
ਚੰਡੀਗੜ੍ਹ/ਗੁਰਦਾਸਪੁਰ, 7 ਜੂਨ 2026: ਪੰਜਾਬ ਸਰਕਾਰ ਨੇ ਰਾਜ ਵਿੱਚ ਉੱਚ ਸਿੱਖਿਆ ਨੂੰ ਹੋਰ ਆਧੁਨਿਕ, ਰੁਜ਼ਗਾਰ-ਮੁਖੀ ਅਤੇ ਵਿਦਿਆਰਥੀ ਕੇਂਦਰਿਤ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਗੁਰਦਾਸਪੁਰ ਸਥਿਤ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ-ਅਧਾਰਿਤ ਅਤੇ ਹੁਨਰ ਵਿਕਾਸ ਨਾਲ ਜੁੜੇ ਕੋਰਸ ਸ਼ੁਰੂ ਕੀਤੇ ਜਾਣਗੇ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਨਵੇਂ ਕੋਰਸਾਂ ਵਿੱਚ ਬੀ.ਟੈਕ ਇਨ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਐਂਡ ਮਸ਼ੀਨ ਲਰਨਿੰਗ, ਬੀ.ਟੈਕ ਇਨ ਰੋਬੋਟਿਕਸ ਐਂਡ ਏਆਈ, ਬੀ.ਫਾਰਮੇਸੀ, ਬੀ.ਐਸਸੀ ਖੇਤੀਬਾੜੀ ਅਤੇ ਐਮਸੀਏ, ਐਮਬੀਏ ਅਤੇ ਐਮ.ਐਸਸੀ (ਭੌਤਿਕ ਵਿਗਿਆਨ ਅਤੇ ਅਪਲਾਈਡ ਗਣਿਤ) ਦੇ ਪੰਜ ਸਾਲਾ ਏਕੀਕ੍ਰਿਤ ਪ੍ਰੋਗਰਾਮ ਸ਼ਾਮਲ ਹਨ। ਇਹ ਕੋਰਸ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਤਕਨੀਕੀ ਅਤੇ ਪੇਸ਼ੇਵਰ ਲੋੜਾਂ ਮੁਤਾਬਕ ਤਿਆਰ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦਾ ਉਦੇਸ਼ ਸਿੱਖਿਆ ਨੂੰ ਸਿਰਫ਼ ਡਿਗਰੀਆਂ ਤੱਕ ਸੀਮਿਤ ਰੱਖਣ ਦੀ ਬਜਾਏ ਇਸ ਨੂੰ ਰੁਜ਼ਗਾਰ, ਨਵੀਨਤਾ ਅਤੇ ਉਦਯੋਗ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਸਿਧਾਂਤਕ ਅਤੇ ਪ੍ਰੀਖਿਆ-ਕੇਂਦਰਿਤ ਸਿੱਖਿਆ ਦਾ ਦੌਰ ਹੁਣ ਬਦਲ ਰਿਹਾ ਹੈ ਅਤੇ ਸਮੇਂ ਦੀ ਲੋੜ ਅਨੁਸਾਰ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ, ਤਕਨੀਕੀ ਹੁਨਰ ਅਤੇ ਅਸਲ ਜ਼ਿੰਦਗੀ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੀ ਸਮਰੱਥਾ ਦੇਣੀ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਨਵੇਂ ਕੋਰਸਾਂ ਦੇ ਪਾਠਕ੍ਰਮ ਨੂੰ ਇਸ ਤਰ੍ਹਾਂ ਤਿਆਰ ਕੀਤਾ ਜਾਵੇਗਾ ਕਿ ਵਿਦਿਆਰਥੀਆਂ ਨੂੰ ਕਲਾਸਰੂਮ ਸਿੱਖਿਆ ਦੇ ਨਾਲ-ਨਾਲ ਪ੍ਰਯੋਗਸ਼ਾਲਾ ਅਧਾਰਿਤ ਸਿਖਲਾਈ, ਲਾਈਵ ਪ੍ਰੋਜੈਕਟਾਂ ਅਤੇ ਉਦਯੋਗਿਕ ਤਜਰਬੇ ਦਾ ਵੀ ਪੂਰਾ ਮੌਕਾ ਮਿਲੇ। ਹਰ ਵਿਦਿਆਰਥੀ ਲਈ ਇੱਕ ਸਮੈਸਟਰ ਦੀ ਲਾਜ਼ਮੀ ਇੰਟਰਨਸ਼ਿਪ ਵੀ ਲਾਗੂ ਕੀਤੀ ਜਾਵੇਗੀ, ਤਾਂ ਜੋ ਡਿਗਰੀ ਪੂਰੀ ਕਰਨ ਤੱਕ ਉਹ ਨੌਕਰੀ ਅਤੇ ਉਦਯੋਗ ਲਈ ਪੂਰੀ ਤਰ੍ਹਾਂ ਤਿਆਰ ਹੋ ਸਕੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਹੁਣ ਸਿਰਫ਼ ਡਿਗਰੀ ਪ੍ਰਦਾਨ ਕਰਨ ਵਾਲੀ ਸੰਸਥਾ ਨਹੀਂ, ਸਗੋਂ ਨਵੀਨਤਾ, ਖੋਜ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਵਾਲੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਅਜਿਹਾ ਮਾਹੌਲ ਤਿਆਰ ਕੀਤਾ ਜਾਵੇਗਾ, ਜਿੱਥੇ ਵਿਦਿਆਰਥੀ ਨਵੇਂ ਵਿਚਾਰਾਂ ਨੂੰ ਹਕੀਕਤ ਦਾ ਰੂਪ ਦੇ ਸਕਣ ਅਤੇ ਆਪਣਾ ਸਟਾਰਟਅੱਪ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਪ੍ਰੇਰਿਤ ਹੋਣ।
ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪਹਿਲ ਦਾ ਇੱਕ ਮੁੱਖ ਮਕਸਦ ਪੰਜਾਬ ਤੋਂ ਪ੍ਰਤਿਭਾਸ਼ਾਲੀ ਨੌਜਵਾਨਾਂ ਦੇ ਬਾਹਰਲੇ ਰਾਜਾਂ ਅਤੇ ਵਿਦੇਸ਼ਾਂ ਵੱਲ ਹੋ ਰਹੇ ਰੁਝਾਨ ਨੂੰ ਘਟਾਉਣਾ ਵੀ ਹੈ। ਹੁਣ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਗੁਣਵੱਤਾ ਵਾਲੀ ਤਕਨੀਕੀ, ਫਾਰਮਾਸਿਊਟੀਕਲ ਜਾਂ ਪੇਸ਼ੇਵਰ ਸਿੱਖਿਆ ਲਈ ਪੰਜਾਬ ਤੋਂ ਬਾਹਰ ਭੇਜਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਰਾਜ ਦੀਆਂ ਯੂਨੀਵਰਸਿਟੀਆਂ ਵਿੱਚ ਹੀ ਵਿਸ਼ਵ ਪੱਧਰੀ ਸਿੱਖਿਆ ਅਤੇ ਆਧੁਨਿਕ ਕੋਰਸ ਉਪਲਬਧ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਰਾਜ ਦੇ ਨੌਜਵਾਨਾਂ ਨੂੰ ਅਜਿਹੀ ਸਿੱਖਿਆ ਪ੍ਰਦਾਨ ਕਰਨਾ ਹੈ ਜੋ ਨਾ ਸਿਰਫ਼ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ, ਸਗੋਂ ਉਨ੍ਹਾਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਲਈ ਵੀ ਸਮਰੱਥ ਬਣਾਏ। ਇਹ ਪਹਿਲ ਪੰਜਾਬ ਵਿੱਚ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਮੰਨੀ ਜਾ ਰਹੀ ਹੈ।
