ਹੈ। ਇਸ ਯੋਜਨਾ ਤਹਿਤ ਉਨ੍ਹਾਂ ਨੂੰ ਕੇਵਲ 6 ਫੀਸਦੀ ਵਿਆਜ ਦਰ ’ਤੇ ਕਰਜ਼ਾ ਪ੍ਰਾਪਤ ਹੋਇਆ, ਜਿਸ ਨਾਲ ਉਨ੍ਹਾਂ ਲਈ ਘੱਟ ਵਿੱਤੀ ਬੋਝ ਨਾਲ ਆਪਣਾ ਕਾਰੋਬਾਰ ਸ਼ੁਰੂ ਕਰਨਾ ਸੰਭਵ ਹੋ ਸਕਿਆ।

ਅੱਜ ਸਰਬਜੀਤ ਸਿੰਘ ਆਪਣੀ ਯੂਨਿਟ ਰਾਹੀਂ ਉੱਚ ਗੁਣਵੱਤਾ ਵਾਲਾ ਆਟਾ ਅਤੇ ਮਸਾਲੇ ਤਿਆਰ ਕਰ ਰਹੇ ਹਨ। ਉਨ੍ਹਾਂ ਦਾ ਇਹ ਉੱਦਮ ਨਾ ਸਿਰਫ਼ ਉਨ੍ਹਾਂ ਨੂੰ ਚੰਗੀ ਆਮਦਨ ਪ੍ਰਦਾਨ ਕਰ ਰਿਹਾ ਹੈ, ਬਲਕਿ ਸਥਾਨਕ ਪੱਧਰ ’ਤੇ ਹੋਰ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰ ਰਿਹਾ ਹੈ।

ਆਪਣੇ ਤਜਰਬੇ ਬਾਰੇ ਗੱਲ ਕਰਦਿਆਂ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਫੋਟੋਗ੍ਰਾਫੀ ਦੇ ਖੇਤਰ ਨਾਲ ਜੁੜੇ ਹੋਏ ਸਨ, ਪਰ ਏਆਈਐੱਫ ਸਕੀਮ ਦੀ ਮਦਦ ਨਾਲ ਉਨ੍ਹਾਂ ਨੂੰ ਖੇਤੀ-ਉਦਮੀ ਬਣਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ਕਾਰੋਬਾਰ ਸਥਾਪਿਤ ਕਰਕੇ ਆਤਮਨਿਰਭਰ ਬਣਨ ਵਿੱਚ ਮਦਦ ਕੀਤੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਿਲੀ ਵਿੱਤੀ ਸਹਾਇਤਾ ਅਤੇ ਮਾਰਗਦਰਸ਼ਨ ਨੇ ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਐਗਰੀਕਲਚਰ ਇੰਫਰਾਸਟਰਕਚਰ ਫੰਡ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਖੇਤੀ ਨਾਲ ਜੁੜੇ ਨਵੇਂ ਕਾਰੋਬਾਰੀ ਮੌਕਿਆਂ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਨੌਜਵਾਨਾਂ ਨੂੰ ਰੁਜ਼ਗਾਰ ਲੱਭਣ ਵਾਲਿਆਂ ਤੋਂ ਰੁਜ਼ਗਾਰ ਪੈਦਾ ਕਰਨ ਵਾਲੇ ਉਦਮੀਆਂ ਵਿੱਚ ਬਦਲਣ ਦੀ ਸਮਰੱਥਾ ਰੱਖਦੀ ਹੈ ਅਤੇ ਪੰਜਾਬ ਦੀ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ।

Leave a Reply

Your email address will not be published. Required fields are marked *