
ਚੰਡੀਗੜ੍ਹ, 2 ਨਵੰਬਰ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੂਬੇ ਵਿੱਚ ਚੱਲ ਰਹੇ ਸੜਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਭਵਨ ਵਿਖੇ ਹੋਈ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਸੁਚਾਰੂ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਬੈਠਕ ਦੌਰਾਨ ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਅਧੀਨ ਆਉਂਦੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਦੇ ਚੱਲ ਰਹੇ ਨਿਰਮਾਣ ਅਤੇ ਮੁਰੰਮਤ ਕਾਰਜਾਂ ਦੀ ਹਲਕਾ-ਵਾਰ ਅਤੇ ਡਿਵੀਜ਼ਨ-ਵਾਰ ਸਮੀਖਿਆ ਕੀਤੀ। ਉਨ੍ਹਾਂ ਵੱਖ-ਵੱਖ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਅਤੇ ਕੰਮ ਦੀ ਰਫ਼ਤਾਰ ਬਾਰੇ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ SASCI, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (PMGSY) ਅਤੇ ਨਾਬਾਰਡ (NABARD) ਸਮੇਤ ਵੱਖ-ਵੱਖ ਯੋਜਨਾਵਾਂ ਅਧੀਨ ਚੱਲ ਰਹੇ ਲਿੰਕ ਸੜਕਾਂ ਦੇ ਪ੍ਰੋਜੈਕਟਾਂ ਨੂੰ ਤੈਅ ਕੀਤੇ ਟੀਚਿਆਂ ਅਨੁਸਾਰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਦੀਆਂ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਨੇਪਰੇ ਚਾੜ੍ਹਿਆ ਜਾ ਸਕੇ।
ਸੜਕ ਸੁਰੱਖਿਆ ਨੂੰ ਤਰਜੀਹ ਦਿੰਦਿਆਂ ਕੈਬਨਿਟ ਮੰਤਰੀ ਨੇ ਧੁੰਦ ਦੇ ਮੌਸਮ ਦੌਰਾਨ ਸੜਕ ਹਾਦਸਿਆਂ ਨੂੰ ਰੋਕਣ ਲਈ ਵਿਸ਼ੇਸ਼ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੜਕਾਂ ’ਤੇ ਅਜੇ ਤੱਕ ਲੇਨ ਮਾਰਕਿੰਗ ਦਾ ਕੰਮ ਪੂਰਾ ਨਹੀਂ ਹੋਇਆ, ਉੱਥੇ ਇਸ ਨੂੰ ਜਲਦੀ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਵਾਹਨ ਚਾਲਕਾਂ ਦੀ ਸੁਰੱਖਿਆ ਲਈ ਲੋੜੀਂਦੇ ਸੜਕ ਸੁਰੱਖਿਆ ਉਪਕਰਨ ਵੀ ਲਗਾਏ ਜਾਣ, ਤਾਂ ਜੋ ਧੁੰਦ ਦੌਰਾਨ ਆਵਾਜਾਈ ਨੂੰ ਸੁਰੱਖਿਅਤ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਗਭਗ 45,000 ਕਿਲੋਮੀਟਰ ਸੜਕਾਂ ਦੀ ਉਸਾਰੀ, ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ।
