Saturday, September 12Punjabi People

ਫਗਵਾੜਾ ‘ਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ‘ਚ ਗੂੰਜੇ ‘ਹਰ ਹਰ ਮਹਾਦੇਵ’ ਦੇ ਜੈਕਾਰੇ, ਕੇਜਰੀਵਾਲ ਤੇ CM ਮਾਨ ਨੇ ਸ਼ਰਧਾਲੂਆਂ ਨਾਲ ਕੀਤੀ ਸ਼ਿਰਕਤ

ਫਗਵਾੜਾ, 14 ਅਗਸਤ 2026: ਫਗਵਾੜਾ ਵਿੱਚ ਸ਼ੁੱਕਰਵਾਰ ਦੀ ਸ਼ਾਮ ਭਗਤੀ ਅਤੇ ਅਧਿਆਤਮਿਕਤਾ ਦੇ ਰੰਗ ਵਿੱਚ ਰੰਗੀ ਨਜ਼ਰ ਆਈ, ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਨੇ ਭਗਵਾਨ ਸ਼ਿਵ ਦੀ ਭਗਤੀ ਵਿੱਚ ਹਾਜ਼ਰੀ ਭਰੀ ਅਤੇ ਪੂਰਾ ਪੰਡਾਲ ‘ਹਰ ਹਰ ਮਹਾਦੇਵ’ ਅਤੇ ‘ਬਮ ਬਮ ਭੋਲੇ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਧਾਰਮਿਕ ਅਤੇ ਤੀਰਥ ਯਾਤਰਾ ਨਾਲ ਸਬੰਧਤ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾਵਾਂ ਕਰਵਾਉਣ ਦਾ ਉਪਰਾਲਾ ਉਨ੍ਹਾਂ ਲਈ ਸੇਵਾ ਅਤੇ ਸਤਿਕਾਰ ਦੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਪੰਜਾਬ ਦੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣਾ ਆਸ਼ੀਰਵਾਦ ਦਿੰਦੇ ਰਹਿਣ।

ਤੀਰਥ ਯਾਤਰਾ ਯੋਜਨਾ ਦਾ ਕੀਤਾ ਵਿਸਥਾਰ

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕਰਦਿਆਂ ਸਾਲਾਸਰ ਜੀ-ਸ਼੍ਰੀ ਖਾਟੂ ਸ਼ਿਆਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਧਾਮ ਲਈ ਨਵੇਂ ਤੀਰਥ ਯਾਤਰਾ ਰੂਟ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯਾਤਰਾਵਾਂ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਵੇਟਿੰਗ ਲਿਸਟ ਵੀ ਲੰਬੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲਗਭਗ 1.5 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ।

ਕਾਲੀ ਮਾਤਾ ਮੰਦਰ ਦੇ ਪੁਨਰਵਿਕਾਸ ਦਾ ਐਲਾਨ

ਪਟਿਆਲਾ ਸਥਿਤ ਕਾਲੀ ਮਾਤਾ ਮੰਦਰ ਦੇ ਪੁਨਰਵਿਕਾਸ ਦਾ ਜ਼ਿਕਰ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਮੰਦਰ ਦਾ ਲਗਭਗ 80 ਕਰੋੜ ਰੁਪਏ ਦੀ ਲਾਗਤ ਨਾਲ ਪੁਨਰਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਇਸ ਪ੍ਰੋਜੈਕਟ ਦਾ ਕੰਮ ਅਕਤੂਬਰ ਮਹੀਨੇ ਵਿੱਚ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੰਦਰ ਨੂੰ ਸ਼ਰਧਾਲੂਆਂ ਲਈ ਹੋਰ ਸੁਵਿਧਾਜਨਕ ਅਤੇ ਆਕਰਸ਼ਕ ਬਣਾਉਣ ਲਈ ਵਿਆਪਕ ਪੱਧਰ ‘ਤੇ ਵਿਕਾਸ ਕਾਰਜ ਕੀਤੇ ਜਾਣਗੇ।

ਉਨ੍ਹਾਂ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ 23 ਸ਼ਹਿਰਾਂ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਭਜਨ ਸੰਧਿਆਵਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਨਾਤਨ ਧਰਮ ਨਾਲ ਸਬੰਧਤ ਧਾਰਮਿਕ ਸਥਾਨਾਂ ਅਤੇ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਦੀ ਏਕਤਾ ਅਤੇ ਭਾਈਚਾਰਕ ਸਾਂਝ ‘ਤੇ CM ਮਾਨ ਦਾ ਜ਼ੋਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਸ਼ਰਧਾਲੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਇਹ ਭਰਵੀਂ ਹਾਜ਼ਰੀ ਸਰਕਾਰ ਨੂੰ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਹੈ।

ਪੰਜਾਬ ਦੀ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਏਕਤਾ ਅਤੇ ਸਦਭਾਵਨਾ ਦੀ ਮਿਸਾਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕ ਵੱਖ-ਵੱਖ ਧਰਮਾਂ ਦੇ ਤਿਉਹਾਰ ਮਿਲਜੁਲ ਕੇ ਮਨਾਉਂਦੇ ਹਨ ਅਤੇ ਵੰਡਪਾਊ ਤਾਕਤਾਂ ਨੂੰ ਇੱਥੇ ਕਦੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਵੇਂ ਸਮਾਗਮ ਭਗਵਾਨ ਸ਼ਿਵ ਨੂੰ ਸਮਰਪਿਤ ਹੈ, ਪਰ ਇਸ ਵਿੱਚ ਸਾਰੇ ਧਰਮਾਂ ਅਤੇ ਭਾਈਚਾਰਿਆਂ ਦੇ ਲੋਕਾਂ ਦੀ ਸ਼ਮੂਲੀਅਤ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਦੀ ਮਜ਼ਬੂਤ ਭਾਵਨਾ ਨੂੰ ਦਰਸਾਉਂਦੀ ਹੈ।

19 ਟੋਲ ਪਲਾਜ਼ੇ ਬੰਦ ਕਰਨ ਦਾ ਦਾਅਵਾ

ਮੁੱਖ ਮੰਤਰੀ ਨੇ ਸਰਕਾਰ ਦੀਆਂ ਲੋਕ-ਭਲਾਈ ਦੀਆਂ ਪਹਿਲਕਦਮੀਆਂ ਗਿਣਾਉਂਦਿਆਂ ਕਿਹਾ ਕਿ ਪੰਜਾਬ ਵਿੱਚ 19 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ 69,000 ਤੋਂ ਵੱਧ ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਲਗਭਗ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਉਣ ਲਈ ਵੀ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਲਗਭਗ 44,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਵੀ ਕੀਤਾ ਜ਼ਿਕਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਿਲਾਵਾਂ ਲਈ ਸ਼ੁਰੂ ਕੀਤੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 1 ਜੁਲਾਈ ਤੋਂ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਟਰਾਂਸਫਰ ਕੀਤੀ ਜਾ ਰਹੀ ਹੈ।

ਉਨ੍ਹਾਂ ਅਨੁਸਾਰ ਆਮ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਯੋਗ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੇਣ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਲਈ ਸਰਕਾਰ ਵੱਲੋਂ ਬਜਟ ਵਿੱਚ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਇਸ ਦਾ ਲਾਭ ਲੈ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀ ਭਲਾਈ, ਸੂਬੇ ਦੇ ਵਿਕਾਸ ਅਤੇ ਹਰ ਵਰਗ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਲੋਕ-ਭਲਾਈ ਦੇ ਕੰਮਾਂ ਨੂੰ ਅੱਗੇ ਵੀ ਪੂਰੀ ਵਚਨਬੱਧਤਾ ਨਾਲ ਜਾਰੀ ਰੱਖੇਗੀ।

Leave a Reply

Your email address will not be published. Required fields are marked *